ਜੋਗਿੰਦਰ ਸਿੰਘ ਮਾਨ
ਮਾਨਸਾ, 20 ਅਗਸਤ
ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੀ ਯਾਦ ਵਿੱਚ ਬਣੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਵਿਦਿਆਰਥੀ ਜਥੇਬੰਦੀ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ ਕਾਲਜ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਕਾਲਜ ਪ੍ਰਸ਼ਾਸਨ ਵੱਲੋਂ ਐੱਸਸੀ/ਐੱਸਟੀ ਵਿਦਿਆਰਥੀਆਂ ਤੋਂ ਜ਼ਬਰਦਸਤੀ ਪੀਟੀਏ ਫੰਡ ਵਸੂਲੇ ਜਾਣ ਦੇ ਵਿਰੋਧ ਵਿੱਚ ਕੀਤਾ ਗਿਆ। ਜ਼ਿਕਰਯੋਗ ਹੈ ਕਿ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਵਿਦਿਆਰਥੀਆਂ ਦਾ ਦਾਖ਼ਲਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਹੁੰਦਾ ਹੈ।
ਵਿਦਿਆਰਥੀਆਂ ਦੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਨੰਦਗੜ੍ਹ ਨੇ ਕਿਹਾ ਕਿ ਕਾਲਜ ਪ੍ਰਸ਼ਾਸਨ ਵੱਲੋਂ ਐੱਸ.ਸੀ./ਐੱਸ.ਟੀ. ਵਿਦਿਆਰਥੀਆਂ ਤੋਂ ਜ਼ਬਰਦਸਤੀ ਮੋਟਾ ਪੀਟੀਏ ਫੰਡ ਵਸੂਲਣ ਦੀ ਕੋਸ਼ਿਸ਼ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਕਾਲਜ ਪ੍ਰਸ਼ਾਸਨ ਸਰਕਾਰ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਵਾਰ ਕਾਲਜ ਪ੍ਰਸ਼ਾਸਨ ਵੱਲੋਂ ਦਲਿਤ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਜ਼ਲੀਲ ਕੀਤਾ ਜਾਂਦਾ ਹੈ ਅਤੇ ਨੀਵੀਂ ਜਾਤੀ ਦੇ ਹੋਣ ਦਾ ਅਹਿਸਾਸ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਸਕਾਲਰਸ਼ਿਪ ਜਾਰੀ ਨਾ ਹੋਣ ਕਰ ਕੇ ਪੰਜਾਬ ਅੰਦਰ ਦੋ ਲੱਖ ਐੱਸ.ਸੀ./ਐੱਸ.ਟੀ. ਵਿਦਿਆਰਥੀ ਉਚੇਰੀ ਸਿੱਖਿਆ ਤੋਂ ਵਾਂਝੇ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਤਾਂ ਪਹਿਲਾਂ ਹੀ ਦਲਿਤਾਂ ਵਿਰੋਧੀ ਨੀਤੀਆਂ ਬਣਾ ਕੇ ਦਲਿਤ ਭਾਈਚਾਰੇ ਨਾਲ ਵਿਤਕਾਰਾ ਕਰ ਰਹੀ ਹੈ। ਦੂਜਾ ਕਾਲਜ ਪ੍ਰਸ਼ਾਸਨ ਵਿੱਚ ਵੀ ਦਲਿਤ ਵਿਰੋਧੀ ਮਾਨਸਿਕਤਾ ਵਾਲੇ ਵਿਅਕਤੀ ਦਲਿਤ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਕਰ ਰਹੇ ਹਨ।
ਵਿਦਿਆਰਥੀ ਆਗੂ ਸ਼ਿਵ ਟਾਂਡੀਆ ਨੇ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਬਿਨਾ ਪੀਟੀਏ ਫੰਡ ਤੋਂ ਵਿਦਿਆਰਥੀਆਂ ਦਾ ਦਾਖ਼ਲਾ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਇਸ ਮਸਲੇ ਦਾ ਕੋਈ ਹੱਲ ਨਹੀਂ ਕਰਵਾਉਂਦਾ ਤਾਂ ਪੀਟੀਏ ਫੰਡ ਮੁਆਫ਼ ਕਰਵਾਉਣ ਲਈ 23 ਅਗਸਤ ਤੋਂ ਵਿਦਿਆਰਥੀਆਂ ਦੀਆਂ ਜਥੇਬੰਦੀਆਂ ਵੱਲੋਂ ਦਿਨ-ਰਾਤ ਦਾ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ ਅਤੇ ਪੀਟੀਏ ਫੰਡ ਮੁਆਫ਼ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਵਿਦਿਆਰਥੀ ਆਗੂ ਸੋਨੂੰ ਝੱਬਰ, ਕੁਲਦੀਪ ਸਿੰਘ ਖੋਖਰ, ਅਨਮੋਲ ਖੋਖਰ ਤੇ ਸੁੱਖੀ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।