ਬਲਵਿੰਦਰ ਸਿੰਘ ਹਾਲੀ
ਕੋਟਕਪੂਰਾ, 28 ਜੂਨ
ਸ੍ਰੀਨਗਰ ਵਿੱਚ ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਸ਼ਹੀਦ ਹੋਏ ਪਿੰਡ ਚਾਹਿਲ ਨਾਲ ਸਬੰਧਤ ਅਗਨੀਵੀਰ ਅਕਾਸ਼ਦੀਪ ਸਿੰਘ ਦੇ ਘਰ ਨਗਰ ਸਧਾਰ ਟਰੱਸਟ ਦੇ ਚੇਅਰਮੈਨ ਗਗਨ ਧਾਲੀਵਾਲ ਪਹੁੰਚੇ ਅਤੇ ਪਰਿਵਾਰ ਨੂੰ 1 ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਇਸ ਦੌਰਾਨ ਉਨ੍ਹਾਂ ਪਰਿਵਾਰ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਦਾ ਜਲਦੀ ਨਿਪਟਾਰਾ ਕਰਵਾਉਣ ਦਾ ਭਰੋਸਾ ਦਿੱਤਾ। ਇਸ ਸਮੇਂ ਐਂਟੀ-ਕੁਰੱਪਸ਼ਨ ਸੈੱਲ ਦੇ ਚੇਅਰਮੈਨ ਪ੍ਰੋ. ਗੁਰਸੇਵਕ ਸਿੰਘ ਵੀ ਮੌਜੂਦ ਸਨ।
ਚੇਅਰਮੈਨ ਗਗਨ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਅਕਾਸ਼ਦੀਪ ਦੀ ਅੰਤਿਮ ਅਰਦਾਸ ਸਮੇਂ ਵਾਅਦਾ ਕੀਤਾ ਸੀ ਕਿ ਉਹ ਪਰਿਵਾਰ ਨੂੰ 1 ਲੱਖ ਰੁਪਏ ਦੇਣਗੇ, ਜੋ ਹੁਣ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਸ਼ਦੀਪ ਸਿੰਘ ਦੀ ਮੌਤ ਨੂੰ ਇੱਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ’ਤੇ ਵੀ ਕੇਂਦਰ ਸਰਕਾਰ ਹਾਲੇ ਤੱਕ ਇਸ ਨੂੰ ਸ਼ਹੀਦ ਦਾ ਦਰਜਾ ਨਹੀਂ ਦੇ ਰਹੀ। ਅਕਾਸ਼ਦੀਪ ਸਿੰਘ ਦੇ ਪਿਤਾ ਬਿੰਦਰ ਸਿੰਘ ਨੇ ਦੱਸਿਆ ਕਿ ਉਹ ਹਾਲ ਹੀ ਵਿੱਚ ਸ੍ਰੀਨਗਰ ਵਿੱਚ ਅਕਾਸ਼ਦੀਪ ਦੀ ਰੈਜੀਮੈਂਟ ਅਤੇ ਡਿਊਟੀ ਸਥਾਨ ’ਤੇ ਜਾ ਕੇ ਆਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਮੰਗ ਕੀਤੀ ਕਿ ਜਾਂਚ ਨੂੰ ਜਲਦੀ ਮੁਕੰਮਲ ਕੀਤਾ ਜਾਵੇ ਅਤੇ ਉਨ੍ਹਾਂ ਦੇ ਪੁੱਤਰ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ।