ਪੱਤਰ ਪ੍ਰੇਰਕ
ਮਾਨਸਾ, 7 ਅਗਸਤ
ਇੱਥੇ ਪੰਜਾਬ ਟਿਊਬਵੈੱਲ ਕਾਰਪੋਰੇਸ਼ਨ ਵਿੱਚ ਬਤੌਰ ਐਸਡੀਓ ਤਾਇਨਾਤ ਇੱਕ ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜਾਨ ਦੇ ਦਿੱਤੀ ਹੈ। ਥਾਣਾ ਸਦਰ ਮਾਨਸਾ ਦੀ ਪੁਲੀਸ ਨੇ 174 ਦੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਇਸ ਵਿੱਚ ਖ਼ੁਦਕੁਸ਼ੀ ਕਰਨ ਦਾ ਸ਼ੱਕ ਹੈ।
ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਸੰਗਰੂਰ ਦੇ ਚੀਮਾ ਮੰਡੀ ਵਾਸੀ ਨੌਜਵਾਨ ਵਰਿੰਦਰ ਗਰਗ ਟਿਊੁਬਵੈੱਲ ਕਾਰਪੋਰੇਸ਼ਨ ਮਾਨਸਾ ਵਿਚ ਐਸਡੀਓ ਵਜੋਂ ਤਾਇਨਾਤ ਸੀ। ਅਜੇ ਕੁੱਝ ਸਮਾਂ ਪਹਿਲਾਂ ਹੀ ਉਸ ਦੀ ਜੇਈ ਦੇ ਅਹੁਦੇ ਤੋਂ ਤਰੱਕੀ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਵਰਿੰਦਰ ਗਰਗ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ, ਜਿਸ ਨੇ ਸ਼ੁੱਕਰਵਾਰ ਨੂੰ ਦਫ਼ਤਰ ਆਉਂਦਿਆਂ ਹੀ ਚਪੜਾਸੀ ਤੋਂ ਪਾਣੀ ਮੰਗਿਆ ਅਤੇ ਕੋਈ ਜ਼ਹਿਰੀਲੀ ਚੀਜ਼ ਵੀ ਨਿਗਲ ਲਈ, ਜਿਸ ਤੋਂ ਬਾਅਦ ਉਸ ਦੀ ਦਫ਼ਤਰ ਵਿਚ ਹੀ ਮੌਤ ਹੋ ਗਈ।
ਪੁਲੀਸ ਚੌਕੀ ਠੂਠਿਆਂਵਾਲੀ ਦੇ ਇੰਚਾਰਜ ਗੁਰਤੇਜ ਸਿੰਘ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਵਰਿੰਦਰ ਗਰਗ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ, ਜਿਸ ਦੀ ਦਵਾਈ ਚੱਲਦੀ ਸੀ ਅਤੇ ਇਸ ਦਵਾਈ ਦੇ ਭੁਲੇਖੇ ਹੀ ਉਸ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਅਤੇ ਪੁਲੀਸ ਨੇ ਇਸ ’ਤੇ 174 ਦੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ।