ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 1 ਨਵੰਬਰ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਰੋਸ ਵਜੋਂ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਇੱਥੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਐਗਰੀਕਲਚਰ ਟੈਕਨਨੋਕ੍ਰੇਟ ਐਕਸ਼ਨ ਕਮੇਟੀ ਦੇ ਕਨਵੀਨਰ ਡਾ. ਕਰਨਜੀਤ ਸਿੰਘ ਗਿੱਲ ਨੇ ਕਿਹਾ ਕਿ ਪਿਛਲੇ ਲਗਪਗ 13 ਮਹੀਨਿਆਂ ਤੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਮੂਹ ਸਟਾਫ ਵੱਲੋਂ ਦਿਨ-ਰਾਤ ਪੂਰੀ ਤਨਦੇਹੀ ਨਾਲ ਲੋਕ ਚੇਤਨਾ ਮੁਹਿੰਮ ਚਲਾਈ ਜਾ ਰਹੀ ਹੈ, ਪਰ ਸਰਕਾਰ ਵੱਲੋਂ ਵਿਭਾਗ ਦੇ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰ ਦੇਣ ਨਾਲ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਮਨੋਬਲ ਡਿਗਿਆ ਹੈ। ਕਮੇਟੀ ਨੇ ਮੰਗ ਕੀਤੀ ਕਿ ਮੁਅੱਤਲ ਕੀਤੇ ਅਧਿਕਾਰੀਆਂ ਨੂੰ ਤੁਰੰਤ ਬਹਾਲ ਕੀਤੀ ਜਾਵੇ।
ਨਿਹਾਲ ਸਿੰਘ ਵਾਲਾ (ਪੱਤਰ ਪ੍ਰੇਰਕ): ਖੇਤੀ ਵਿਭਾਗ ਦੇ ਚਾਰ ਅਧਿਕਾਰੀਆਂ ਦੀ ਮੁਅੱਤਲੀ ਦੇ ਰੋਸ ਵਜੋਂ ਜ਼ਿਲ੍ਹਾ ਮੋਗਾ ਵਿੱਚ ਸਮੂਹ ਖੇਤੀਬਾੜੀ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਰੋਸ ਧਰਨਾ ਦੇ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਖੇਤੀਬਾੜੀ ਅਧਿਕਾਰੀਆਂ ਨੂੰ ਬਹਾਲ ਕਰਨ ਦੀ ਮੰਗ ਕੀਤੀ ਗਈ। ਜ਼ਿਲ੍ਹਾ ਮੋਗਾ ਖੇਤੀਬਾੜੀ ਅਫਸਰ ਡਾ. ਮਨਜੀਤ ਸਿੰਘ ਨੇ ਕਿਹਾ ਕਿ ਸਰਕਾਰ ਨੇ ਖੇਤੀਬਾੜੀ ਅਧਿਕਾਰੀਆਂ ਸਿਰ ਠਿੱਕਰਾ ਭੰਨ੍ਹ ਕੇ ਸਮੂਹ ਖੇਤੀਬਾੜੀ ਵਿਭਾਗ ਨੂੰ ਨਿਰਾਸ਼ ਕੀਤਾ ਹੈ।