ਜਸਵੰਤ ਜੱਸ
ਫ਼ਰੀਦਕੋਟ, 12 ਫ਼ਰਵਰੀ
ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਦਿੱਲੀ ਦੇ ਵਿਧਾਇਕ ਤੇ ਦਿੱਲੀ ਖਾਦੀ ਬੋਰਡ ਦੇ ਚੇਅਰਮੈਨ ਰਜਿੰਦਰ ਗਰਗ ਇੱਥੇ ਪੁੱਜੇ। ਸ੍ਰੀ ਗਰਗ ਨੇ ਅੱਜ ਸ਼ਹਿਰ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ’ਚ ਸਰਕਾਰ ਨੇ ਇੰਸਪੈਕਟਰੀ ਰਾਜ ਖਤਮ ਕੀਤਾ ਹੈ ਅਤੇ ਉੱਥੇ ਦੁਕਾਨਦਾਰ ਅਤੇ ਵਪਾਰੀ ਸੌਖੇ ਤਰੀਕੇ ਨਾਲ ਆਪਣਾ ਕੰਮਕਾਰ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਇੰਸਪੈਕਟਰੀ ਰਾਜ ਖਤਮ ਕੀਤਾ ਜਾਵੇਗਾ ਅਤੇ ਟੈਕਸ ਪ੍ਰਣਾਲੀ ਨੂੰ ਸੌਖਾ ਤੇ ਸਸਤਾ ਬਣਾਇਆ ਜਾਵੇਗਾ। ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਨੇ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਚੋਣ ਪ੍ਰਚਾਰ ਦੌਰਾਨ ਉਹਨਾਂ ਵੱਲੋਂ ਕੀਤੇ ਸਾਰੇ ਵਾਅਦਿਆਂ ਨੂੰ ਹਕੀਕਤ ਵਿੱਚ ਪੂਰਾ ਕੀਤਾ ਜਾਵੇਗਾ। ਗੁਰਦਿੱਤ ਸੇਖੋਂ ਨੇ ਦੋਸ਼ ਲਾਇਆ ਕਿ ਰਿਵਾਇਤੀ ਸਿਆਸੀ ਪਾਰਟੀਆਂ ਵੋਟਰਾਂ ਨੂੰ ਨਸ਼ੇ ਅਤੇ ਪੈਸਾ ਦਾ ਲਾਲਚ ਦੇ ਕੇ ਭਰਮਾਅ ਰਹੀਆਂ ਹਨ। ਉਹਨਾਂ ਕਿਹਾ ਕਿ ਇਹਨਾਂ ਚੋਣਾਂ ਵਿੱਚ ਕਿਸੇ ਵੀ ਪਾਰਟੀ ਨੂੰ ਨਸ਼ਾ ਤੇ ਪੈਸਾ ਨਹੀਂ ਵੰਡਣ ਦਿੱਤਾ ਜਾਵੇਗਾ ਤਾਂ ਜੋ ਲੋਕ ਰਾਇ ਦਾ ਸਤਿਕਾਰ ਹੋ ਸਕੇ।