ਪੱਤਰ ਪ੍ਰੇਰਕ
ਗਿੱਦੜਬਾਹਾ, 8 ਜਨਵਰੀ
ਬਲਾਕ ਕਾਂਗਰਸ ਗਿੱਦੜਬਾਹਾ ਸ਼ਹਿਰੀ ਦੇ ਪ੍ਰਧਾਨ ਦੀਪਕ ਗਰਗ ਨੂੰ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਇਹ ਨਿਯੁਕਤੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਲਈ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ, ਕਿਉਂਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਅਗਰਵਾਲ ਭਾਈਚਾਰੇ ਦੀ ਵੱਡੀ ਗਿਣਤੀ ਵੋਟ ਹੈ। ਜ਼ਿਲ੍ਹਾ ਯੋਜਨਾ ਬੋਰਡ ਦਾ ਚੇਅਰਮੈਨ ਨਿਯੁਕਤ ਕਰਨ ਤੇ ਦੀਪਕ ਗਰਗ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਟਰਾਂਸਪੋਰਟ ਮੰਤਰੀ ਅਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਮੁੱਚੀ ਕਾਂਗਰਸ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਨੇ ਜੋ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਸਾਹਿਬ ਸਿੰਘ ਭੂੰਦੜ, ਕੰਵਰ ਕੁਲਾਰ, ਬਲਾਕ ਯੂਥ ਕਾਂਗਰਸ ਦੇ ਪ੍ਰਧਾਨ ਗੁਰਸੇਵਕ ਕੋਟਲੀ, ਯੂਥ ਸ਼ਹਿਰੀ ਪ੍ਰਧਾਨ ਸੰਨੀ ਗਰੋਵਰ, ਅਸ਼ੋਕ ਜੈਨ, ਸੰਦੀਪ ਗਰਗ ਸੀਪਾ ਸਮੇਤ ਵੱਡੀ ਗਿਣਤੀ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।