Dharamkot Politics Heats Up: ਅਕਾਲੀ ਆਗੂ ’ਤੇ ਸਿਆਸਤ ਕਰਨ ਦਾ ਦੋਸ਼
‘ਆਪ’ ਨੇ ਪ੍ਰੈੱਸ ਕਾਨਫਰੰਸ ਕਰ ਕੇ ਨਿਸ਼ਾਨਾ ਸੇਧਿਆ
ਦੋ ਦਿਨ ਪਹਿਲਾਂ ਧਰਮਕੋਟ ਅੰਦਰ ਨਸ਼ਿਆਂ ਦੀ ਕਥਿਤ ਵਿਕਰੀ ਲਈ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ’ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਾਏ ਗਏ ਦੋਸ਼ਾਂ ਤੋਂ ਬਾਅਦ ਹਲਕੇ ਦੀ ਸਿਆਸਤ ਭਖ ਗਈ ਹੈ। ‘ਆਪ’ ਆਗੂਆਂ ਮਾਰਕੀਟ ਕਮੇਟੀ ਦੇ ਚੇਅਰਮੈਨ ਅਮਨਦੀਪ ਸਿੰਘ ਅਮਨ ਪੰਡੋਰੀ, ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਰਵੀ ਗਿੱਲ, ਚੇਅਰਮੈਨ ਗੁਰਤਾਰ ਸਿੰਘ, ਚੇਅਰਮੈਨ ਸੁਖਬੀਰ ਸਿੰਘ, ਨਗਰ ਪੰਚਾਇਤ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਅਤੇ ਸਰਪੰਚ ਸਤਵੀਰ ਸਿੰਘ ਸੱਤੀ ਨੇ ਪ੍ਰੈੱਸ ਕਾਨਫਰੰਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ’ਤੇ ਤਿੱਖੇ ਸ਼ਬਦਾਂ ਵਿੱਚ ਹਮਲਾ ਬੋਲਿਆ ਹੈ। ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਘਟੀਆ ਸਿਆਸਤ ਕਰਾਰ ਦਿੰਦਿਆਂ ਅਮਨ ਪੰਡੋਰੀ ਨੇ ਕਿਹਾ ਕਿ ਮੱਖਣ ਬਰਾੜ ਨੂੰ ਦੋਸ਼ ਲਾਉਣ ਤੋਂ ਪਹਿਲਾਂ ਆਪਣੇ ਆਲੇ-ਦੁਆਲੇ ਝਾਤੀ ਮਾਰ ਲੈਣੀ ਚਾਹੀਦੀ ਹੈ। ਇੱਥੇ ਪ੍ਰੈੱਸ ਕਾਨਫਰੰਸ ’ਚ ਅਮਨਦੀਪ ਸਿੰਘ ਅਮਨ ਪੰਡੋਰੀ ਨੇ ਕਿਹਾ ਕਿ ‘ਆਪ’ ਸਰਕਾਰ ਜਦੋਂ ਤੋਂ ਸੱਤਾ ਵਿੱਚ ਆਈ ਹੈ, ਉਦੋਂ ਤੋਂ ਹੀ ਨਸ਼ਿਆਂ ਖਿਲਾਫ਼ ਆਰ ਪਾਰ ਦੀ ਲੜਾਈ ਲੜ ਰਹੀ ਹੈ।

