ਨਵਕਿਰਨ ਸਿੰਘ
ਮਹਿਲ ਕਲਾਂ, 10 ਜੁਲਾਈ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਅੱਜ ਇੱਥੇ ਖੇਤੀ ਆਰਡੀਨੈਂਸਾਂ ਅਤੇ ਤੇਲ ਕੀਮਤਾਂ ’ਚ ਵਾਧੇ ਖ਼ਿਲਾਫ਼ ਬਲਾਕ ਪੱਧਰੀ ਇਕੱਤਰਤਾ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਗਹਿਲ ਦੀ ਅਗਵਾਈ ਹੇਠ ਕੀਤੀ। ਉਨ੍ਹਾਂ ਫ਼ੈਸਲਾ ਕੀਤਾ ਕਿ ਕਿਸਾਨ 20 ਜੁਲਾਈ ਨੂੰ ਜ਼ਿਲ੍ਹਾ ਬਰਨਾਲਾ ਅੰਦਰ ਟਰੈਕਟਰ ਰੋਸ ਮਾਰਚ ਕਰਨ ਮਗਰੋਂ ਐੱਸਡੀਐੱਮ ਬਰਨਾਲਾ ਨੂੰ ਟਰੈਕਟਰਾਂ ਦੀਆਂ ਚਾਬੀਆਂ ਸੌਂਪਣਗੇ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਦਿੱਤਾ ਜਾਵੇਗਾ।
ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ, ਮੀਤ ਪ੍ਰਧਾਨ ਜਗਤਾਰ ਸਿੰਘ ਛੀਨੀਵਾਲ, ਮੀਤ ਪ੍ਰਧਾਨ ਹਾਕਮ ਸਿੰਘ ਧਾਲੀਵਾਲ ਅਤੇ ਬਹਾਲ ਸਿੰਘ ਕੁਰੜ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਤਿੰਨ ਆਰਡੀਨੈੱਸ ਲਿਆ ਕੇ ਫ਼ਸਲ ਦੇ ਘੱਟੋ-ਘੱਟ ਸਮਰਥਨ ਮੁੱਲ ਖ਼ਤਮ ਕਰਨ ਅਤੇ ਮੰਡੀਕਰਨ ਬੋਰਡ ਨੂੰ ਤੋੜਣ ਦੀ ਸਾਜਿਸ਼ ਘੜੀ ਜਾ ਰਹੀ ਹੈ, ਜਿਸ ਨਾਲ ਦੇਸ਼ ਦਾ ਕਿਸਾਨ ਤਬਾਹ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ‘ਇੱਕ ਦੇਸ਼ ਇੱਕ ਮੰਡੀ’ ਦਾ ਸੰਕਲਪ ਲਿਆ ਕੇ ਜਿਨਸਾਂ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਦਾ ਫ਼ੈਸਲਾ ਸਿੱਧੇ ਤੌਰ ’ਤੇ ਕਾਰਪੋਰੇਟ ਘਰਾਣਿਆ ਅਤੇ ਸ਼ਰਮਾਏਦਾਰ ਲੋਕਾਂ ਦੇ ਪੱਖ ਵਿੱਚ ਹੈ। ਆਗੂਆਂ ਨੇ ਵੱਧ ਤੋਂ ਵੱਧ ਕਿਸਾਨਾਂ ਨੂੰ ਰੋਸ ਮਾਰਚ ਵਿੱਚ ਟਰੈਕਟਰਾਂ ਸਣੇ ਸ਼ਾਮਲ ਹੋਣ ਦੀ ਅਪੀਲ ਕੀਤੀ।