ਨਿੱਜੀ ਪੱਤਰ ਪ੍ਰੇਰਕ/ ਪੱਤਰ ਪ੍ਰੇਰਕ
ਬਰਨਾਲਾ, 2 ਦਸੰਬਰ
ਕੋਵਿਡ-19 ਦੀ ਤੀਜੀ ਲਹਿਰ ਦੇ ਸੰਭਾਵਿਤ ਖਤਰੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਅਗਾਊਂ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਤਹਿਤ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਵੱਲੋਂ ਸਿਵਲ ਹਸਪਤਾਲ ਵਿਖੇ ਆਕਸੀਜਨ ਪਲਾਂਟ ਦਾ ਦੌਰਾ ਕੀਤਾ ਗਿਆ। ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਸਿਵਲ ਹਸਪਤਾਲ ਵਿਖੇ ਚੱਲ ਰਹੇ ਆਕਸੀਜਨ ਪਲਾਂਟ ਦਾ ਡੀਸੀ ਵੱਲੋਂ ਜਾਇਜ਼ਾ ਲਿਆ ਗਿਆ। ਉਨਾਂ ਕਿਹਾ ਕਿ ਪੀਐਸਏ ਆਕਸੀਜਨ ਪਲਾਂਟ ਬਹੁਤ ਜਲਦ ਕੰਮ ਸ਼ੁਰੂ ਕਰ ਦੇਵੇਗਾ ਤਾਂ ਜੋ ਕਿਸੇ ਵੀ ਤਰਾਂ ਦੀ ਲੋੜ ਪੈਣ ’ਤੇ ਆਕਸੀਜਨ ਸਪਲਾਈ ਦਿੱਤੀ ਜਾ ਸਕੇ। ਉਨਾਂ ਦੱਸਿਆ ਕਿ ਸੋਹਲ ਪੱਤੀ ਬਰਨਾਲਾ ਵਿਖੇ ਪਹਿਲਾਂ ਹੀ ਕਰੋਨਾ ਮਰੀਜ਼ਾਂ ਨੂੰ ਦਾਖਲ ਕਰਨ ਲਈ ਵਾਰਡ ਬਣਾਇਆ ਹੋਇਆ ਹੈ ਤੇ ਉਥੇ ਵੀ ਆਕਸੀਜਨ ਪਲਾਂਟ ਚੱਲ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂਂ ਦਫਤਰ ਸਿਵਲ ਸਰਜਨ ਵਿਖੇ ਮੀਟਿੰਗ ਵੀ ਕੀਤੀ ਗਈ ਅਤੇ ਕਰੋਨਾ ਦੀ ਅਗਲੀ ਲਹਿਰ ਦੇ ਸੰਭਾਵਿਤ ਖਤਰੇ ਦੇ ਮੱਦੇਨਜ਼ਰ ਜਾਰੀ ਹਦਾਇਤਾਂ ਦੀ ਪਾਲਣਾ ਕਰਵਾਉਣਾ ਯਕੀਨੀ ਬਣਾਉਣ ਲਈ ਆਖਿਆ ਗਿਆ। ਇਸ ਮੌਕੇ ਜ਼ਿਲਾ ਟੀਕਾਕਰਨ ਅਫਸਰ ਡਾ. ਰਜਿੰਦਰ ਸਿੰਗਲਾ, ਜ਼ਿਲਾ ਪਰਿਵਾਰ ਭਲਾਈ ਅਫਸਰ ਡਾ. ਨਵਜੋਤਪਾਲ ਭੁੱਲਰ, ਸੀਨੀਅਰ ਮੈਡੀਕਲ ਅਫਸਰ ਡਾ. ਤਪਿੰਦਰਜੋਤ ਕੌਸ਼ਲ ਮੌਜੁਦ ਸਨ।