ਜੋਗਿੰਦਰ ਸਿੰਘ ਮਾਨ
ਮਾਨਸਾ, 1 ਅਗਸਤ
ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਜ਼ ਯੂਨੀਅਨ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਖ਼ਿਲਾਫ਼ ਮੁਜ਼ਾਹਰਾ ਕਰਦਿਆਂ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਜਾਰੀ ਕੀਤੇ ਪੱਤਰ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਇਸ ਮੌਕੇ 17 ਜੁਲਾਈ ਦੇ ਤਨਖ਼ਾਹ ਵਾਲੇ ਪੱਤਰ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ।
ਜਥੇਬੰਦੀ ਦੇ ਮੱਖਣ ਸਿੰਘ ਅਤੇ ਗੁਰਪਿਆਰ ਸਿੰਘ ਬੋੜਾਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ, ਕੱਚੇ ਮੁਲਾਜ਼ਮਾਂ ਅਤੇ ਬੇਰੁਜ਼ਗਾਰਾਂ ਨਾਲ ਜਿਹੜੇ ਵਾਅਦੇ ਕਰ ਕੇ ਸਰਕਾਰ ਦਾ ਗਠਨ ਕੀਤਾ ਗਿਆ ਸੀ, ਉਹ ਵਾਅਦੇ ਪੂਰੇ ਨਾ ਕਰਦਿਆਂ ਮੁਲਾਜ਼ਮਾਂ ਦੀ ਸੰਘੀ ਘੁੱਟੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਤਨਖਾਹ ਸਕੇਲਾਂ ਨੂੰ ਤਿਲਾਂਜਲੀ ਦੇ ਕੇ ਕੇਂਦਰ ਸਰਕਾਰ ਦੇ ਪੈਟਰਨ ਅਨੁਸਾਰ ਤਨਖਾਹ ਸਕੇਲ ਦੇਣ ਦਾ ਪੱਤਰ 17 ਜੁਲਾਈ ਨੂੰ ਵਿੱਤ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ, ਜੋ ਬੇਰੁਜ਼ਗਾਰ ਨੌਜਵਾਨਾਂ ਅਤੇ ਸਰਕਾਰੀ ਅਦਾਰਿਆਂ ਲਈ ਖ਼ਤਰੇ ਦੀ ਘੰਟੀ ਹੈ। ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ ਕੱਢੀਆਂ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ 200 (ਮੇਲ), 600 (ਫੀਮੇਲ) ਅਸਾਮੀਆਂ ਵਿੱਚ ਉਮਰ-ਹੱਦ 37 ਤੋਂ 42 ਸਾਲ ਕਰਨ ਅਤੇ ਅਸਾਮੀਆਂ ਦੀ ਗਿਣਤੀ ਵਧਾਉਣ ਦੀ ਮੰਗ ਕਰਦਿਆਂ ਬੇਰੁਜ਼ਗਾਰ ਜਥੇਬੰਦੀਆਂ ਨੇ ਮੰਗਾਂ ਦਾ ਹੱਲ ਨਾ ਹੋਣ ‘ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।