ਖੇਤਰੀ ਪ੍ਰਤੀਨਿਧ
ਬਰਨਾਲਾ, 27 ਜੁਲਾਈ
ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਪਰਦੀਪ ਕੁਮਾਰ ਅਤੇ ਸੂਬਾ ਮੀਤ ਪ੍ਰਧਾਨ ਸਿਕੰਦਰ ਸਿੰਘ ਦੀ ਅਗਵਾਈ ਵਿੱਚ ਆਪਣੀਆਂ ਮੰਗਾਂ ਸਬੰਧੀ ਪ੍ਰਦਰਸ਼ਨ ਉਪਰੰਤ ਵਫ਼ਦ ਦੇ ਰੂਪ ’ਚ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮਿਲਕੇ ਮੰਗ ਪੱਤਰ ਸੌਂਪਿਆ ਗਿਆ। ਇਸ ਦੌਰਾਨ ਸੂਬਾ ਮੀਤ ਪ੍ਰਧਾਨ ਸਿਕੰਦਰ ਸਿੰਘ ਨੇ ਦੱਸਿਆ ਕਿ ਪਿਛਲੇ 17 ਸਾਲਾਂ ਤੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਰਹੇ ਕੰਪਿਊਟਰ ਅਧਿਆਪਕਾਂ ਦਾ ਅੱਜ ਵੀ ਸ਼ੋਸ਼ਣ ਜਾਰੀ ਹੈ। ਪਿਛਲੀਆਂ ਅਕਾਲੀ-ਭਾਜਪਾ ਤੇ ਕਾਂਗਰਸੀ ਸਰਕਾਰਾਂ ਨੇ ਰੈਗੂਲਰ ਮੁਲਾਜ਼ਮਾਂ ਵਾਲੀਆਂ ਸਾਰੀਆਂ ਸਹੂਲਤਾਂ ਤੋਂ ਵਾਂਝਾ ਰੱਖਿਆ।
ਨਵੀਂ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਇਨ੍ਹਾਂ ਅਧਿਆਪਕਾਂ ਨੂੰ ਬਹੁਤ ਆਸ ਸੀ ਪਰ ਬਹੁਤ ਕੋਸ਼ਿਸ਼ਾਂ ਦੇ ਬਾਵਜੂਦ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੰਪਿਊਟਰ ਅਧਿਆਪਕਾਂ ਦੀਆਂ ਸਮੱਸਿਆਵਾਂ ਦਾ ਅਜੇ ਤੱਕ ਕੋਈ ਹੱਲ ਨਹੀਂ ਕੀਤਾ। ਆਗੂਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਕੰਪਿਊਟਰ ਅਧਿਆਪਕਾਂ ਦੇ 2011 ਦੇ ਰੈਗੂਲਰ ਨੋਟੀਫਿਕੇਸ਼ਨ ਨੂੰ ਲਾਗੂ ਨਹੀਂ ਕਰਦੀ ਤਾਂ ਕੰਪਿਊਟਰ ਅਧਿਆਪਕਾਂ ਨੂੰ ਮੁੜ ਸੰਘਰਸ਼ ਦੇ ਰਾਹ ਪੈਣਾ ਪਵੇਗਾ।