ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਕਰਨ ਦੀ ਮੰਗ
ਭਾਜਪਾ ਆਗੂਆਂ ਨੇ ਕੇਂਦਰੀ ਸਹਿਰੀ ਹਵਾਬਾਜ਼ੀ ਰਾਜ ਮੰਤਰੀ ਮੁਰਲੀਧਰ ਨੂੰ ਮੰਗ ਪੱਤਰ ਸੌਂਪਿਆ
ਇੱਥੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਮੁਰਲੀਧਰ ਮੋਹੋਲ ਨੂੰ ਭਾਜਪਾ ਆਗੂਆਂ ਨੇ ਹਲਵਾਰਾ (ਲੁਧਿਆਣਾ) ਹਵਾਈ ਅੱਡੇ ਤੋਂ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਸਬੰਧੀ ਮੰਗ ਪੱਤਰ ਸੌਂਪਿਆ।
ਮੋਗਾ ਜ਼ਿਲ੍ਹੇ ’ਚ ਹੜ੍ਹ ਪ੍ਰਭਾਵਿਤ ਖ਼ੇਤਰ ਦਾ ਦੌਰਾ ਕਰਨ ਆਏ ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਮੁਰਲੀਧਰ ਮੋਹੋਲ ਨੂੰ ਭਾਜਪਾ ਬੁਲਾਰੇ ਨਿਧੜਕ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਸਿੰਘ ਨੇ ਹਲਵਾਰਾ (ਲੁਧਿਆਣਾ) ਹਵਾਈ ਅੱਡੇ ਤੋਂ ਘਰੇਲੂ ਅਤੇ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਸਬੰਧੀ ਮੰਗ ਪੱਤਰ ਸੌਂਪਿਆ। ਉਨ੍ਹਾਂ ਤਰਕ ਦਿੱਤਾ ਕਿ ਇੱਥੋਂ ਉਡਾਣਾਂ ਸ਼ੁਰੂ ਹੋਣ ਨਾਲ ਵਿਦੇਸ਼ ਜਾਣ ਲਈ ਅੰਮ੍ਰਿਤਸਰ ਅਤੇ ਦਿੱਲੀ ਨਹੀਂ ਜਾਣਾ ਪਵੇਗਾ। ਉਦਯੋਗਪਤੀਆਂ ਲਈ ਇੱਕ ਵੱਡੀ ਸਹੂਲਤ ਹੋਵੇਗੀ। ਕਾਰੋਬਾਰੀ ਵਿੱਤੀ ਤੌਰ ’ਤੇ ਮਜ਼ਬੂਤ ਹੋਣਗੇ। ਉਨ੍ਹਾਂ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸੇ ਸਾਲ 25 ਜੁਲਾਈ ਨੂੰ ਇਸ ਹਵਾਈ ਅੱਡੇ ਦਾ ਵਰਚੁਅਲ ਉਦਘਾਟਨ ਕਰਨ ਦਾ ਪ੍ਰੋਗਰਾਮ ਸੀ ਪਰ ਗੁਜਰਾਤ ਚੋਣਾਂ ਕਾਰਨ ਮੁਲਤਵੀ ਕਰ ਦਿੱਤਾ ਗਿਆ ਸੀ।
ਕੇਂਦਰੀ ਰਾਜ ਮੰਤਰੀ ਨੇ ਭਰੋਸਾ ਦਿੱਤਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਕੇ ਜਲਦੀ ਇਹ ਹਵਾਈ ਅੱਡੇ ਦਾ ਉਦਘਾਟਨ ਅਤੇ ਉਡਾਣਾਂ ਸ਼ੁਰੂ ਕਰਨ ਲਈ ਪ੍ਰੋਗਰਾਮ ਉਲੀਕਣਗੇ। ਉਨ੍ਹਾਂ ਕਿਹਾ ਕਿ ਹੜ੍ਹ ਕਾਰਨ ਘਰਾਂ, ਫ਼ਸਲਾਂ ਅਤੇ ਪਸ਼ੂਆਂ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਰਾਹਤ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 1600 ਕਰੋੜ ਰੁਪਏ ਦਾ ਰਾਹਤ ਪੈਕੇਜ ਜਾਰੀ ਕੀਤਾ ਗਿਆ ਹੈ ਅਤੇ ਜੇਕਰ ਇਹ ਰਕਮ ਨਾਕਾਫ਼ੀ ਰਹੀ, ਤਾਂ ਉਹ ਖੁਦ ਪ੍ਰਧਾਨ ਮੰਤਰੀ ਨੂੰ ਲਿਖਤੀ ਰੂਪ ਵਿੱਚ ਬੇਨਤੀ ਕਰਨਗੇ, ਜਿਸ ਨਾਲ ਭਵਿੱਖ ਵਿੱਚ ਇਹ ਪੈਕਜ ਹੋਰ ਵਧਾਇਆ ਜਾ ਸਕਦਾ ਹੈ।
ਪੰਜਾਬ ਸਰਕਾਰ ਨੇ ਕੇਂਦਰੀ ਹਵਾਬਾਜ਼ੀ ਮੰਤਰੀ ਨੂੰ ਲਿਖੀ ਸੀ ਚਿੱਠੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਅਰਪੋਰਟ ਅਥਾਰਟੀ ਆਫ ਇੰਡੀਆ ਦੀ 51 ਫ਼ੀਸਦੀ ਤੇ ਸੂਬਾ ਸਰਕਾਰ ਦੀ 49 ਫ਼ੀਸਦੀ ਹਿੱਸੇਦਾਰੀ ਵਾਲੇ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਹਵਾਈ ਅੱਡਾ ਰੱਖਣ ਲਈ ਇੱਕ ਸਾਲ ਪਹਿਲਾਂ ਕੇਂਦਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੂੰ ਚਿੱਠੀ ਲਿਖੀ ਗਈ ਸੀ। ਇਹ ਹਵਾਈ ਅੱਡਾ ਬਣਾਉਣ ਦੀ ਯੋਜਨਾ 2007 ਵਿੱਚ ਪਾਸ ਹੋਈ ਸੀ। ਇਸ ਤੋਂ ਪਹਿਲਾਂ ਇਹ ਭਾਰਤੀ ਹਵਾਈ ਸੈਨਾ ਦਾ ਬੇਸ ਰਿਹਾ ਹੈ ਅਤੇ ਦੂਜੇ ਵਿਸ਼ਵ ਯੁੱਧ ਦੌਰਾਨ ਸਹਿਯੋਗੀ ਹਵਾਈ ਸੈਨਾ ਲਈ ਇੱਕ ਸਟੇਜਿੰਗ ਬੇਸ ਵਜੋਂ ਵਰਤਿਆ ਅਤੇ ਯੁੱਧ ਤੋਂ ਬਾਅਦ ਇਸ ਨੂੰ ਛੱਡ ਦਿੱਤਾ ਗਿਆ। 16 ਮਾਰਚ 1950 ਨੂੰ ਮੁੜ ਭਾਰਤੀ ਹਵਾਈ ਸੈਨਾ ਅਧੀਨ ਐਕਟਿਵ ਕੀਤਾ ਗਿਆ।