ਜਸਵੰਤ ਜੱਸ
ਫ਼ਰੀਦਕੋਟ, 26 ਜੁਲਾਈ
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫਰੀਦਕੋਟ ਵਲੋਂ ਵਿਧਾਇਕਾਂ ਤੇ ਹੋਰਨਾਂ ਸਿਆਸੀ ਆਗੂਆਂ ਨੂੰ ਮੰਗ ਪੱਤਰ ਦੇਣ ਅਤੇ ਉਨ੍ਹਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦੀ ਲੜੀ ਤਹਿਤ ਇਥੇ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਦੌਰਾਨ ਡਾ. ਰਛਪਾਲ ਸਿੰਘ ਸੰਧੂ, ਡਾ. ਕੌਰ ਸਿੰਘ ਸੂਰਘੁਰੀ, ਡਾ. ਗੁਰਤੇਜ ਸਿੰਘ ਸਾਦਿਕ, ਡਾ. ਯਸ਼ਪਾਲ ਗੁਲਾਟੀ, ਡਾ. ਐੱਚ.ਐੱਸ ਵੋਹਰਾ ਅਤੇ ਡਾ. ਗੁਰਸ਼ਰਨਜੀਤ ਸਿੰਘ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਮੰਨਵਾਉਣ ਅਤੇ ਪ੍ਰੈਕਟਿਸ ਵਿੱਚ ਆ ਰਹੀਆਂ ਸਮੱਸਿਆਵਾਂ ਦੇ ਹੱਲ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ ਅਤੇ ਇਸ ਤੋਂ ਬਾਅਦ ਹੋਰਨਾਂ ਰਾਜਨੀਤਿਕ ਪਾਰਟੀ ਦੇ ਪ੍ਰਮੁੱਖ ਆਗੂਆਂ ਨੂੰ ਵੀ ਮੰਗ ਪੱਤਰ ਸੌਂਪਣਗੇ। ਡਾ. ਗੁਰਪਾਲ ਸਿੰਘ ਮੌੜ, ਡਾ. ਵੈਦ ਬਗੀਚਾ ਸਿੰਘ ਅਤੇ ਬਲਵਿੰਦਰ ਸਿੰਘ ਸਿਵੀਆਂ ਨੇ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਕਰੋਨਾ ਮਹਾਮਾਰੀ ਦੌਰਾਨ ਲੋਕਾਂ ਨੂੰ ਬਿਹਤਰ ਸੇਵਾਵਾਂ ਦਿੱਤੀਆਂ ਹਨ, ਪਰ ਸਮੇਂ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਇਸ ਲਈ ਉਹ ਸਿਆਸੀ ਆਗੂਆਂ ਦੇ ਘਰਾਂ ਅੱਗੇ ਪ੍ਰਦਰਸ਼ਨ ਕਰਕੇ ਆਪਣਾ ਰੋਸ ਜ਼ਾਹਰ ਕਰਨਗੇ।