ਪਰਮਜੀਤ ਸਿੰਘ
ਫਾਜ਼ਿਲਕਾ, 30 ਦਸੰਬਰ
ਪੰਜਾਬ ਭਰ ਵਿਚ ਪਿਛਲੇ ਲਗਪਗ 15 ਵਰ੍ਹਿਆਂ ਤੋਂ ਰੂਰਲ ਅਤੇ ਹੈਲਥ ਵਿਭਾਗ ’ਚ ਬਿਨਾ ਮਾਣ-ਭੱਤੇ, ਬਿਨਾ ਕਿਸੇ ਸਕਿਓਰਿਟੀ ਤੋਂ ਬਹੁਤ ਘੱਟ ਤਨਖਾਹਾਂ ’ਤੇ ਸੇਵਾਵਾਂ ਦੇ ਰਹੇ ਰੂਰਲ ਹੈਲਥ ਫਾਰਮੇਸੀ ਅਫ਼ਸਰਾਂ ਅਤੇ ਦਰਜਾ ਚਾਰ ਕਾਮਿਆਂ ਵੱਲੋਂ ਅੱਜ ਇੱਥੇ ਡੀਸੀ ਦਫ਼ਤਰ ਅੱਗੇ ਪ੍ਰਦਰਸ਼ਨ ਕਰਦੇ ਹੋਏ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਬਿੱਲ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਅਸ਼ੀਸ਼ ਸ਼ਰਮਾ ਨੇ ਦੱਸਿਆ ਕਿ ਖਰੜ ਵਿੱਚ ਹੋਈ ਰੈਲੀ ਦੌਰਾਨ ਐੱਸਡੀਐੱਮ ਵੱਲੋਂ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਨਾਲ ਪੈਨਲ ਮੀਟਿੰਗ ਦਾ ਲਿਖਤ ਭਰੋਸਾ ਦਿੱਤੇ ਜਾਣ ਤੋਂ ਬਾਅਦ ਸ਼ੁਰੂ ਕੀਤਾ ਗਿਆ ਪੱਕਾ ਮੋਰਚਾ ਅੱਜ ਲਗਾਤਾਰ 7ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ ਪਰ ਅਜੇ ਤੱਕ ਮਸਲਿਆਂ ਦਾ ਕੋਈ ਹੱਲ ਨਾ ਹੋਣ ਕਰ ਕੇ ਰੋਸ ਵਿਚ ਆਏ ਇਨ੍ਹਾਂ ਮੁਲਾਜ਼ਮਾਂ ਵੱਲੋਂ ਪੰਜਾਬ ਦੇ ਡੀਸੀ ਦਫ਼ਤਰਾਂ ਅੱਗੇ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਫੈਸਲਾ ਲਿਆ ਕਿ ਜੇਕਰ ਪੈਨਲ ਮੀਟਿੰਗ ’ਚ ਕੋਈ ਹੱਲ ਨਾ ਹੋਇਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ ਅਤੇ ਮੁਲਾਜ਼ਮ ਹੜਤਾਲ ’ਤੇ ਬੈਠੇ ਰਹਿਣਗੇ। ਇਸ ਮੌਕੇ ਵਿਕਾਸ ਚਾਵਲਾ, ਮਹਿੰਦਰ ਸਿੰਘ, ਗੁਰਦੀਪ ਸਿੰਘ, ਸੁਰਿੰਦਰ ਕੁਮਾਰ ਆਦਿ ਆਗੂ ਹਾਜ਼ਰ ਸਨ।