ਪੱਤਰ ਪ੍ਰੇਰਕ
ਮਾਨਸਾ, 14 ਅਕਤੂਬਰ
ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਦੀ ਅਗਵਾਈ ਹੇਠ ਕਿਸਾਨਾਂ ਨੇ ਆਪਣੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਅੱਗੇ ਲਾਏ ਪੱਕੇ ਮੋਰਚੇ ਦੌਰਾਨ ਅੱਜ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਦੌਰਾਨ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਔਰਤਾਂ ਨੇ ਵੀ ਧਰਨੇ ਵਿੱਚ ਵੱਡੀ ਪੱਧਰ ’ਤੇ ਸ਼ਮੂਲੀਅਤ ਕੀਤੀ। ਇਸ ਤੋਂ ਪਹਿਲਾਂ ਪੱਕੇ ਮੋਰਚੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਮੱਖਣ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਸਰਕਾਰ ਨੂੰ ਲੋਕ ਰੋਹ ਨੂੰ ਦੇਖਦਿਆਂ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਇਨ੍ਹਾਂ ਮੰਗਾਂ ਵਿੱਚ ਫ਼ਸਲਾਂ ਦਾ ਖਰਾਬਾ, ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਨਾਲ ਮਰੀ ਫ਼ਸਲ ਦਾ ਖਰਚਾ, ਡਿੱਗੇ ਮਕਾਨਾਂ ਦੇ ਸਰਵਾ ਕਰਵਾਕੇ ਮੁਆਵਜ਼ਾ ਅਤੇ ਪਰਾਲੀ ਸਾੜ ਰਹੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀਆਂ ਬੰਦ ਕਰਨਾ ਆਦਿ ਸ਼ਾਮਲ ਹਨ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਅਤੇ ਸੀਨੀਅਰ ਮੀਤ ਪ੍ਰਧਾਨ ਜਗਦੇਵ ਸਿੰਘ ਭੈਣੀ ਬਾਘਾ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਸਰਕਾਰ ਖਿਲਾਫ਼ ਮੰਗਾਂ ਨਾ ਮੰਨਣ ਤੱਕ ਸੰਘਰਸ਼ ਜਾਰੀ ਰਹੇਗਾ।