ਝੋਨੇ ਦੀ ਖ਼ਰੀਦ ਬੰਦ ਕਰਨ ਖ਼ਿਲਾਫ਼ ਡੀ ਸੀ ਦੀ ਰਿਹਾਇਸ਼ ਘੇਰੀ
ਮਾਨਸਾ ਦੀਆਂ ਅਨਾਜ ਮੰਡੀਆਂ ਵਿੱਚ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਬੰਦ ਕਰਨ ਦੀਆਂ ਦਿੱਤੀਆਂ ਹਦਾਇਤਾਂ ਖ਼ਿਲਾਫ਼ ਅੱਜ ਕਿਸਾਨਾਂ ਨੇ ਮੁਜ਼ਾਹਰਾ ਕੀਤਾ। ਗੁੱਸੇ ਵਿੱਚ ਆਏ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਵਿੱਚ ਮਾਨਸਾ ਦੀ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਦੂਜੇ ਪਾਸੇ ਇਸ ਧਰਨੇ ਤੋਂ ਬਾਅਦ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਧਰਨੇ ਦੌਰਾਨ ਜੁੜੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਝੋਨੇ ਦੀ ਖ਼ਰੀਦ ਬੰਦ ਕਰਕੇ ਕਿਸਾਨਾਂ ਦੇ ਨਾਲ ਵੱਡਾ ਧੋਖਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਬਹੁਤ ਸਾਰੀਆਂ ਮੰਡੀਆਂ ਵਿੱਚ ਝੋਨੇ ਦੀਆਂ ਢੇਰੀਆਂ ਲੈ ਕੇ ਕਿਸਾਨ 15-20 ਦਿਨਾਂ ਤੋਂ ਬੈਠੇ ਹਨ ਤੇ ਉਹ ਝੋਨੇ ਦੀ ਖਰੀਦ ਦੀ ਹਰ ਰੋਜ਼ ਉਡੀਕ ਕਰ ਰਹੇ ਹਨ, ਪਰ ਅਚਾਨਕ ਪੰਜਾਬ ਸਰਕਾਰ ਦਾ ਝੋਨਾ ਨਾ ਖਰੀਦਣ ਦਾ ਨਾਦਰਸ਼ਾਹੀ ਫ਼ੁਰਮਾਨ ਆ ਗਿਆ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰਾ ਝੋਨਾ ਮੰਡੀਆਂ ਵਿੱਚ ਪਿਆ ਹੈ ਅਤੇ ਬਹੁਤ ਸਾਰੇ ਕਿਸਾਨਾਂ ਦੇ ਖੇਤਾਂ ਵਿੱਚ ਝੋਨਾ ਅਜੇ ਖੜ੍ਹਾ ਹੈ ਜੋ ਕਟਾਈ ਤੋਂ ਬਾਅਦ ਮੰਡੀਆਂ ਦੇ ਵਿੱਚ ਹੀ ਆਉਣਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਪਹਿਲਾਂ ਹੀ ਆਰਥਿਕ ਪੱਖੋਂ ਰਗੜੇ ਹੋਏ ਹਨ, ਹੁਣ ਝੋਨੇ ਦਾ ਝਾੜ 15-20 ਪ੍ਰਤੀ ਕਿੱਲਾ ਘੱਟ ਨਿਕਲਿਆ ਹੈ ਪਰ ਜਿਹੜਾ ਝੋਨਾ ਪੈਦਾ ਹੋਇਆ ਹੈ ਉਸ ਨੂੰ ਸਰਕਾਰ ਚੁੱਕਣ ਨੂੰ ਤਿਆਰ ਨਹੀਂ, ਅਜਿਹੇ ਹਾਲਾਤ ਵਿੱਚ ਕਿਸਾਨ ਕੀ ਕਰਨ? ਉਨ੍ਹਾਂ ਮੰਗ ਕੀਤੀ ਕਿ ਸਰਕਾਰ ਮੰਡੀਆਂ ਵਿੱਚ ਪਿਆ ਸਾਰਾ ਝੋਨਾ ਖਰੀਦੇ ਤਾਂ ਜੋ ਕਿਸਾਨਾਂ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ। ਇਸ ਦੌਰਾਨ ਪੁੱਜੇ ਮਾਨਸਾ ਦੇ ਐੱਸ ਡੀ ਐੱਮ ਕਾਲਾ ਰਾਮ ਕਾਂਸਲ, ਡੀ ਐੱਸ ਪੀ ਬੂਟਾ ਸਿੰਘ ਗਿੱਲ ਅਤੇ ਹੋਰ ਅਧਿਕਾਰੀਆਂ ਨੇ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਸਟੇਜ ਤੋਂ ਭਰੋਸਾ ਦਿੱਤਾ ਕਿ ਡਿਪਟੀ ਕਮਿਸ਼ਨਰ ਖੁਦ ਦਖ਼ਲ ਦੇ ਕੇ ਪੰਜਾਬ ਸਰਕਾਰ ਨਾਲ ਗੱਲ ਕਰਨਗੇ ਅਤੇ ਇਹ ਸਾਰੇ ਮਸਲੇ ਦਾ ਹੱਲ ਦੋ ਦਿਨਾਂ ਵਿੱਚ ਕਰ ਲਿਆ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਸੋਮਵਾਰ ਨੂੰ ਬਾਅਦ ਦੁਪਹਿਰ ਬੰਦ ਹੋਈ ਝੋਨੇ ਦੀ ਖਰੀਦ ਸ਼ੁਰੂ ਕਰਵਾ ਦਿੱਤੀ ਜਾਵੇਗੀ, ਜਿਸ ’ਤੇ ਜਥੇਬੰਦੀ ਨੇ ਡੀ ਸੀ ਦੀ ਰਿਹਾਇਸ਼ ਦੇ ਮੇਨ ਗੇਟ ਦਾ ਘਿਰਾਓ ਛੱਡ ਕੇ ਧਰਨਾ ਸਮਾਪਤ ਕਰ ਦਿੱਤਾੇ ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਜੇਕਰ ਰਹਿੰਦੇ ਝੋਨੇ ਦੀ ਖਰੀਦ ਨਾ ਕੀਤੀ ਤਾਂ ਜਥੇਬੰਦੀ ਤਿੱਖਾ ਐਕਸ਼ਨ ਕਰੇਗੀ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ। ਕਿਸਾਨ ਆਗੂਆਂ ਨੇ ਆਖਿਆ ਕਿ ਖ਼ਰੀਦ ਬੰਦ ਹੋਣ ਕਾਰਨ ਕਿਸਾਨਾਂ ਨੂੰ ਵਪਾਰੀਆਂ ਦੇ ਰਹਿਮੋ-ਕਰਮ ’ਤੇ ਨਿਰਭਰ ਹੋਣਾ ਪਵੇਗਾ ਜਿਸ ਕਾਰਨ ਉਨ੍ਹਾਂ ਦੀ ਲੁੱਟ ਹੋਵੇਗੀ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਝੋਨੇ ਦੀ ਖ਼ਰੀਦ ਸ਼ੁਰੂ ਕਰਕੇ ਕਿਸਾਨਾਂ ਨੂੰ ਵਪਾਰੀਆਂ ਦੀ ਲੁੱਟ ਦਾ ਸ਼ਿਕਾਰ ਹੋਣ ਤੋਂ ਬਚਾਇਆ ਜਾਵੇਗਾ। ਇਸ ਮੌਕੇ ਭੋਲਾ ਸਿੰਘ ਮਾਖਾ, ਜਗਸੀਰ ਸਿੰਘ ਜਵਾਹਰਕੇ, ਭਾਨ ਸਿੰਘ ਬਰਨਾਲਾ, ਕੁਲਦੀਪ ਸਿੰਘ ਚਚੋਹਰ, ਸੁਖਪਾਲ ਸਿੰਘ ਮੰਡੇਰ, ਜਗਸੀਰ ਸਿੰਘ ਦੋਦੜਾ, ਜਗਦੇਵ ਸਿੰਘ ਰੱਲਾ ਨੇ ਵੀ ਸੰਬੋਧਨ ਕੀਤਾ।
