ਇਕਬਾਲ ਸਿੰਘ ਸ਼ਾਂਤ
ਲੰਬੀ, 21 ਜੁਲਾਈ
ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਅੱਜ ਪਿੰਡ ਕਿੱਲਿਆਂਵਾਲੀ ਵਿੱਚ ਰੈਲੀ ਅਤੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਬਲਾਕ ਆਗੂ ਕਾਲਾ ਸਿੰਘ ਸਿੰਘੇਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਮਜ਼ਦੂਰਾਂ ਤੇ ਕਿਸਾਨਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਮਜ਼ਾਕ ਬਣ ਕੇ ਰਹਿ ਗਿਆ ਹੈ।
ਆਗੂ ਨੇ ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ ਮਾਈਕਰੋਫਾਇਨਾਂਸ ਕੰਪਨੀਆਂ ਦੇ ਕਰਜ਼ੇ ਸਮੇਤ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਤੇ ਬਿਜਲੀ ਬਿੱਲ ਮੁਆਫ਼ ਕਰਨ, ਬੇਘਰੇ ਅਤੇ ਲੋੜਵੰਦਾਂ ਨੂੰ ਪਲਾਟ ਦੇਣ ਅਤੇ ਖੇਤੀ ਕਾਨੂੰਨ ਤੇ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਵਾਪਸ ਲੈਣ ਵਰਗੀਆਂ ਮੰਗਾਂ ਸਬੰਧੀ 9 ਤੋਂ 11 ਅਗਸਤ ਤੱਕ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿੱਚ ਲਾਏ ਜਾ ਰਹੇ ਮੋਰਚੇ ਵਿੱਚ ਪਰਿਵਾਰਾਂ ਸਮੇਤ ਸ਼ਾਮਲ ਹੋਣ। ਇਸ ਮੌਕੇ ਮਹਿਲਾ ਮਜ਼ਦੂਰ ਆਗੂ ਤਾਰਾਵੰਤੀ ਤੋਂ ਇਲਾਵਾ ਜਸਵਿੰਦਰ ਸਿੰਘ ਘੱਦਾ ਅਤੇ ਗੁਰਤੇਜ ਸਿੰਘ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਆਖਿਆ ਕਿ ਪਟਿਆਲਾ ਧਰਨੇ ਤੋਂ ਪਹਿਲਾਂ 27 ਜੁਲਾਈ ਨੂੰ ਮਲੋਟ ਵਿੱਚ ਕਾਂਗਰਸੀ ਵਿਧਾਇਕ ਤੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਦੇ ਘਰ ਵੱਲ ਸਾਂਝੇ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਰੋਸ ਮਾਰਚ ਕਰ ਕੇ ਉਨ੍ਹਾਂ ਨੂੰ ਵੀ ਮੰਗ ਪੱਤਰ ਦਿੱਤਾ ਜਾਵੇਗਾ। ਇਸ ਮੌਕੇ ਹਾਜ਼ਰ ਮਜ਼ਦੂਰਾਂ ਤੇ ਔਰਤਾਂ ਨੇ ਮਲੋਟ ਤੇ ਪਟਿਆਲਾ ਵਿਚਲੇ ਪ੍ਰਦਰਸ਼ਨਾਂ ਵਿੱਚ ਪਰਿਵਾਰਾਂ ਸਮੇਤ ਸ਼ਾਮਲ ਹੋਣ ਦਾ ਐਲਾਨ ਕੀਤਾ।