ਪੱਤਰ ਪ੍ਰੇਰਕ
ਗਿੱਦੜਬਾਹਾ, 26 ਜੁਲਾਈ
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ’ਤੇ 8 ਅਗਸਤ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਦਿੱਤੇ ਜਾਣ ਵਾਲੇ ਧਰਨਿਆਂ ਸਬੰਧੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਜ਼ਿਲ੍ਹਾ ਆਗੂ ਬਾਜ਼ ਸਿੰਘ ਭੁੱਟੀਵਾਲਾ ਦੀ ਅਗਵਾਈ ’ਚ ਮੀਟਿੰਗ ਦੌਰਾਨ ਵਿਊਂਤਬੰਦੀ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂ ਨੇ ਪੰਜਾਬ ਸਰਕਾਰ ਉੱਤੇ ਮਜ਼ਦੂਰਾਂ ਦੇ ਭਖ਼ਦੇ ਤੇ ਹੱਕੀ ਮਸਲਿਆਂ ਨੂੰ ਅਣਗੌਲਿਆਂ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਮਜ਼ਦੂਰਾਂ ਦੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ, ਮਨਰੇਗਾ ਮਜ਼ਦੂਰਾਂ ਨੂੰ 300 ਦਿਨਾ ਦਾ ਕੰਮ ਦੇਣ, ਦਿਹਾੜੀ 700 ਰੁਪਏ ਕਰਨ, ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਮਜ਼ਦੂਰਾਂ ਨੂੰ ਸਸਤੇ ਭਾਅ ਠੇਕੇ ’ਤੇ ਦੇਣ, ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ ਕਰਨ, ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀ ਦੇਣ, ਬੇਘਰੇ ਤੇ ਲੋੜਵੰਦਾਂ ਨੂੰ ਪਲਾਟ ਦੇਣ, ਘਰ ਬਣਾਉਣ ਵਾਸਤੇ 5 ਲੱਖ ਦੀ ਗ੍ਰਾਂਟ ਦੇਣ, ਸਿੱਖਿਆ ਤੇ ਸਿਹਤ ਸੇਵਾਵਾਂ ਯਕੀਨੀ ਬਣਾਉਣ, ਬੁਢਾਪਾ, ਵਿਧਵਾ, ਅੰਗਹੀਣ ਪੈਨਸ਼ਨਾਂ 5000 ਰੁਪਏ ਕਰਨ ਵਰਗੀਆਂ ਮੰਗਾਂ ਨੂੰ ਲੈ ਕੇ 8 ਅਗਸਤ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਦੇਸ਼ ਭਰ ’ਚ ਜੇਲੀਂ ਡੱਕੇ ਬੁੱਧੀਜੀਵੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ।