ਪੱਤਰ ਪ੍ਰੇਰਕ
ਅਬੋਹਰ, 13 ਅਗਸਤ
ਇੱਥੇ ਕਾਰ ਦੀ ਟੱਕਰ ਲੱਗਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਜ਼ਖ਼ਮੀ ਹੋ ਗਿਆ। ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ ਜਦਕਿ ਜ਼ਖਮੀ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ। ਪੁਲੀਸ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕਾਰਵਾਈ ਕਰ ਰਹੀ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਮਾਨ ਸਿੰਘ (50) ਜੋ ਗੁਰਦੀਪ ਸਿੰਘ ਵਾਸੀ ਪਿੰਡ ਗੋਬਿੰਦਗੜ੍ਹ ਕੋਲ ਸੀਰੀ ਦਾ ਕੰਮ ਕਰਦਾ ਸੀ। ਅੱਜ ਇਹ ਦੋਵੇਂ ਮੋਟਰਸਾਈਕਲ ’ਤੇ ਪਿੰਡ ਤੋਂ ਆ ਰਹੇ ਸਨ ਕਿ ਪਿੰਡ ਬਹਾਵਲਵਾਸੀ ਟੀ ਪੁਆਇੰਟ ਨੇੜੇ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮਾਨ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਗੁਰਦੀਪ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਕਾਰ ਚਾਲਕ ਨੇ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ। ਜ਼ਖਮੀ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਰੈਫਰ ਕਰ ਦਿੱਤਾ। ਪਰਿਵਾਰ ਵਾਲੇ ਉਸ ਨੂੰ ਬਿਹਤਰ ਇਲਾਜ ਲਈ ਬਠਿੰਡਾ ਲੈ ਗਏ। ਮ੍ਰਿਤਕ 5 ਬੱਚਿਆਂ ਦਾ ਪਿਤਾ ਸੀ।