ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਡਕੌਂਦਾ ਧੜੇ ਵੱਲੋਂ ਅੱਠ ਪਿੰਡਾਂ ਵਿੱਚ ਅਰਥੀ ਫੂਕ ਮੁਜ਼ਾਹਰੇ

ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਵਿਰੁੱਧ ਰੋਸ ਪ੍ਰਗਟਾਇਆ; ਸਰਕਾਰ ’ਤੇ ਜ਼ਮੀਨਾਂ ਖੋਹਣ ਦੇ ਦੋਸ਼ ਲਾਏ
ਜ਼ਿਲ੍ਹੇ ਦੇ ਇਕ ਪਿੰਡ ਵਿੱਚ ਪੰਜਾਬ ਸਰਕਾਰ ਦੀ ਅਰਥੀ ਫੂਕਦੇ ਹੋਏ ਕਿਸਾਨ।
Advertisement

ਜੋਗਿੰਦਰ ਸਿੰਘ ਮਾਨ

ਮਾਨਸਾ, 12 ਜੁਲਾਈ

Advertisement

ਮਾਨਸਾ ਜ਼ਿਲ੍ਹੇ ਦੇ ਪਿੰਡ ਕੁਲਰੀਆਂ ਵਿੱਚ ਲੰਘੇ ਕੱਲ੍ਹ ਕਾਸ਼ਤਕਾਰ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਤੇ ਪੰਚਾਇਤ ਵੱਲੋਂ ਜ਼ਮੀਨ ’ਤੇ ਕਬਜ਼ੇ ਦੇ ਵਿਰੋਧ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ ਅਤੇ ਦਮਨਕਾਰੀ ਨੀਤੀ ਦੀ ਪੁਰਜ਼ੋਰ ਸ਼ਬਦਾਂ ’ਚ ਨਿਖੇਧੀ ਕੀਤੀ ਗਈ। ਇਹ ਮੁਜ਼ਾਹਰੇ ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਵੱਲੋਂ ਜ਼ਿਲ੍ਹੇ ਦੇ 8 ਪਿੰਡਾਂ ਵਿੱਚ ਕਰਨ ਦਾ ਦਾਅਵਾ ਕੀਤਾ ਕੀਤਾ ਗਿਆ। ਜਥੇਬੰਦੀ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਖਿਲਾਫ਼ ਇਹ ਰੋਸ ਮੁਜ਼ਾਹਰੇ ਪਿੰਡ ਭੈਣੀਬਾਘਾ, ਕੁਲਰੀਆਂ, ਖਿਆਲਾ, ਚੁਕੇਰੀਆਂ, ਖੜਕ ਸਿੰਘ ਵਾਲਾ, ਅਕਲੀਆ, ਬਹਾਦਰਪੁਰ ਤੇ ਕਿਸ਼ਨਗੜ੍ਹ ਸ਼ਾਮਲ ਹਨ।

ਇਨ੍ਹਾਂ ਅਰਥੀ ਫੂਕ ਮੁਜ਼ਾਹਰਿਆਂ ਨੂੰ ਸੰਬੋਧਨ ਕਰਦਿਆ ਜਥੇਬੰਦੀ ਦੇ ਸੂਬਾ ਕਮੇਟੀ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਕਿਹਾ ਕਿ ਭਾਵੇਂ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਅਬਾਦਕਾਰ ਕਿਸਾਨਾਂ ਨੂੰ ਮਾਲਕੀ ਹੱਕ ਦੇਣ ਦੀ ਗੱਲ ਕੀਤੀ ਗਈ ਸੀ, ਪਰ ਹੁਣ ਸਰਕਾਰ ਵੱਲੋਂ ਗੈਰਕਾਨੂੰਨੀ ਢੰਗ ਨਾਲ 65-70 ਸਾਲਾਂ ਤੋਂ ਜ਼ਮੀਨਾਂ ਉੱਤੇ ਕਾਬਜ਼ ਕਿਸਾਨਾਂ ਦੀਆਂ ਗਿਰਦਾਵਰੀਆਂ ਤੋੜ ਕੇ ਧੱਕੇ ਨਾਲ ਕਬਜ਼ਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ 8 ਜੁਲਾਈ ਨੂੰ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਝੋਨਾ ਲਾਉਣ ਤੋਂ ਰੋਕ ਕੇ ਕੁਝ ਦਿਨਾਂ ਦਾ ਸਮਾਂ ਮੰਗਿਆ ਸੀ, ਪਰ ਦੂਜੇ ਪਾਸੇ ਕੱਲ੍ਹ ਵਿਸ਼ਵਾਸਘਾਤ ਕਰਦੇ ਹੋਏ ਧਾੜਵੀਆਂ ਵਾਂਗ ਆ ਕੇ ਜ਼ਮੀਨ ’ਤੇ ਕਬਜ਼ਾ ਕਰਨ ਦਾ ਯਤਨ ਕੀਤਾ ਗਿਆ, ਜਿਸ ਤੋਂ ਸਰਕਾਰ ਦਾ ਦੋਗਲਾ ਚਿਹਰਾ ਸਾਫ਼ ਨਜ਼ਰੀਂ ਪੈਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ ਆਉਂਦੇ ਦਿਨਾਂ ਵਿੱਚ ਲੋਕਾਂ ਨੂੰ ਨਾਲ ਲੈਕੇ ਸਰਕਾਰ ਖਿਲਾਫ਼ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਬਲਜੀਤ ਸਿੰਘ, ਕਾਕਾ ਸਿੰਘ, ਸੁਖਪਾਲ ਸਿੰਘ, ਬਿੰਦਰ ਸਿੰਘ, ਮਲਕੀਤ ਸਿੰਘ, ਨਾਜ਼ਮ ਸਿੰਘ, ਚਰਨਜੀਤ ਕੌਰ, ਗੁਰਮੇਲ ਸਿੰਘ, ਗੁਰਚੇਤ ਸਿੰਘ, ਬਿੰਦਰ ਸਿੰਘ ਤੇ ਦਾਰਾ ਸਿੰਘ ਨੇ ਵੀ ਸੰਬੋਧਨ ਕੀਤਾ।

Advertisement
Tags :
ਅਰਥੀਡਕੌਂਦਾਪਿੰਡਾਂਮੁਜ਼ਾਹਰੇਵੱਲੋਂਵਿੱਚ