ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ ਪ੍ਰਦਰਸ਼ਨ
ਬੇਰੁਜ਼ਗਾਰ ਸਾਂਝਾ ਮੋਰਚੇ ਨੇ ਅੱਜ ਇੱਥੇ ਪੰਜਾਬ ਸਰਕਾਰ ਦੇ ਮੀਟਿੰਗਾਂ ਦੇ ਪੱਤਰਾਂ ਰੂਪੀ ਲਾਰਿਆਂ ਨੂੰ ਫੂਕ ਕੇ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ। ਮੋਰਚੇ ਦੇ ਆਗੂਆਂ ਨੇ ਐਲਾਨ ਕੀਤਾ ਕਿ ਜੇ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਪ੍ਰਤੀ ਨਰਮਾਈ ਵਾਲਾ ਰਵੱਈਆ ਨਾ ਅਪਣਾਇਆ ਗਿਆ ਤਾਂ ਤਿੱਖਾ ਅੰਦੋਲਨ ਵਿੱਢਿਆ ਜਾਵੇਗਾ।
ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸੂਬਾ ਕਨਵੀਨਰ ਹਰਜਿੰਦਰ ਸਿੰਘ ਝੁਨੀਰ ਨੇ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਜੇ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਸਾਰਥਕ ਮੀਟਿੰਗਾਂ ਨਹੀਂ ਕਰਦੀ ਤਾਂ ਮੰਗਾਂ ਦੀ ਪੂਰਤੀ ਤੱਕ ਆਉਣ ਵਾਲੇ ਦਿਨਾਂ ਵਿੱਚ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕਾ ਧਰਨਾ ਲਾਇਆ ਜਾਵੇਗਾ।
ਬੀ ਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਕਨਵੀਨਰ ਅਤੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਮੋਫ਼ਰ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਵਿੱਚ ਕ੍ਰਾਂਤੀ ਲਿਆਉਣ ਦੇ ਨਾਅਰੇ ਨਾਲ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪੋਲ ਖੁੱਲ੍ਹਦੀ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮਾਸਟਰ ਕੇਡਰ ਵਿੱਚ 55 ਫ਼ੀਸਦੀ ਦੀ ਸ਼ਰਤ ਰੱਦ ਕਰ ਕੇ ਨਵੀਂ ਭਰਤੀ ਦਾ ਇਸ਼ਤਿਹਾਰ ਨਹੀਂ ਦਿੱਤਾ ਗਿਆ।
