ਪਰਮਜੀਤ ਸਿੰਘ
ਫਾਜ਼ਿਲਕਾ, 9 ਮਈ
ਸੰਯੁਕਤ ਕਿਸਾਨ ਮੋਰਚਾ ’ਚ ਸ਼ਾਮਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਪੰਜਾਬ ਸਰਕਾਰ ਦੇ ਧਿਆਨ ’ਚ ਪੰਜਾਬ ਦੇ ਕਿਸਾਨਾਂ ਦੀਆਂ ਭਖ਼ਵੀਆਂ ਮੰਗਾਂ ਨੂੰ ਲਿਆਉਣ ਸਬੰਧੀ ਲਏ ਗਏ ਫ਼ੈਸਲੇ ਦੇ ਤਹਿਤ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਸਥਾਨਕ ਪ੍ਰਤਾਪ ਬਾਗ ’ਚ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਹਰੀਸ਼ ਨੱਢਾ ਲਾਧੂਕਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਫਾਜ਼ਿਕਲਾ ਅਤੇ ਪ੍ਰੈੱਸ ਸਕੱਤਰ ਗੁਰਚਰਨ ਸਿੰਘ, ਹਰਨੇਕ ਸਿੰਘ, ਜਸਵੀਰ ਸਿੰਘ ਅਤੇ ਹੋਰਨਾਂ ਕਿਸਾਨ ਆਗੂਆਂ ਨੇ ਦੱਸਿਆ ਕਿ ਕਣਕ ਦਾ ਝਾੜ ਅਣਕਿਆਸੀ ਗਰਮੀ ਪੈਣ ਕਾਰਨ ਘਟਿਆ ਹੈ, ਹਰ ਕਿਸਾਨ ਨੂੰ ਇਸ ਦਾ ਨੁਕਸਾਨ ਹੋਇਆ ਹੈ, ਜਿਸ ਦੀ ਭਰਪਾਈ ਕਰਨ ਦੇ ਲਈ 10,000 ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਅੱਗ ਨਾਲ ਸੜੀ ਕਣਕ ਦੇ ਹੋਏ ਨੁਕਸਾਨ ਲਈ 40,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਅਤੇ ਅੱਗ ਕਾਰਨ ਇਕੱਲੀ ਤੂੜੀ ਨਾ ਬਣਾ ਸਕਣ ਵਾਲੇ ਕਿਸਾਨ ਨੂੰ 10000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਭਰੋਸਾ ਦੁਆਉਂਦੇ ਹੋਏ ਕਿਹਾ ਕਿ ਕਿਸਾਨਾਂ ਦਾ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਜਾਵੇਗਾ ਅਤੇ ਜਲਦੀ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਵਾਇਆ ਜਾਵੇਗਾ।
ਭੁੱਚੋ ਮੰਡੀ(ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਅੱਜ ਸੂਬਾਈ ਆਗੂ ਬੂਟਾ ਸਿੰਘ ਬੁਰਜ ਗਿੱਲ ਦੀ ਅਗਵਾਈ ਵਿੱਚ ਭਖਵੀਂਆਂ ਮੰਗਾਂ ਦੀ ਪੂਰਤੀ ਲਈ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਨੂੰ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ, ਸੁਖਜਿੰਦਰ ਸਿੰਘ, ਗੁਰਦਾਸ ਸਿੰਘ, ਸੁਖਚਰਨ ਸਿੰਘ, ਜਿਊਣ ਸਿੰਘ, ਸੁਖਪਾਲ ਸਿੰਘ, ਕੁਲਦੀਪ ਸਿੰਘ ਹਾਜ਼ਰ ਸਨ।
ਜ਼ੀਰਾ(ਪੱਤਰ ਪ੍ਰੇਰਕ): ਜ਼ੀਰਾ ਵਿੱਚ ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਦਾਣਾ ਮੰਡੀ ਜ਼ੀਰਾ ਵਿੱਚ ਕਰਮਜੀਤ ਸਿੰਘ ਸੇਖੋਂ ਦੀ ਆੜ੍ਹਤ ਤੇ ਰੱਖੇ ਗਏ ਇੱਕ ਪ੍ਰੋਗਰਾਮ ਦੌਰਾਨ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ।
ਵਿਧਾਇਕ ਬਣਾਂਵਾਲੀ ਦੇ ਲੇਟ ਆਉਣ ਕਾਰਨ ਕਿਸਾਨਾਂ ਨੇ ਜਾਮ ਲਾਇਆ
ਸੰਘਾ(ਪੱਤਰ ਪ੍ਰੇਰਕ): ਸਰਦੂਲਗੜ੍ਹ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਹਲਕੇ ਦੇ ਐੱਮਐਲਏ ਗੁਰਪ੍ਰੀਤ ਬਨਾਂਵਾਲੀ ਨੂੰ ਮੰਗ ਪੱਤਰ ਸੌਂਪਿਆ ਗਿਆ। ਗੁਰਪ੍ਰੀਤ ਬਣਾਂਵਾਲੀ ਦਾ ਦਫਤਰ ਵਿੱਚ ਕੁੱਝ ਸਮਾਂ ਲੇਟ ਆਉਣ ਕਾਰਨ ਕਿਸਾਨ ਜਥੇਬੰਦੀਆਂ ਨੇ ਕੁਝ ਮਿੰਟਾਂ ਲਈ ਹਾਈਵੇ ਰੋਡ ਵੀ ਜਾਮ ਕੀਤਾ। ਕਿਸਾਨ ਜਥੇਬੰਦੀਆਂ ਵੱਲੋਂ ਇਹ ਇਤਰਾਜ਼ ਵੀ ਜਤਾਇਆ ਗਿਆ ਕਿ ਐੱਮਐੱਲਏ ਗੁਰਪ੍ਰੀਤ ਸਿੰਘ ਨੂੰ ਪਹਿਲਾਂ ਹੀ ਮੰਗ ਪੱਤਰ ਦੇਣ ਬਾਰੇ ਸੂਚਿਤ ਕੀਤਾ ਹੋਇਆ ਸੀ ਪਰ ਦਫਤਰ ਵਿੱਚ ਨਾ ਮਿਲਣ ਕਾਰਨ ਉਹਨਾਂ ਵਿੱਚ ਹੀ ਆ ਕੇ ਐੱਮਐੱਲਏ ਨੇ ਕਿਸਾਨਾਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਕਿਸਾਨਾਂ ਦੀਆਂ ਮੰਗਾਂ ਤੇ ਜਲਦ ਅਮਲ ਕੀਤੇ ਜਾਣ ਦਾ ਵਿਸ਼ਵਾਸ ਦਵਾਇਆ।
ਮਸਲੇ ਹੱਲ ਨਾ ਹੋਏ ਤਾਂ ਸੰਘਰਸ਼ ਕਰਾਂਗੇ: ਡਕੌਂਦਾ
ਮੌੜ ਮੰਡੀ(ਜਗਤਾਰ ਅਨਜਾਣ): ਕਿਸਾਨੀ ਮੰਗਾਂ ਦੇ ਸਬੰਧ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਦੀ ਅਗਵਾਈ ਹੇਠ ਹਲਕਾ ਮੌੜ ਦੇ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਇੱਕ ਮੰਗ ਪੱਤਰ ਸਥਾਨਕ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਸੌਂਪਿਆ ਗਿਆ। ਇਸ ਸਮੇਂ ਗੁਰਦੀਪ ਸਿੰਘ ਨੇ ਦੱਸਿਆ ਕਿ ਇਹ ਮੰਗ ਪੱਤਰ ਵਾਜਬ ਹੱਲ ਲਈ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਭੇਜਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ 25 ਮਈ ਤੱਕ ਸਮੱਸਿਆਵਾਂ ਦਾ ਹੱਲ ਨਾ ਕੱਢਿਆ ਤਾਂ ਸੰਯੁਕਤ ਕਿਸਾਨ ਮੋਰਚਾ ਸੰਘਰਸ਼ ਛੇੜਨ ਲਈ ਮਜਬੂਰ ਹੋਵੇਗਾ।