ਘੱਗਰ ’ਚੋਂ ਨਿਕਲਦੀਆਂ ਨਹਿਰਾਂ ’ਚ ਆਰਜ਼ੀ ਮੋਘਿਆਂ ਦੀ ਮੰਗ
ਘੱਗਰ ਨਦੀ ’ਚੋਂ ਨਿਕਲਦੀਆਂ ਨਹਿਰਾਂ ’ਚੋਂ ਮੋਘਿਆਂ ਦੀ ਮਨਜ਼ੂਰੀ ਲਈ ਤਿੰਨ ਦਰਜਨ ਤੋਂ ਵੱਧ ਪਿੰਡਾਂ ਦੇ ਕਿਸਾਨਾਂ ਨੇ ਸਿੰਜਾਈ ਵਿਭਾਗ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਧਰਨਾਕਾਰੀਆਂ ਨੇ ਸਰਕਾਰ ਤੇ ਸਿੰਜਾਈ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਜਲਦ ਮੰਗਾਂ ਪੂਰੀਆਂ ਨਾ ਹੋਣ ’ਤੇ ਤਿੱਖੇ ਅੰਦੋਲਨ ਦੀ ਚਿਤਾਵਨੀ ਦਿੱਤੀ।
ਸਿੰਜਾਈ ਵਿਭਾਗ ਦੇ ਦਫ਼ਤਰ ਦੇ ਬਾਹਰ ਧਰਨਾ ਦੇ ਰਹੇ ਕਿਸਾਨਾਂ ਨੇ ਦੱਸਿਆ ਕਿ ਹਰ ਸਾਲ ਘੱਗਰ ਤੋਂ ਨਿਕਲਣ ਵਾਲੀਆਂ ਨਹਿਰਾਂ ’ਚੋਂ ਮੀਂਹ ਦੇ ਸਮੇਂ ਝੋਨੇ ਦੀ ਸਿੰਜਾਈ ਲਈ ਆਰਜ਼ੀ ਮੋਘਿਆਂ ਦੀ ਮਨਜ਼ੂਰੀ ਦਿੱਤੀ ਜਾਂਦੀ ਹੈ ਪਰ ਐਤਕੀਂ ਸਰਕਾਰ ਨੇ ਮਨਜ਼ੂਰੀ ਨਹੀਂ ਦਿੱਤੀ। ਇਸ ਕਾਰਨ ਕਿਸਾਨਾਂ ਨੂੰ ਝੋਨੇ ਦੀ ਸਿੰਜਾਈ ’ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਕ੍ਰਿਪਾਲਪਟੀ ਦੇ ਗੁਰਜੀਤ ਸਿੰਘ ਮਾਨ ਨੇ ਦੱਸਿਆ ਕਿ ਸਿੰਜਾਈ ਵਿਭਾਗ ਦੇ ਅਧਿਕਾਰੀਆਂ ਨੇ ਹਾਲੇ ਤੱਕ ਆਰਜ਼ੀ ਮੋਘਿਆਂ ਦੀ ਫੀਸ ਤੱਕ ਨਹੀਂ ਭਰਾਈ ਹੈ। ਇਸ ਬਾਰੇ ਅਧਿਕਾਰੀਆਂ ਨੂੰ ਵਾਰ-ਵਾਰ ਸੂਚਿਤ ਕਰਨ ਦੇ ਬਾਵਜੂਦ ਕੋਈ ਉਨ੍ਹਾਂ ਦੀ ਗੱਲ ਨਹੀਂ ਸੁਣ ਰਿਹਾ। ਇਲਾਕੇ ਦੇ ਕਿਸਾਨ ਫੀਸ ਦੇਣ ਲਈ ਤਿਆਰ ਹਨ ਪਰ ਪ੍ਰਸ਼ਾਸਨ ਤਿਆਰ ਨਹੀਂ ਹੈ। ਇਸ ਕਾਰਨ ਕਿਸਾਨਾਂ ਨੂੰ ਨੁਕਸਾਨ ਹੋ ਰਿਹਾ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਸਾਰੀਆਂ ਨਹਿਰਾਂ ’ਚ ਟੇਲਾਂ ਤੱਕ ਪੂਰਾ ਪਾਣੀ ਮੁਹੱਈਆ ਕਰਵਾਇਆ ਜਾਵੇ, ਆਰਜ਼ੀ ਮੋਘਿਆਂ ਦੀ ਤੁਰੰਤ ਫੀਸ ਭਰਵਾਈ ਜਾਵੇ ਤੇ ਕਿਸਾਨਾਂ ਨੂੰ ਮੋਘੇ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇ ਤੇ ਨਹਿਰਾਂ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ। ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਕਿਸਾਨਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਤਿੱਖਾ ਅੰਦੋਲਨ ਕਰਨ ਲਈ ਮਜਬੂਰ ਹੋਣਗੇ।