ਜੋਗਿੰਦਰ ਸਿੰਘ ਮਾਨ
ਮਾਨਸਾ, 1 ਸਤੰਬਰ
ਪੰਜਾਬ ਸਰਕਾਰ ਵੱਲੋਂ ਨਰਮੇ ਦੀ ਆੜ੍ਹਤ ਘਟਾਉਣ ਦੇ ਕੀਤੇ ਐਲਾਨ ਤੋਂ ਬਾਅਦ ਆੜ੍ਹਤੀਆਂ ਵੱਲੋਂ ਆਰੰਭੀ ਗਈ ਹੜਤਾਲ ਦੇ ਪਹਿਲੇ ਦਿਨ ਅੱਜ ਮਾਲਵਾ ਖੇਤਰ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਾਰੋਬਾਰ ਬੰਦ ਕਰਕੇ ਸਰਕਾਰ ਵਿਰੋਧੀ ਪ੍ਰਦਰਸ਼ਨ ਕੀਤੇ ਗਏ। ਪ੍ਰਦਰਸ਼ਨਕਾਰੀਆਂ ਨੇ ਕਾਲੀਆਂ ਝੰਡੀਆਂ ਤੇ ਸਰਕਾਰ ਵਿਰੋਧੀ ਤਖ਼ਤੀਆਂ ਚੁੱਕੀਆਂ ਹੋਈਆਂ ਸਨ। ਮਾਨਸਾ ’ਚ ਆੜ੍ਹਤੀਆਂ ਵੱਲੋਂ ਮੁਕੰਮਲ ਕਾਰੋਬਾਰ ਤੇ ਆਪਣੀਆਂ ਦੁਕਾਨਾਂ ਬੰਦ ਕਰਕੇ ਕੱਢੇ ਗਏ ਸਰਕਾਰ ਵਿਰੋਧੀ ਪ੍ਰਦਰਸ਼ਨ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਬੱਬੀ ਦਾਨੇਵਾਲੀਆ ਨੇ ਪੰਜਾਬ ਸਰਕਾਰ ਖ਼ਿਲਾਫ਼ ਰੱਜ ਕੇ ਭੜਾਸ ਕੱਢਦਿਆਂ ਕਿਹਾ ਕਿ ਜੇ ਆਉਣ ਵਾਲੇ ਦਿਨਾਂ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਰਮੇ ਦੀ ਪੱਟੀ ਮਾਲਵਾ ’ਚ ਕਿਤੇ ਵੀ ਆਉਣਗੇ ਤਾਂ ਇਨ੍ਹਾਂ ਦੋਹਾਂ ਆਗੁੂਆਂ ਦਾ ਘਿਰਾਓ ਕੀਤਾ ਜਾਵੇਗਾ ਤੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਜੇ ਪੰਜਾਬ ਸਰਕਾਰ ਵੱਲੋਂ ਕੀਤੇ ਆੜ੍ਹਤੀ ਮਾਰੂ ਐਲਾਨ ਨੂੰ ਤੁਰੰਤ ਰੱਦ ਨਾ ਕੀਤਾ ਗਿਆ ਤਾਂ ਪੰਜਾਬ ਸਰਕਾਰ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਆੜ੍ਹਤੀ ਵਰਗ ਪਹਿਲਾਂ ਹੀ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਤੋਂ ਨਿਰਾਸ਼ ਹੈ, ਕਿਉਂਕਿ ਜਿੱਥੇ ਕੇਂਦਰ ਸਰਕਾਰ ਨੇ ਪਿਛਲੇ ਸਮੇਂ ਦੇ ਦੌਰਾਨ ਨਰਮੇ ਦੀ ਭਾਰਤੀ ਕਪਾਹ ਨਿਗਮ (ਸੀ.ਸੀ.ਆਈ) ਵੱਲੋਂ ਖਰੀਦ ਕਰਨ ਵੇਲੇ ਆੜ੍ਹਤੀਆਂ ਨੂੰ ਉਸਦੀ ਆੜ੍ਹਤ ਤੋ ਬਾਹਰ ਰੱਖਿਆ, ਉਥੇ ਹੀ ਪੰਜਾਬ ਸਰਕਾਰ ਵੱਲੋਂ ਵੀ ਮੂੰਗੀ ਦੀ ਸਰਕਾਰੀ ਖਰੀਦ ’ਤੇ ਆੜ੍ਹਤੀਆਂ ਨੂੰ ਉਨ੍ਹਾਂ ਦੀ ਬਣਦੀ ਆੜ੍ਹਤ ਨਹੀਂ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇ ਪੰਜਾਬ ਸਰਕਾਰ ਦਾ ਆੜ੍ਹਤੀਆਂ ਪ੍ਰਤੀ ਇਹੀ ਰਵੱਈਆਂ ਰਿਹਾ ਤਾਂ ਇਸ ਨਾਲ ਜੁੜੇ ਹੋਰ ਵਰਗ ਜਿਵੇਂ ਮੁਨੀਮ, ਮੁਨਸ਼ੀ ਤੇ ਹੋਰ ਮੁਲਾਜ਼ਮ ਵਰਗ ਬਿਲਕੁਲ ਬੇਰੁਜ਼ਗਾਰ ਹੋ ਜਾਵੇਗਾ ਤੇ ਉਹ ਵੀ ਸਰਕਾਰ ਖ਼ਿਲਾਫ਼ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਗੇ।
ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਨੇ ਖੇਤੀ ਕਾਨੁੂੰਨ ਬਣਾਕੇ ਆੜ੍ਹਤੀਆਂ ਦਾ ਕਾਰੋਬਾਰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ, ਪਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ਦੇ ਕਿਸਾਨਾਂ ਆੜ੍ਹਤੀਆਂ ਤੇ ਮਜ਼ਦੂਰ ਵਰਗ ਦੇ ਸਹਿਯੋਗ ਨਾਲ ਲੰਬਾ ਅੰਦੋਲਨ ਕੀਤਾ ਜਿਸਦੇ ਸਿੱਟੇ ਵਜੋਂ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਲਈ ਮਜਬੂਰ ਹੋਣਾ ਪਿਆ।
ਇਸ ਮੌਕੇ ਅਮਰਨਾਥ ਜਿੰਦਲ, ਰਮੇਸ਼ ਟੋਨੀ, ਤਰਸੇਮ ਚੰਦ ਕੱਦੂ, ਰਾਕੇਸ਼ ਕੁਮਾਰ ਕਾਕੂ, ਚੰਦਰ ਕਾਂਤ ਕੂਕੀ, ਰੋਸ਼ਨ ਲਾਲ ਆਦਿ ਨੇ ਵੀ ਸੰਬੋਧਨ ਕੀਤਾ।
ਕਪਾਹ ’ਤੇ ਆੜ੍ਹਤ ਘੱਟ ਕਰਨ ਦੇ ਫ਼ੈਸਲੇ ਦਾ ਵਿਰੋਧ
ਗਿੱਦੜਬਾਹਾ (ਪੱਤਰ ਪ੍ਰੇਰਕ) ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕਪਾਹ ਦੀ ਫਸਲ ’ਤੇ ਆੜ੍ਹਤ ਢਾਈ ਫੀਸਦੀ ਤੋਂ ਘਟਾ ਕੇ ਇੱਕ ਫੀਸਦੀ ਕਰਨ ਦੇ ਫੈਸਲੇ ਦੇ ਵਿਰੋਧ ਵਿੱਚ ਅੱਜ ਗਿੱਦੜਬਾਹਾ ਦੇ ਸਮੂਹ ਆੜ੍ਹਤੀਆਂ ਵੱਲੋਂ ਸ਼ਹਿਰ ’ਚ ਰੋਸ ਪ੍ਰਦਰਸ਼ਨ ਕੀਤਾ ਤੇ ਪੰਜਾਬ ਸਰਕਾਰ ਖ਼ਿਲਾਫ਼ ਨਆਰੇਬਾਜ਼ੀ ਕੀਤੀ। ਇਸ ਮੌਕੇ ਪੰਜਾਬ ਸਰਕਾਰ ਦੇ ਨਾਂ ਨਾਇਬ ਤਹਿਸੀਲਦਾਰ ਗਿੱਦੜਬਾਹਾ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਗਿੱਦੜਬਾਹਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਨੀਤ ਕੁਮਾਰ ਮੌਂਟੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਗਲਤ ਫੈਸਲੇ ਦੇ ਵਿਰੋਧ ’ਚ ਪ੍ਰਦਰਸ਼ਨ ਕੀਤਾ ਹੈ ਤੇ ਜਦੋਂ ਤੱਕ ਇਹ ਫੈਸਲਾ ਸਰਕਾਰ ਵਾਪਸ ਨਹੀਂ ਲੈਂਦੀ ਸੰਘਰਸ਼ ਜਾਰੀ ਰਹਾੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਆੜ੍ਹਤੀਆਂ ਦੀ ਵੈਰੀ ਲੱਗਦੀ ਸੀ ਹੁਣ ਪੰਜਾਬ ਸਰਕਾਰ ਵੀ ਉਨ੍ਹਾਂ ਦੇ ਨਕਸ਼ੇ ਕਦਮ ’ਤੇ ਚੱਲ ਰਹੀ ਹੈ ਤੇ ਆੜ੍ਹਤੀ ਪਰਿਵਾਰਾਂ ਦੀ ਰੋਟੀ ਖੋਹਣ ਵਾਲਾ ਫੈਸਲਾ ਲਿਆ ਹੈ।