ਪੱਤਰ ਪ੍ਰੇਰਕ
ਅਜੀਤਵਾਲ, 28 ਅਪਰੈਲ
ਅਨਾਜ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਅਤੇ ਹੋਰ ਕਾਰਨਾਂ ਕਰਕੇ ਫਸਲ ਦੀ ਚੁਕਾਈ ਨਾ ਹੋਣ ਨੂੰ ਲੈ ਕੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਹੇਠ ਪਾਰਟੀ ਆਗੂਆਂ ਵੱਲੋਂ ਐੱਸਡੀਐੱਮ ਰਾਮ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਦੌਰਾਨ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਨਿਰੰਤਰ ਮੰਡੀਆਂ ਦੇ ਦੌਰੇ ਕੀਤੇ ਜਾ ਰਹੇ ਹਨ। ਇਸ ਦੌਰਾਨ ਵੇਖਿਆ ਜਾ ਰਿਹਾ ਹੈ ਕਿ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਅਤੇ ਹੋਰ ਕਈ ਕਾਰਨਾਂ ਕਰਕੇ ਕਣਕ ਦੀ ਚੁਕਾਈ ਨਹੀਂ ਹੋ ਰਹੀ ਜੋ ਕਿ ਸਰਕਾਰ ਅਤੇ ਸਬੰਧਤ ਪ੍ਰਸ਼ਾਸਨ ਦੀ ਅਣਗਹਿਲੀ ਦਾ ਸਿੱਟਾ ਹੈ। ਇਸ ਮੌਕੇ ਐੱਸਡੀਐੱਮ ਰਾਮ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਸ਼ੁਰੂਆਤੀ ਦੌਰ ਵਿਚ ਜ਼ਰੂਰ ਸਮੱਸਿਆ ਪੈਦਾ ਹੋਈ ਸੀ ਪਰ ਹੁਣ ਨਿਰੰਤਰ ਕੰਮ ਚੱਲ ਰਿਹਾ ਹੈ, ਜੋ ਕਿ ਆਉਣ ਵਾਲੇ ਕੁਝ ਦਿਨਾਂ ਵਿਚ ਹੀ ਕੰਮ ਮੁਕੰਮਲ ਹੋ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਦੀਦਾਰੇ ਵਾਲਾ, ਸਾਬਕਾ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਨਸੀਬ ਬਾਵਾ, ਜ਼ਿਲ੍ਹਾ ਸਕੱਤਰ ਜਗਵੰਤ ਸਿੰਘ ਬੈਂਸ, ਸਰਕਲ ਪ੍ਰਧਾਨ ਸੁਖਦੀਪ ਸਿੰਘ ਸਾਧ ਭਾਗੀਕੇ, ਪਿੰਕਾ ਸ਼ਰਮਾ ਹਾਜ਼ਰ ਸਨ।