ਜ਼ਮੀਨ ਬਚਾਓ ਘੋਲ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ ਬਰਸੀ ਮਨਾਈ
ਜ਼ਮੀਨ ਬਚਾਓ ਘੋਲ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ 15ਵੀਂ ਬਰਸੀ, ਉਨ੍ਹਾਂ ਦੇ ਜੱਦੀ ਪਿੰਡ ਚੱਕ ਅਲੀਸ਼ੇਰ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਮਨਾਈ ਗਈ। ਸਮਾਗਮ ਦੀ ਸ਼ੁਰੂਆਤ ਵਿੱਚ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਵੱਲੋਂ ਸ਼ਹੀਦੀ ਗੇਟ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਨਵਾਂ ਝੰਡਾ ਲਹਿਰਾਇਆ ਗਿਆ। ਇਸ ਉਪਰੰਤ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਦੱਸਿਆ ਕਿ 11 ਅਕਤੂਬਰ 2010 ਨੂੰ ਪਿੰਡ ਬੀਰੋਕੇ ਖੁਰਦ ’ਚ ਕਿਸਾਨ ਭੋਲਾ ਸਿੰਘ ਦੀ 10 ਕਨਾਲ ਜ਼ਮੀਨ ਸਵਾ ਲੱਖ ਰੁਪਏ ਵਿੱਚ ਬੁਢਲਾਡਾ ਦੇ ਆੜ੍ਹਤੀਏ ਵੱਲੋਂ ਨਿਲਾਮ ਕਰਵਾਈ ਜਾ ਰਹੀ ਸੀ। ਇਸ ਜ਼ਮੀਨ ਦੀ ਨਿਲਾਮੀ ਦਾ ਵਿਰੋਧ ਕਰ ਰਹੇ ਨਿਹੱਥੇ ਕਿਸਾਨਾਂ ’ਤੇ ਆੜ੍ਹਤੀਏ ਦੇ ਲਿਆਂਦੇ ਵਿਅਕਤੀਆਂ ਅਤੇ ਮੌਕੇ ਦੇ ਮੌਜੂਦ ਨਾਇਬ ਤਹਿਸੀਲਦਾਰ ਦੀ ਹਾਜ਼ਰੀ ਵਿੱਚ ਗੋਲੀਆਂ ਚਲਾ ਕੇ ਪ੍ਰਿਥੀਪਾਲ ਸਿੰਘ ਨੂੰ ਸ਼ਹੀਦ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਸਾਰੇ ਕਸੂਰਵਾਰਾਂ ਨੂੰ ਨਾਇਬ ਤਹਿਸੀਲਦਾਰ ਸਮੇਤ ਉਮਰ ਕੈਦ ਦੀ ਸਜ਼ਾ ਭੁਗਤਣੀ ਪਈ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਜਥੇਬੰਦਕ ਸੰਘਰਸ਼ਾਂ ਨਾਲ ਹੀ ਜ਼ਮੀਨਾਂ ਦੀ ਰਾਖੀ ਕੀਤੀ ਜਾ ਸਕਦੀ ਹੈ। ਜਥੇਬੰਦੀ ਦੇ ਸੂਬਾ ਜਥੇਬੰਦਕ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਮਾਨਸਾ ਜਿਲ੍ਹੇ ਅੰਦਰ ਚੱਲ ਰਹੇ ਸੰਘਰਸ਼ਾਂ ’ਤੇ ਚਾਨਣਾ ਪਾਇਆ ਅਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਪਰਾਲੀ ਸਾਂਭਣ ਲਈ ਸੰਦਾਂ ਜਾਂ ਆਰਥਿਕ ਸਹਾਇਤਾ ਦਿੱਤੇ ਤੋਂ ਬਿਨਾਂ ਹੀ ਮਜਬੂਰੀਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕੀਤੀ ਜਾਣ ਵਾਲੀ ਹਰ ਕਾਰਵਾਈ ਦਾ ਜਥੇਬੰਦੀ ਡੱਟਵਾਂ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਅਦਾਰਿਆਂ ਅਤੇ ਪਿੰਡਾਂ ਦੀ ਸ਼ਾਮਲਾਟ ਦੀ ਹਜ਼ਾਰਾਂ ਏਕੜ ਜ਼ਮੀਨ ਪ੍ਰਾਈਵੇਟ ਘਰਾਣਿਆਂ ਨੂੰ ਵੇਚਣ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਲੋਕਾਂ ਦੀ ਜਾਇਦਾਦ ਵੇਚਣ ਦਾ ਸਖਤ ਵਿਰੋਧ ਕੀਤਾ ਜਾਵੇਗਾ।