ਡੀ ਸੀ ਦਫ਼ਤਰ ਦੇ ਕਾਮਿਆਂ ਵੱਲੋਂ ਦਫ਼ਤਰੀ ਕੰਮ ਠੱਪ
ਪੰਜਾਬ ਰਾਜ ਜ਼ਿਲ੍ਹਾ ਡੀ ਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਤਜਿੰਦਰ ਸਿੰਘ ਨੰਗਲ ਨੂੰ ਬੀਤੇ ਦਿਨੀ ਅੰਮ੍ਰਿਤਸਰ ਪੁਲੀਸ ਵੱਲੋਂ ਕਥਿਤ ਤੌਰ ’ਤੇ ਗੈਰ ਮਨੁੱਖੀ ਢੰਗ ਨਾਲ ਗ੍ਰਿਫ਼ਤਾਰ ਕਰਕੇ ਜ਼ਲੀਲ ਕਰਨ ਅਤੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਕਰਨ ਦੇ ਰੋਸ ਵਿੱਚ...
ਪੰਜਾਬ ਰਾਜ ਜ਼ਿਲ੍ਹਾ ਡੀ ਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਤਜਿੰਦਰ ਸਿੰਘ ਨੰਗਲ ਨੂੰ ਬੀਤੇ ਦਿਨੀ ਅੰਮ੍ਰਿਤਸਰ ਪੁਲੀਸ ਵੱਲੋਂ ਕਥਿਤ ਤੌਰ ’ਤੇ ਗੈਰ ਮਨੁੱਖੀ ਢੰਗ ਨਾਲ ਗ੍ਰਿਫ਼ਤਾਰ ਕਰਕੇ ਜ਼ਲੀਲ ਕਰਨ ਅਤੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਕਰਨ ਦੇ ਰੋਸ ਵਿੱਚ ਅੱਜ ਡੀ ਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਪੂਰਾ ਦਿਨ ਦਫ਼ਤਰੀ ਕੰਮ-ਕਾਜ ਠੱਪ ਰੱਖਿਆ ਗਿਆ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਅਤੇ ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ ਆਪਣੇ ਹੱਕਾਂ ਦੀ ਰਾਖੀ ਲਈ ਆਵਾਜ਼ ਉਠਾਉਣ ਵਾਲੇ ਆਗੂਆਂ ਨੂੰ ਸਰਕਾਰ ਵੱਲੋਂ ਡਰਾਉਣ ਧਮਕਾਉਣ ਦੇ ਮਨਸ਼ੇ ਨਾਲ ਗੈਰ ਮਨੁੱਖੀ ਤਰੀਕੇ ਨਾਲ ਗ੍ਰਿਫ਼ਤਾਰ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜਥੇਬੰਦੀ ਦੇ ਫੈਸਲੇ ਅਨੁਸਾਰ 17 ਮਾਰਚ ਨੂੰ ਅੰਮ੍ਰਿਤਸਰ ਵਿੱਚ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜਥੇਬੰਦੀ ਦੇ ਸੀਨੀਅਰ ਆਗੂਆਂ ਵੱਲੋਂ ਡੀ ਸੀ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।
ਤਪਾ ਮੰਡੀ (ਸੀ ਮਾਰਕੰਡਾ): ਡੀ ਸੀ ਦਫਤਰ ਕਰਮਚਾਰੀ ਯੂਨੀਅਨ ਬਰਨਾਲਾ ਦੇ ਸੱਦੇ ’ਤੇ ਤਹਿਸੀਲ ਕੰਪਲੈਕਸ ਤਪਾ ਵਿੱਚ ਅੱਜ ਸਮੂਹ ਕਰਮਚਾਰੀਆਂ ਨੇ ਧਰਨੇ ਹੇਠ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਕਲਮ ਛੱਡ ਹੜਤਾਲ ਕਰਕੇ ਰੋਸ ਧਰਨਾ ਦਿੱਤਾ ਗਿਆ। ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਯੂਨੀਅਨ ਦੇ ਸੂਬਾ ਪ੍ਰਧਾਨ ਵਾਲੀ ਘਟਨਾ ਵਿੱਚ ਸਬੰਧਤ ਐੱਸ ਐੱਚ ਓ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਮੌਕੇ ਡੀ ਸੀ ਦਫਤਰ ਕਰਮਚਾਰੀ ਯੂਨੀਅਨ ਦੇ ਸਬ ਡਿਵੀਜ਼ਨ ਤਪਾ ਦੇ ਪ੍ਰਧਾਨ ਅਵਤਾਰ ਸਿੰਘ ਬਾਹੀਆ, ਜਨਰਲ ਸਕੱਤਰ ਨਨਪਾਲ, ਕਮਲਜੀਤ ਕੌਰ, ਭਗਵਾਨ ਦਾਸ, ਸਿਮਰਤ ਸਿੰਘ, ਗੁਰਲਾਲ ਸਿੰਘ, ਸੁਖਜਿੰਦਰ ਸਿੰਘ, ਸੁਖਜਿੰਦਰ ਸਿੰਘ ਰੀਡਰ ਹਾਜ਼ਰ ਸਨ।

