ਪਰਮਜੀਤ ਸਿੰਘ
ਫਾਜ਼ਿਲਕਾ, 13 ਜਨਵਰੀ
ਮਗਨਰੇਗਾ ਤਹਿਤ ਬਲਾਕ ਜਲਾਲਾਬਾਦ ਵਿੱਚ ਬਤੌਰ ਗਰਾਮ ਰੁਜ਼ਗਾਰ ਸੇਵਕ ਨੌਕਰੀ ਕਰਦੇ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਅੰਮ੍ਰਿਤਪਾਲ ਸਿੰਘ ਨੂੰ ਬੀਤੀ 31 ਦਸੰਬਰ ਤੋਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਕਿਸਾਨੀ ਧਰਨੇ ਵਿੱਚ ਸ਼ਾਮਲ ਹੋਣ ਬਦਲੇ ਨੌਕਰੀ ਤੋਂ ਬਰਖਾਸਤ ਕੀਤਾ ਹੋਇਆ ਹੈ, ਜਿਸ ਦੇ ਰੋਸ ਵਜੋਂ ਡਿਪਟੀ ਕਮਿਸ਼ਨਰ ਦਫਤਰ ਅੱਗੇ ਮਗਨਰੇਗਾ ਮੁਲਾਜ਼ਮਾਂ ਦਾ ਧਰਨਾ ਜਾਰੀ ਹੈ। ਅੱਜ ਲੋਹੜੀ ਮੌਕੇ ਜ਼ਿਲ੍ਹੇ ਭਰ ਦੇ ਮਗਨਰੇਗਾ ਮੁਲਾਜ਼ਮਾਂ ਨੇ ਪਰਿਵਾਰਾਂ ਸਮੇਤ ਕਾਲੇ ਚੋਲੇ ਪਾ ਕੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਅਰਥੀਆਂ ਸਾੜ ਕੇ ਰੋਸ ਮੁਜ਼ਾਹਰਾ ਕੀਤਾ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੰਨੀ ਕੁਮਾਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਬਹਾਲ ਕਰਵਾਉਣ ਲਈ ਉਨ੍ਹਾਂ ਨੂੰ ਕਿਸੇ ਵੀ ਹੱਦ ਤੱਕ ਵੀ ਜਾਣਾ ਪਵੇ ਤਾਂ ਉਹ ਗੁਰੇਜ਼ ਨਹੀਂ ਕਰਨਗੇ। ਇਸ ਸਬੰਧੀ ਸੂਬਾ ਕਮੇਟੀ ਨੇ ਵੀ ਅਗਲੇ ਸੰਘਰਸ਼ ਉਲੀਕ ਦਿੱਤੇ ਹਨ, ਜਿਸ ਤਹਿਤ 15 ਜਨਵਰੀ ਸ਼ੁੱਕਰਵਾਰ ਨੂੰ ਸਾਰੇ ਜ਼ਿਲ੍ਹਾ ਸਦਰ ਮੁਕਾਮਾਂ ‘ਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ ਅਤੇ 20 ਜਨਵਰੀ ਨੂੰ ਪੰਜਾਬ ਪੱਧਰ ਦਾ ਇਕੱਠ ਕਰਕੇ ਡਿਪਟੀ ਕਮਿਸ਼ਨਰ ਦਫਤਰ ਫਾਜ਼ਿਲਕਾ ਦਾ ਘਿਰਾਓ ਕੀਤਾ ਜਾਵੇਗਾ।