ਹੜ੍ਹ ਨਾਲ ਨੁਕਸਾਨੀਆਂ ਫ਼ਸਲਾਂ ਦਾ ਫ਼ੌਰੀ ਮੁਆਵਜ਼ਾ ਦੇਣ ਦੀ ਮੰਗ
ਹੜ੍ਹ ਅਤੇ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦਾ ਕਿਸਾਨਾਂ ਨੂੰ ਫੌਰੀ ਮੁਆਵਜ਼ਾ ਦੇਣ ਦੀ ਮੰਗ ਲਈ ਜਨਨਾਇਕ ਜਨਤਾ ਪਾਰਟੀ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਦੇ ਨਾਮ ’ਤੇ ਪ੍ਰਸ਼ਾਸਨਿਕ ਅਧਿਕਾਰੀ ਨੂੰ ਇੱਕ ਮੰਗ ਪੱਤਰ ਸੌਂਪਿਆ। ਵਫ਼ਦ ਦੀ ਅਗਵਾਈ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਵਰਮਾ ਨੇ ਕੀਤੀ।
ਮਿੰਨੀ ਸਕੱਤਰੇਤ ਦੇ ਬਾਹਰ ਅਸ਼ੋਕ ਵਰਮਾ ਨੇ ਕਿਹਾ ਕਿ ਹਾਲ ਹੀ ਵਿੱਚ ਸਿਰਸਾ ਜ਼ਿਲ੍ਹੇ ਵਿੱਚ ਬਹੁਤ ਜ਼ਿਆਦਾ ਮੀਂਹ ਅਤੇ ਹੜ੍ਹ ਕਾਰਨ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦੀਆਂ ਫਸਲਾਂ, ਘਰਾਂ, ਪਸ਼ੂਆਂ ਆਦਿ ਨੂੰ ਕਾਫ਼ੀ ਵਿੱਤੀ ਨੁਕਸਾਨ ਹੋਇਆ ਹੈ। ਜੇਜੇਪੀ ਸਰਕਾਰ ਤੋਂ ਮੰਗ ਕਰਦੀ ਹੈ ਕਿ ਜਲਦੀ ਤੋਂ ਜਲਦੀ ਨੁਕਸਾਨੀਆਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾਏ ਅਤੇ ਪੀੜਤ ਕਿਸਾਨਾਂ 50,000 ਰੁਪਏ ਪ੍ਰਤੀ ਏਕੜ ਦੀ ਦਰ ਨਾਲ ਫੌਰੀ ਮੁਆਵਜ਼ਾ ਦਿੱਤਾ ਜਾਵੇ। ਹੜ੍ਹ ਕਾਰਨ ਨੁਕਸਾਨੇ ਗਏ ਘਰਾਂ ਅਤੇ ਟਿਊਬਵੈੱਲਾਂ ਆਦਿ ਦਾ ਵੀ ਜਲਦੀ ਮੁਲਾਂਕਣ ਕੀਤਾ ਜਾਵੇ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਉਨ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹ ਕਾਰਨ ਬਹੁਤ ਸਾਰੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਵੀ ਨੁਕਸਾਨੀ ਗਈ ਹੈ। ਬਹੁਤ ਸਾਰੇ ਕਿਸਾਨਾਂ ਨੇ ਝੋਨੇ ਦਾ ਬੀਮਾ ਪ੍ਰੀਮੀਅਮ ਭਰਿਆ ਹੋਇਆ ਹੈ ਪਰ ਹੁਣ ਬੀਮਾ ਕੰਪਨੀਆਂ ਝੋਨੇ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਬੀਮਾ ਕਲੇਮ ਦੇਣ ਦਾ ਨਾ ਨੁਕਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਜੇਪੀ ਮੰਗ ਕਰਦੀ ਹੈ ਕਿ ਜਿਹੜੇ ਕਿਸਾਨਾਂ ਨੇ ਝੋਨੇ ਦਾ ਬੀਮਾ ਕਰਵਾਇਆ ਹੋਇਆ ਹੈ, ਉਨ੍ਹਾਂ ਕਿਸਾਨਾਂ ਨੂੰ ਬੀਮਾ ਕਲੇਮ ਦਿੱਤਾ ਜਾਵੇ। ਬੀਮਾ ਦਾਅਵਿਆਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ। ਇਸ ਤੋਂ ਇਲਾਵਾ ਸਿਰਸਾ ਸ਼ਹਿਰ ਦੇ ਦੁਕਾਨਦਾਰਾਂ ਅਤੇ ਗਰੀਬ ਪਰਿਵਾਰਾਂ, ਜਿਨ੍ਹਾਂ ਦੇ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ ਦਾ ਵੀ ਸਰਵੇਖਣ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ। ਵਫ਼ਦ ਅਸ਼ੋਕ ਵਰਮਾ ਤੋਂ ਇਲਾਵਾ ਪਾਰਟੀ ਦੇ ਕੌਮੀ ਕਾਰਜਕਾਰਨੀ ਤੇ ਸੂਬਾ ਜਨਰਲ ਸਕੱਤਰ ਰਾਧੇਸ਼ਿਆਮ ਸ਼ਰਮਾ, ਜੇਜੇਪੀ ਦੇ ਜ਼ਿਲ੍ਹਾ ਦਫ਼ਤਰ ਇੰਚਾਰਜ ਹਰੀਸਿੰਘ ਭਾਰੀ, ਅਮਰ ਸਿੰਘ ਜਿਆਣੀ, ਰੋਹਿਤ ਗਨੇਰੀਵਾਲਾ, ਯੋਗੇਸ਼ ਮੋਦੀ ਐਡਵੋਕੇਟ, ਵਿਜੇ ਬਾਂਸਲ ਐਡਵੋਕੇਟ, ਅਨਿਲ ਕਾਸਨੀਆ, ਅਮਨ ਗਿੱਲ, ਦੀਪਕ ਭਾਟੀਆ, ਹਨੂਮਾਨ ਕਾਸਨੀਆ, ਧਰਮਵੀਰ ਸਹਾਰਨ, ਹਵਾ ਸਿੰਘ, ਕਾਦਿਰ ਖਾਨ, ਅੰਕਿਤ ਸਚਦੇਵਾ ਅਤੇ ਕੁਲਦੀਪ ਜਾਂਗੂ ਆਦਿ ਮੌਜੂਦ ਸਨ।