ਮਾਨਸਾ ਤੇ ਬਰਨਾਲਾ ਦੇ ਡੀਸੀ ਵੱਲੋਂ ਸਬ-ਤਹਿਸੀਲ ਦਾ ਦੌਰਾ
ਜੋਗਿੰਦਰ ਸਿੰਘ ਮਾਨ
ਮਾਨਸਾ, 24 ਫਰਵਰੀ
ਮਾਨਸਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਇਥੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐਸਡੀਐਮ ਨਿਤੇਸ਼ ਕੁਮਾਰ ਜੈਨ ਵੀ ਮੌਜੂਦ ਸਨ। ਨਿਰੀਖਣ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਆਏ ਵਿਅਕਤੀਆਂ ਨਾਲ ਗੱਲਬਾਤ ਕੀਤੀ ਅਤੇ ਸਬ-ਰਜਿਸਟਰਾਰ ਦਫ਼ਤਰ ਅਤੇ ਇਸ ਦੇ ਕਰਮਚਾਰੀਆਂ ਬਾਰੇ ਉਨ੍ਹਾਂ ਤੋਂ ਫੀਡਬੈਕ ਲਈ ਅਤੇ ਰਜਿਸਟਰਾਰ ਦਫ਼ਤਰ ਸਬੰਧੀ ਉਨ੍ਹਾਂ ਦੇ ਤਜ਼ਰਬਿਆਂ ਬਾਰੇ ਵੇਰਵੇ ਇਕੱਤਰ ਕੀਤੇ ਅਤੇ ਸੁਧਾਰਾਂ ਬਾਰੇ ਸੁਝਾਅ ਲਏ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੱਲਬਾਤ ਦੌਰਾਨ ਸਬ ਰਜਿਸਟਰਾਰ ਦਫ਼ਤਰ ਵਿਖੇ ਕੰਮ ਕਰਵਾਉਣ ਆਏ ਲੋਕਾਂ ਨੇ ਤਸੱਲੀ ਪ੍ਰਗਟ ਕੀਤੀ ਹੈ ਕਿ ਦਫ਼ਤਰ ਵਿਖੇ ਰਜਿਸਟਰੀ ਦੇ ਕੰਮਾਂ ਵਿਚ ਉਨ੍ਹਾਂ ਨੂੰ ਕੋਈ ਦਿੱਕਤ ਪੇਸ਼ ਨਹੀਂ ਆ ਰਹੀ ਅਤੇ ਬਿਨ੍ਹਾਂ ਕਿਸੇ ਦੇਰੀ ਅਤੇ ਭਿ੍ਰਸ਼ਟਾਚਾਰ ਦੇ ਰਜਿਸਟਰੀਆਂ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ। ਉਨ੍ਹਾਂ ਸਾਰੀਆਂ ਰਜਿਸਟਰੀਆਂ ਦੀ ਤੁਰੰਤ ਪ੍ਰਕਿਰਿਆ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਸਟਾਫ ਨੂੰ ਰਜਿਸਟਰੀਆਂ ਦਾ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ।ਉਨ੍ਹਾਂ ਰਜਿਸਟਰਾਰ ਦਫ਼ਤਰ ਦੇ ਸਟਾਫ ਨੂੰ ਕਿਹਾ ਕਿ ਉਹ ਕੰਮ ਲਈ ਆਉਣ ਵਾਲੇ ਵਿਅਕਤੀਆਂ ਨੂੰ ਬਿਨ੍ਹਾਂ ਕਿਸੇ ਅਸੁਵਿਧਾ ਦੇ ਉਨ੍ਹਾਂ ਦੇ ਕੰਮਾਂ ਨੂੰ ਪੂਰਾ ਕਰਨ ਵਿੱਚ ਸਹਾਇਤਾ ਕਰਨ ਤਾਂ ਜੋ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿਚ ਕਿਸੇ ਪ੍ਰਕਾਰ ਦੀ ਦਿੱਕਤ ਪੇਸ਼ ਨਾ ਆਵੇ।
ਬਰਨਾਲਾ (ਰਵਿੰਦਰ ਰਵੀ): ਪੰਜਾਬ ਸਰਕਾਰ ਦੀ ਰਜਿਸਟਰੀਆਂ ਦੇ ਕੰਮ ਅਤੇ ਜ਼ਮੀਨੀ ਪੱਧਰ ’ਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲੈਣ ਅਤੇ ਲੋਕਾਂ ਨੂੰ ਖੱਜਲ - ਖੁਆਰੀ ਤੋਂ ਬਚਾਉਣ ਲਈ ਵਿੱਢੀ ਮੁਹਿੰਮ ਤਹਿਤ ਅੱਜ ਵਧੀਕ ਮੁੱਖ ਸਕੱਤਰ (ਮਾਲ) ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਉਪ ਮੰਡਲ ਮੈਜਿਸਟਰੇਟਾਂ ਵਲੋਂ ਵੱਖ ਵੱਖ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਵਲੋਂ ਅੱਜ ਬਰਨਾਲਾ ਤਹਿਸੀਲ ਕੰਪਲੈਕਸ ਵਿੱਚ ਸਥਿਤ ਸਬ ਰਜਿਸਟਰਾਰ ਦਫ਼ਤਰ ਵਿੱਚ ਚੈਕਿੰਗ ਕੀਤੀ ਗਈ।
ਇਸ ਮੌਕੇ ਉਨ੍ਹਾਂ ਜਿੱਥੇ ਰਜਿਸਟਰੀਆਂ ਦੇ ਕੰਮ ਦਾ ਜਾਇਜ਼ਾ ਲਿਆ, ਉੱਥੇ ਕੰਮ ਕਰਾਉਣ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ। ਇਸੇ ਤਰ੍ਹਾਂ ਐੱਸਡੀਐੱਮ ਗੁਰਬੀਰ ਸਿੰਘ ਕੋਹਲੀ ਨੇ ਸਬ ਤਹਿਸੀਲ ਧਨੌਲਾ, ਐੱਸਡੀਐੱਮ ਤਪਾ ਰਿਸ਼ਬ ਬਾਂਸਲ ਨੇ ਤਹਿਸੀਲ ਤਪਾ, ਐੱਸਡੀਐੱਮ ਮਹਿਲ ਕਲਾਂ ਹਰਕੰਵਲਜੀਤ ਸਿੰਘ ਨੇ ਤਹਿਸੀਲ ਮਹਿਲ ਕਲਾਂ ਵਿੱਚ ਅਚਨਚੇਤ ਨਿਰੀਖਣ ਕੀਤਾ।
ਐੱਸਡੀਐੱਮ ਵੱਲੋਂ ਮਹਿਲ ਕਲਾਂ ਤਹਿਸੀਲ ਦੀ ਚੈਕਿੰਗ
ਮਹਿਲ ਕਲਾਂ (ਲਖਵੀਰ ਸਿੰਘ ਚੀਮਾ): ਸੂਬਾ ਸਰਕਾਰ ਵੱਲੋਂ ਲੋਕਾਂ ਦੀ ਦਫ਼ਤਰਾਂ ਵਿੱਚ ਹੁੰਦੀ ਖੱਜਲ-ਖੁਆਰੀ ਦੇ ਮੱਦੇਨਜ਼ਰ ਅਫ਼ਸਰਸ਼ਾਹੀ ਨੂੰ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ, ਜਿਸ ਦੇ ਨਤੀਜੇ ਜ਼ਮੀਨੀ ਪੱਧਰ ’ਤੇ ਦੇਖਣ ਨੂੰ ਮਿਲ ਰਹੇ ਹਨ। ਅੱਜ ਸਬ-ਡਿਵੀਜ਼ਨ ਮਹਿਲ ਕਲਾਂ ਦੇ ਐੱਸਡੀਐੱਮ ਹਰਕੰਵਲਜੀਤ ਸਿੰਘ ਵਲੋਂ ਅਚਨਚੇਤ ਮਹਿਲ ਕਲਾਂ ਤਹਿਸੀਲ ਕੰਪਲੈਕਸ ਵਿੱਚ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਤਹਸੀਲਾਂ ਅੰਦਰ ਰਜਿਸਟਰੀਆਂ ਦੇ ਕੰਮ ਅਤੇ ਜ਼ਮੀਨੀ ਪੱਧਰ ’ਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲੈਣ ਅਤੇ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਵਿੱਢੀ ਮੁਹਿੰਮ ਤਹਿਤ ਉਨ੍ਹਾਂ ਤਹਿਸੀਲ ਵਿੱਚ ਚੈਕਿੰਗ ਕੀਤੀ ਗਈ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆ ਸੁਣੀਆਂ ਹਨ ਅਤੇ ਅਧਿਕਾਰੀਆਂ ਨੂੰ ਸਭ ਦੇ ਹੱਲ ਕਰਨ ਲਈ ਕਿਹਾ ਗਿਆ ਹੈ।
ਜ਼ਿਲ੍ਹਾ ਸੈਸ਼ਨ ਜੱਜ ਵੱਲੋਂ ਤਪਾ ਮੰਡੀ ਦਾ ਦੌਰਾ
ਤਪਾ ਮੰਡੀ (ਸੀ ਮਾਰਕੰਡਾ): ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੇ ਚੇਅਰਮੈਨ ਅਤੇ ਜ਼ਿਲ੍ਹਾ ਸੈਸ਼ਨ ਜੱਜ ਬੀਬੀਐੱਸ ਤੇਜੀ ਅਤੇ ਮਨੀਸ਼ ਗਰਗ ਸੀਜੇਐੱਮ ਬਰਨਾਲਾ ਨੇ ਪੁਰਾਣੀ ਤਹਿਸੀਲ ਤਪਾ ਵਿੱਚ ਗ੍ਰਾਮ ਨਿਆਂਲਿਆ ਬਣਾਉਣ ਲਈ ਦੌਰਾ ਕੀਤਾ। ਏਡੀਸੀ ਸਤਵੰਤ ਸਿੰਘ, ਐੱਸਡੀਐੱਮ ਰਿਸ਼ਭ ਕੁਮਾਰ ਬਾਂਸਲ ਅਤੇ ਤਪਾ ਦੇ ਡੀਐੱਸਪੀ ਗੁਰਬਿੰਦਰ ਸਿੰਘ ਵੀ ਮੁਆਇਨੇ ਸਮੇਂ ਉਨ੍ਹਾਂ ਨਾਲ ਸਨ। ਐੱਸਡੀਐੱਮ ਤਪਾ ਨੇ ਦੱਸਿਆ ਕਿ ਪੰਜਾਬ ਅੰਦਰ 7 ਦੇ ਕਰੀਬ ਗ੍ਰਾਮੀਣ ਨਿਆਂਲਿਆ ਪਾਸ ਹੋਏ ਹਨ, ਜਿਨ੍ਹਾਂ ਵਿੱਚੋਂ ਇਕ ਗ੍ਰਾਮੀਣ ਨਿਆਂਲਿਆ ਤਪਾ ਵਿਖੇ ਪਾਸ ਹੋਇਆ ਹੈ, ਜਿਸ ਦਾ ਮੁੱਖ ਮਕਸਦ ਨਾਗਰਿਕਾਂ ਨੂੰ ਉਨ੍ਹਾਂ ਦੇ ਦਰਵਾਜ਼ੇ ’ਤੇ ਨਿਆਂ ਤੱਕ ਪਹੁੰਚਦਾ ਕਰਨਾ ਹੈੈ। ਇਸ ਵਿਚ ਛੋਟੇ ਕੇਸਾਂ ਦੇ ਫੈਸਲੇ ਨੇਪਰੇ ਚਾੜੇ ਜਾਣਗੇ। ਇਹ ਦੋ-ਤਿੰਨ ਮਹੀਨੇ ਅੰਦਰ ਕੰਮ ਕਰਨਾ ਸ਼ੁਰੂ ਕਰ ਦੇਵੇਗਾ। ਨਗਰ ਕੌਂਸਲ ਤਪਾ ਦੇ ਪ੍ਰਧਾਨ ਡਾ. ਸੋਨਿਕਾ ਬਾਂਸਲ, ਥਾਣਾ ਤਪਾ ਦੇ ਇੰਚਾਰਜ ਸੰਦੀਪ ਸਿੰਘ, ਥਾਣਾ ਸਿਟੀ ਤਪਾ ਦੇ ਇੰਚਾਰਜ ਕਰਮਜੀਤ ਸਿੰਘ ਹਾਜ਼ਰ ਸਨ।
