ਮੁਲਾਜ਼ਮ ਤੇ ਪੈਨਸ਼ਨਰ ਫਰੰਟ ਵੱਲੋਂ ਵਿਧਾਇਕ ਦੇ ਘਰ ਅੱਗੇ ਪ੍ਰਦਰਸ਼ਨ
ਪੱਤਰ ਪ੍ਰੇਰਕ
ਜੈਤੋ, 18 ਫਰਵਰੀ
ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਨੇ ਆਪਣੀਆਂ ਮੰਗਾਂ ਲਈ ਇੱਥੇ ਵਿਧਾਇਕ ਅਮੋਲਕ ਸਿੰਘ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕਰ ਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਵਿਖਾਵਾਕਾਰੀਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਆਗਾਮੀ ਲੋਕ ਸਭਾ ਚੋਣਾਂ ਮੌਕੇ ਪੰਜਾਬ ਦੇ ਹਰ ਕੋਨੇ ’ਚ ਪਹੁੰਚ ਕੇ ਆਮ ਆਦਮੀ ਪਾਰਟੀ ਦਾ ‘ਲੋਕ ਵਿਰੋਧੀ ਚਿਹਰਾ’ ਲੋਕਾਂ ਵਿੱਚ ਨੰਗਾ ਕਰਨਗੇ। ਫਰੰਟ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਜਥੇਬੰਦੀ ਦੀਆਂ ਮੰਗਾਂ ਕਬੂਲ ਕਰਨ ਦੀ ਮੰਗ ਕੀਤੀ। ਉਨ੍ਹਾਂ ਪੈਨਸ਼ਨਰਾਂ ਅਤੇ ਕਰਮਚਾਰੀਆਂ ’ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਮਹੀਨਾ ‘ਵਿਕਾਸ ਕਰ’ ਲਾਏ ਜਾਣ ਨੂੰ ਲੈ ਕੇ ਰੋਸ ਜਤਾਉਂਦਿਆਂ ਇਸ ਨੂੰ ਬੰਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ’ਤੇ ਪੰਜਾਬ ਸਰਕਾਰ ਵੱਲੋਂ ਬਿਨਾਂ ਮਤਲਬ ਵੱਡਾ ਬੋਝ ਪਾਇਆ ਗਿਆ ਹੈ।
ਪ੍ਰਦਰਸ਼ਨਕਾਰੀਆਂ ਨੇ ਰਾਜ ਸਰਕਾਰ ਤੋਂ ਕੇਂਦਰੀ ਪੈਟਰਨ ਵਾਂਗ ਰਾਜ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਡੀਏੇ 46 ਫੀਸਦੀ ਕਰਨ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਬਕਾਇਆ ਦੇਣ, ਕੈਪਟਨ ਸਰਕਾਰ ਵੱਲੋਂ ਖੋਹੇ ਗਏ 37 ਭੱਤੇ ਬਹਾਲ ਕਰਨ ਅਤੇ ਪੁਰਾਣੀ ਪੈਨਸ਼ਨ 1972 ਦੇ ਨਿਯਮਾਂ ਅਨੁਸਾਰ ਲਾਗੂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।