ਹੜ੍ਹ ਪੀੜਤ ਕਿਸਾਨਾਂ-ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ ਦੀ ਮੰਗ
ਹੜ੍ਹ ਪ੍ਰਭਾਵਤ ਇਲਾਕਿਆਂ ਦੇ ਕਿਸਾਨਾਂ-ਮਜ਼ਦੂਰਾਂ ਲਈ ਵਿਸ਼ੇਸ਼ ਪੈਕੇਜ ਜਾਰੀ ਕੀਤਾ ਜਾਵੇ ਅਤੇ ਉਨ੍ਹਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ। ਕੇਂਦਰ ਅਤੇ ਸੂਬਾ ਸਰਕਾਰਾਂ ਤੋਂ ਉਕਤ ਮੰਗ ਕਰਦਿਆਂ ਕਾਂਗਰਸ ਪਾਰਟੀ ਦੇ ਆਗੂ ਐਡਵੋਕੇਟ ਬਲਕਰਨ ਸਿੰਘ ਬੱਲੀ ਨੇ ਕਿਹਾ ਕਿ ਜਿਨ੍ਹਾਂ ਰਾਜਾਂ ਵਿੱਚ ਹੜ੍ਹਾਂ ਦੇ ਪਾਣੀ ਨੇ ਲੋਕਾਂ ਦਾ ਭਾਰੀ ਨੁਕਸਾਨ ਕੀਤਾ ਹੈ, ਉਨ੍ਹਾਂ ਰਾਜਾਂ ਦੀਆਂ ਰਾਜ ਸਰਕਾਰਾਂ ਅਤੇ ਕੇਂਦਰ ਸਰਕਾਰ ਵੱਲੋਂ ਰਲ ਕੇ ਲੋਕਾਂ ਦੀ ਮੱਦਦ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਫਸਲਾਂ ਦੇ ਮਾਰੇ ਜਾਣ ਕਾਰਨ ਹੜ ਪ੍ਰਭਾਵਤ ਇਲਾਕਿਆਂ ਦੇ ਕਿਸਾਨ-ਮਜ਼ਦੂਰ ਕਈ ਸਾਲਾਂ ਤੱਕ ਪੈਰਾਂ ਸਿਰ ਨਹੀਂ ਹੋ ਸਕਦੇ ਅਤੇ ਕਰਜ਼ਾ ਮੋੜਨ ਤੋਂ ਅਸਮਰੱਥ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਵੀ 2023 ਵਿਚ ਕਿਸਾਨਾਂ ਦੀਆਂ ਫਸਲਾਂ ਦਾ ਵੱਡੀ ਪੱਧਰ ਤੇ ਨੁਕਸਾਨ ਕੀਤਾ ਸੀ, ਜਿਸ ਦਾ ਅਜੇ ਤੱਕ ਹੜ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਮਜ਼ਦੂਰਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਮਜ਼ਦੂਰਾਂ ਨੂੰ ਦੁਬਾਰਾ ਪੈਰਾਂ ਸਿਰ ਕਰਨ ਲਈ ਉਨ੍ਹਾਂ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਕੀਤਾ ਜਾਵੇ ਅਤੇ ਉਨ੍ਹਾਂ ਦਾ ਸਮੁੱਚਾ ਕਰਜ਼ ਮਾਫ਼ ਕੀਤਾ ਜਾਵੇ।