ਪੱਤਰ ਪ੍ਰੇਰਕ
ਮਾਨਸਾ, 6 ਦਸੰਬਰ
ਪੰਜਾਬ ਸਰਕਾਰ ਦਾ ਨਿਵੇਕਲੇ ਢੰਗ ਨਾਲ ਵਿਰੋਧ ਕਰਦਿਆਂ ਅੱਜ ਇਥੇ ਐੱਨਐੱਚਐੱਮ ਐਂਪਲਾਈਜ਼ ਯੂਨੀਅਨ ਵੱਲੋਂ ਕਰੋਨਾ ਕਾਲ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਵਾਲੇ ਸਿਹਤ ਕਰਮੀਆਂ ਨੂੰ ਦਿੱਤੇ ਐਵਾਰਡ ਵਾਪਸ ਕਰਨ ਦਾ ਰੋਸ ਜਿਤਾਇਆ ਹੈ। ਅੰਦੋਲਨਕਾਰੀਆਂ ਨੇ ਆਪਣੇ ਇਹ ਐਵਾਰਡ ਮਾਨਸਾ ਦੇ ਡਿਪਟੀ ਕਮਿਸ਼ਨਰ ਨੂੰ ਵਾਪਸ ਕੀਤੇ ਗਏ ਅਤੇ ਪੰਜਾਬ ਸਰਕਾਰ ਦਾ ਵਿਧਾਨ ਸਭਾ ਚੋਣਾਂ ਦੌਰਾਨ ਡੱਟ ਕੇ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਧਰਨਾਕਾਰੀਆਂ ਨੇ ਮਾਨਸਾ ਸ਼ਹਿਰ ਵਿੱਚ ਰੋਸ ਮੁਜ਼ਾਹਰਾ ਕਰਕੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪੈਦਲ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਸੂਬਾ ਕਮੇਟੀ ਮੈਂਬਰ ਜਗਦੇਵ ਸਿੰਘ ਮਾਨ, ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਨੇ ਸੰਬੋਧਨ ਕੀਤਾ।
ਬਠਿੰਡਾ (ਪੱਤਰ ਪ੍ਰੇਰਕ): ਇੱਥੋਂ ਦੇ ਸ਼ਹੀਦ ਮਨੀ ਸਿੰਘ ਸਰਕਾਰੀ ਹਸਪਤਾਲ ਵਿਚ ਨਰਸਿੰਗ ਸਟਾਫ ਵੱਲੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕਰਦਿਆਂ ਸਿਵਲ ਸਰਜਨ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ। ਨਰਸਿੰਗ ਐਸੋਸੀਏਸ਼ਨ ਦੀ ਪ੍ਰਧਾਨ ਸਵਰਨਜੀਤ ਕੌਰ , ਆਗੂ ਪਰਮਜੀਤ ਕੌਰ ਨੇ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਨਾ ਮੰਨੀਆਂ ਤਾਂ ਸਿਹਤ ਵਿਭਾਗ ਦੀਆਂ ਦੂਜੀਆਂ ਜਥੇਬੰਦੀਆਂ ਨੂੰ ਨਾਲ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਬਰਨਾਲਾ (ਖੇਤਰੀ ਪ੍ਰਤੀਨਿਧ): ਸੇਵਾਵਾਂ ਰੈਗੂਲਰ ਕਰਨ ਦੀ ਮੰਗ ਲਈ ਹੜਤਾਲ ’ਤੇ ਚੱਲ ਰਹੇ ਕੌਮੀ ਸਿਹਤ ਮਿਸ਼ਨ (ਐੱਨਐੱਚਐੱਮ) ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਸੂਬਾ ਪੱਧਰੀ ਸੱਦੇ ਤਹਿਤ ਭਲਕੇ ਕਚਹਿਰੀ ਚੌਕ ਬਰਨਾਲਾ ਵਿੱਚ ਦੋ ਘੰਟੇ ਲਈ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਬਰਨਾਲਾ ਦੇ ਪਾਰਕ ਵਿੱਚ ਚੱਲ ਰਹੇ ਜ਼ਿਲ੍ਹਾ ਪੱਧਰੀ ਧਰਨੇ ਨੂੰ ਹਮਾਇਤ ਦੇਣ ਲਈ ਅੱਜ ਹਲਕਾ ਬਰਨਾਲਾ ਦੇ ਵਿਧਾਇਕ ਅਤੇ ‘ਆਪ’ ਆਗੂ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ। ਇਸ ਮੌਕੇ ਐੱਨਐੱਚਐੱਮ ਕਾਮਿਆਂ ਵੱਲੋਂ ਵਿਧਾਇਕ ਮੀਤ ਹੇਅਰ ਨੂੰ ਮੰਗ ਪੱਤਰ ਸੌਂਪਿਆ।
ਮੈਡੀਕਲ ਪ੍ਰੈਕਟੀਸ਼ਨਰਾਂ ਨੇ ਸਰਕਾਰ ਦਾ ਪੁਤਲਾ ਸਾੜਿਆ
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਸ੍ਰੀ ਮੁਕਤਸਰ ਸਾਹਿਬ ਵੱਲੋਂ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਪੁਤਲਾ ਸਾੜਕੇ ਰੋਸ ਜ਼ਾਹਿਰ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਡਾ. ਬਲਵਿੰਦਰ ਸਿੰਘ ਨਿੱਕਾ, ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਆਰਗੇਨਾਈਜ਼ਰ ਸੈਕਟਰੀ ਡਾ. ਦੀਦਾਰ ਨੇ ਪੰਜਾਬ ਸਰਕਾਰ ਤੋਂ ਮੰਗਾਂ ਮੰਨਣ ਦੀ ਅਪੀਲ ਕੀਤੀ।