ਡੀਸੀ ਵੱਲੋਂ ਸਬ-ਤਹਿਸੀਲ ਜੋਗਾ ਦਾ ਅਚਨਚੇਤ ਦੌਰਾ
ਮਾਨਸਾ ਦੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਸਬ-ਤਹਿਸੀਲ ਜੋਗਾ ਦਾ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਖੱਜਲ ਖੁਆਰੀ ਤੋਂ ਨਿਜਾਤ ਮਿਲੀ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ‘ਈਜ਼ੀ ਰਜਿਸਟਰੀ’ ਪ੍ਰਣਾਲੀ ਰਾਹੀਂ ਸੇਵਾਵਾਂ ਲੋਕਾਂ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸੁਚਾਰੂ, ਨਿਰਵਿਘਨ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਉਦੇਸ਼ ਲੋਕਾਂ ਨੂੰ ਬੇਲੋੜੀਆਂ ਪ੍ਰੇਸ਼ਾਨੀਆਂ ਤੋਂ ਮੁਕਤ ਕਰਨਾ ਹੈ। ਉਨ੍ਹਾਂ ਕਿਹਾ ਕਿ ਈਜ਼ੀ ਰਜਿਸਟਰੀ ਨਾਲ ਜਿੱਥੇ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆ ਰਹੀ, ਉਥੇ ਹੀ ਉਨ੍ਹਾਂ ਦੇ ਸਮੇਂ ਦੀ ਵੀ ਬਹੁਤ ਬੱਚਤ ਹੋ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਈਜ਼ੀ ਰਜਿਸਟਰੀ ਪ੍ਰਣਾਲੀ ਦਾ ਲਾਭ ਉਠਾਉਣ।