ਜੋਗਿੰਦਰ ਸਿੰਘ ਮਾਨ
ਮਾਨਸਾ, 24 ਫਰਵਰੀ
ਦੇਸ਼ ਵਿੱਚ ਮਹਿੰਗਾਈ ਦੀ ਮਾਰ ਨੂੰ ਲੈ ਕੇ ਮਾਨਸਾ ਵਿਖੇ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸੰਸਥਾ ਸਹਿਯੋਗ ਦੇ ਚੇਅਰਮੈਨ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਖਿਲਾਫ਼ ਸਾਈਕਲ ਮਾਰਚ ਕੀਤਾ ਗਿਆ। ਇਸ ਰੋਸ ਮਾਰਚ ਦੌਰਾਨ ਸਾਈਕਲ ਸਵਾਰਾਂ ਨੇ ਮੋਦੀ ਸਰਕਾਰ ਖਿਲਾਫ਼ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਤੇਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਹਰ ਰੋਜ਼ ਕੀਤੇ ਜਾ ਰਹੇ ਵਾਧੇ ਖਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੇ ਕਿਹਾ ਕਿ ਸਮੇਂ-ਸਮੇਂ ’ਤੇ ਮੋਦੀ ਸਰਕਾਰ ਵੱਲੋਂ ਲਏ ਗਏ ਗਲਤ ਆਰਥਿਕ ਫੈਸਲਿਆਂ ਕਾਰਨ ਅੱਜ ਪੂਰਾ ਦੇਸ਼ ਮਹਿੰਗਾਈ ਦੀ ਮਾਰ ਝੱਲ ਰਿਹਾ ਹੈ ਤੇ ਆਰਥਿਕ ਬਰਬਾਦੀ ਦੇ ਕਗਾਰ ਉਤੇ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਯੂਪੀਏ ਸਰਕਾਰ ਵੇਲੇ ਡਰਾਮੇ ਕਰਨ ਵਾਲੇ ਭਾਜਪਾਈ ਲੀਡਰ ਤੇ ਰਾਮਦੇਵ ਵਰਗੇ ਵਪਾਰੀਆਂ ਨੂੰ ਅੱਜ ਆਸਮਾਨ ਛੂਹ ਰਹੀ ਮਹਿੰਗਾਈ ਨਹੀਂ ਦਿਸ ਰਹੀ। ਉਨ੍ਹਾਂ ਦੱਸਿਆ ਕਿ ਕੇਂਦਰ ਵਿੱਚ ਕਾਂਗਰਸ ਸਰਕਾਰ ਵੇਲੇ ਕੱਚੇ ਤੇਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਵੱਧ ਹੋਣ ਦੇ ਬਾਵਜੂਦ ਡਾ. ਮਨਮੋਹਨ ਸਿੰਘ ਦੀ ਸਰਕਾਰ ਨੇ ਲੋਕਾਂ ਨੁੰ ਮਹਿੰਗਾਈ ਦੀ ਮਾਰ ਤੋਂ ਬਚਾਕੇ ਰੱਖਿਆ ਸੀ। ਇਸ ਮੌਕੇ ਮਲਕੀਤ ਕੋਟਲੀ, ਰਵੀ ਰੁਪਾਲ, ਗਗਨ ਨਰਿੰਦਰਪੁਰਾ, ਰਾਜੀਵ ਕੱਲ੍ਹੋ, ਰਾਣਾ ਮਾਨਸਾ, ਵਰਿੰਦਰਜੀਤ ਬਿੱਟੂ, ਸਿੰਗਾਰਾ ਖਾਲਸਾ, ਗੁਰਸਰਨ ਮਾਨਸਾ, ਰਮਨ ਠੂਠਿਆਂਵਾਲੀ, ਦੀਪ ਉੱਭਾ ਨੇ ਵੀ ਸੰਬੋਧਨ ਕੀਤਾ।
ਮੋਗਾ (ਨਿੱਜੀ ਪੱਤਰ ਪੇ੍ਰਕ): ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਨੇ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਸਮੇਤ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਲਗਾਤਾਰ ਕੀਤੇ ਰਹੇ ਜਾ ਰਹੇ ਵਾਧੇ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਉਨ੍ਹਾਂ ਤੇਲ ਕੀਮਤਾਂ ਵਿੱਚ ਕੀਤਾ ਵਾਧਾ ਤੁਰੰਤ ਵਾਪਸ ਲੈਣ ਲਈ ਪ੍ਰਧਾਨ ਮੰਤਰੀ ਦੇ ਨਾਮ ਡੀਸੀ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਸਾਬਕਾ ਰਾਜ ਸੂਚਨਾ ਕਮਿਸ਼ਨਰ ਅਤੇ ਪਾਰਟੀ ਕੌਮੀ ਜਨਰਲ ਸਕੱਤਰ ਨਿਧੜਕ ਸਿੰਘ ਬਰਾੜ ਨੇ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਬੇਲੋੜੇ ਵਾਧੇ ਨੂੰ ਵਾਪਸ ਲੈਣ ਲਈ ਮੰਗ ਕਰਦਿਆਂ ਆਖਿਆ ਕਿ ਕਰੋਨਾ ਮਹਾਂਮਾਰੀ ਕਾਰਨ ਲੋਕ ਪਹਿਲਾਂ ਹੀ ਲੱਕ ਤੋੜਵੀਂ ਮਹਿੰਗਾਈ ਦੀ ਮਾਰ ਝੱਲ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਬੇਲੋੜਾ ਵਾਧਾ ਵਾਪਸ ਨਾ ਲਿਆ ਤਾਂ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਸੰਘਰਸ਼ ਵਿੱਢਿਆ ਜਾਵੇਗਾ।