ਖੇਤਰੀ ਪ੍ਰਤੀਨਿਧ
ਬਰਨਾਲਾ, 19 ਮਾਰਚ
ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਅਤੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਬਰਨਾਲੇ ਜ਼ਿਲ੍ਹੇ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ, ਐੱਸਡੀ ਕਾਲਜ, ਯੂਨੀਵਰਸਿਟੀ ਕਾਲਜ ਢਿੱਲਵਾਂ ਅਤੇ ਐੱਸਐੱਸਡੀ ਕਾਲਜ ਬਰਨਾਲਾ ਦੇ ਦਲਿਤ ਵਿਦਿਆਰਥੀਆਂ ਦੇ ਫੀਸਾਂ ਵਸੂਲੀ ਮਸਲੇ ਸਬੰਧੀ ਵਿਦਿਆਰਥੀਆਂ ਵੱਲੋਂ ਐੱਸਡੀਐੱਮ ਬਰਨਾਲਾ ਦਫ਼ਤਰ ਅੱਗੇ ਧਰਨਾ ਲਗਾ ਕੇ ਕਾਲਜ ਪ੍ਰਬੰਧਕਾਂ ਤੇ ਪ੍ਰਸਾਸ਼ਨ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਸ਼ਪਿੰਦਰ ਜਿੰਮੀ ਅਤੇ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਦੇ ਆਗੂ ਮਨਵੀਰ ਬੀਹਲਾ ਨੇ ਕਿਹਾ ਕਿ ਪਿਛਲੇ ਦਿਨਾਂ ਵਿੱਚ ਐੱਸਸੀ ਵਿਦਿਆਰਥੀਆਂ ਦੇ ਖਾਤਿਆਂ ਵਿੱਚ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ 40 ਫ਼ੀਸਦ ਹਿੱਸਾ ਵਿਦਿਆਰਥੀ ਭੱਤਿਆਂ ਸਮੇਤ ਭੇਜਿਆ ਗਿਆ| ਆਗੂਆਂ ਕਿਹਾ ਕਿ ਕਾਲਜਾਂ ਵੱਲੋਂ ਵਿਦਿਆਰਥੀਆਂ ਤੋਂ ਸਮੁੱਚੀ ਆਈ ਵਜ਼ੀਫਾ ਰਾਸ਼ੀ ਜਮ੍ਹਾਂ ਕਰਵਾਉਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਤਹਿਤ ਕਾਲਜ ਸਿਰਫ਼ ਬਣਦੀ ਫੀਸ ਦਾ 40 ਫ਼ੀਸਦ ਹੀ ਲੈ ਸਕਦੇ ਹਨ| ਜੱਥੇਬੰਦੀਆਂ ਨੇ ਐਲਾਨ ਕੀਤਾ ਕਿ ਜਿੰਨੀ ਦੇਰ ਕਾਲਜ ਆਪਣਾ ਸਾਰਾ ਵਜੀਫ਼ਾ ਤੇ ਭੱਤਾ ਰਾਸ਼ੀ ਭਰਾਉਣ ਦਾ ਫੈਸਲਾ ਵਾਪਸ ਨਹੀਂ ਲੈਂਦੇ, ਉਦੋਂ ਤੱਕ ਵਿਦਿਆਰਥੀ ਕੋਈ ਫੀਸ ਨਹੀਂ ਭਰਨਗੇ। ਖ਼ਬਰ ਲਿਖੇ ਜਾਣ ਤੱਕ ਪ੍ਰਸ਼ਾਸਨ ਵੱਲੋਂ ਸਬੰਧਤ ਕਾਲਜ ਪ੍ਰਬੰਧਕੀ ਨੁਮਾਇੰਦਿਆਂ ਨਾਲ ਮਸਲੇ ਦੇ ਹੱਲ ਲਈ ਮੀਟਿੰਗ ਜਾਰੀ ਸੀ, ਬਾਹਰ ਵਿਦਿਆਰਥੀਆਂ ਦਾ ਧਰਨਾ ਵੀ ਚੱਲ ਰਿਹਾ ਸੀ |
ਅਧਿਆਪਕਾਂ ਨੇ ਸਿੱਖਿਆ ਸਕੱਤਰ ਦੀ ਅਰਥੀ ਫੂਕੀ
ਮੋਗਾ (ਨਿੱਜੀ ਪੱਤਰ ਪ੍ਰੇਰਕ): ਇਥੇ ਡੀਟੀਐੱਫ ਸੂਬਾਈ ਪ੍ਰਧਾਨ ਦਿਗਵਿਜੇ ਪਾਲ ਦੀ ਅਗਵਾਈ ਹੇਠ ਅਧਿਆਪਕਾਂ ਨੇ ਸਿੱਖਿਆ ਸਕੱਤਰ ਦੀ ਅਰਥੀ ਫੂਕ ਮੁਜ਼ਾਹਰਾ ਕੀਤਾ। ਅਧਿਆਪਕਾਂ ਦਾ ਦੋਸ਼ ਹੈ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਧਿਆਪਕਾਂ ਦੇ ਮੰਗਾਂ-ਮਸਲਿਆਂ ਨੂੰ ਹੱਲ ਕਰਨ ਤੋਂ ਲਗਾਤਾਰ ਇਨਕਾਰੀ ਚੱਲ ਰਹੇ ਹਨ। ਇਸ ਮੌਕੇ ਜਥੇਬੰਦੀ ਜ਼ਿਲ੍ਹਾ ਪ੍ਰਧਾਨ ਅਮਨਦੀਪ ਮਟਵਾਣੀ ਤੇ ਜਿਲ੍ਹਾ ਸਕੱਤਰ ਜਗਵੀਰਨ ਕੌਰ ਨੇ ਦੱਸਿਆ ਕਿ 16 ਮਾਰਚ ਨੂੰ ਅਧਿਆਪਕਾਂ ਦਾ ਸਾਂਝਾ ਵਫ਼ਦ ਜਦੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਮਿਲਣ ਲਈ ਮੁਹਾਲੀ ਵਿੱਚ ਦਫਤਰ ਗਿਆ ਤਾਂ ਉਨ੍ਹਾਂ ਵਫ਼ਦ ਨੂੰ ਮਿਲਣ ਤੋਂ ਇਨਕਾਰ ਕਰ ਦਿਤਾ ਅਤੇ ਦਫ਼ਤਰ ਦੇ ਦਰਵਾਜ਼ੇ ਬੰਦ ਕਰ ਦਿੱਤੇ। ਸੂਬਾ ਪ੍ਰਧਾਨ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਨੇ ਕਿਹਾ ਕਿ ਮੰਗਾਂ ਨਾ ਮੰਨਣ ਕਾਰਨ ਅਧਿਆਪਕ ਵਰਗ ਵਿੱਚ ਰੋਹ ਹੈ। ਇਸ ਮੌਕੇ ਜਗਵੀਰਨ ਕੌਰ, ਅਮਨਦੀਪ ਮਾਛੀਕੇ, ਸੁਖਪਾਲਜੀਤ ਮੋਗਾ ਜ਼ਿਲ੍ਹਾ ਮੀਤ ਪ੍ਰਧਾਨ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਮੋਗਾ ਤੇ ਈਟੀਟੀ ਆਗੂ ਬੂਟਾ ਸਿੰਘ ਅਤੇ ਹੀਰਾ ਸਿੰਘ ਢਿੱਲੋਂ ਨੇ ਵੀ ਸੰਬੋਧਨ ਕੀਤਾ।