ਰਾਜਵਿੰਦਰ ਰੌਂਤਾ
ਨਿਹਾਲ ਸਿੰਘ ਵਾਲਾ, 27 ਮਾਰਚ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬੱਧਨੀ ਕਲਾਂ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਸਾ, ਜਿਸ ਵਿੱਚ ਔਰਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਇਹ ਕਾਰਪੋਰੇਟ ਘਰਾਣਿਆਂ ਦੀ ਦਲਾਲੀ ਕਰ ਰਹੀ ਹੈ। ਚਾਰ ਮਹੀਨੀਆਂ ਤੋਂ ਕਿਸਾਨ ਧਰਨਿਆਂ ਉਤੇ ਬੈਠੇ ਹਨ ਅਤੇ ਕਈ ਕਿਸਾਨ ਸ਼ਹੀਦ ਹੋ ਚੁੱਕੇ ਹਨ, ਪਰ ਇਨ੍ਹਾਂ ਦੇ ਕੰਨ ’ਤੇ ਜੂੰਅ ਨਾ ਸਰਕਣਾ ਇਨ੍ਹਾਂ ਦੀ ਲੋਕ ਵਿਰੋਧੀ ਤੇ ਸੋਚ ਦਾ ਸਬੂਤ ਹੈ।
ਜ਼ੀਰਾ (ਹਰਮੇਸ਼ਪਾਲ ਨੀਲੇਵਾਲਾ) : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਭਾਰਤ ਬੰਦ ਦੇ ਸੱਦੇ ’ਤੇ ਜ਼ੀਰਾ ਵਿੱਚ ਨੈਸ਼ਨਲ ਹਾਈਵੇ 54 ’ਤੇ ਪਿੰਡ ਲਹਿਰਾ ਰੋਹੀ ਦੇ ਨਜ਼ਦੀਕ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਆਦਿ ਯੂਨੀਅਨਾਂ ਵੱਲੋਂ ਵਿਸ਼ਾਲ ਧਰਨਾ ਲਗਾਇਆ ਗਿਆ, ਜਿਸ ਵਿੱਚ ਔਰਤਾਂ ਅਤੇ ਬੱਚਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜਨਰਲ ਸਕੱਤਰ ਬਲਦੇਵ ਜ਼ੀਰਾ ਤੇ ਸਾਹਿਤਕਾਰ ਗੁਰਚਰਨ ਸਿੰਘ ਨੂਰਪੁਰ ਸਣੇ ਹੋਰਨਾਂ ਆਗੂਆਂ ਨੇ ਸੰਬੋਧਨ ਕੀਤਾ।