ਜੋਗਿੰਦਰ ਸਿੰਘ ਮਾਨ
ਮਾਨਸਾ, 28 ਫਰਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਗੁਲਾਬੀ ਸੁੰਡੀ ਕਾਰਨ ਨੁਕਸਾਨੇ ਨਰਮੇ ਦੇ ਮੁਆਵਜ਼ਾ ਰਾਸ਼ੀ ਨਾ ਮਿਲਣ ਦੇ ਵਿਰੋਧ ਵਿੱਚ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਗੁਲਾਬੀ ਸੁੰਡੀ ਕਾਰਨ ਨੁਕਸਾਨੇ ਨਰਮੇ ਦਾ ਕਿਸਾਨਾਂ ਨੂੰ 60 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਮਜ਼ਦੂਰਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ ਦਿੱਤਾ ਜਾਵੇ। ਕਿਸਾਨ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਕਿਹਾ ਕਿ ਗੁਲਾਬੀ ਸੁੰਡੀ ਕਾਰਨ ਨੁਕਸਾਨੇ ਨਰਮੇ ਦਾ ਮੁਆਵਜ਼ਾ ਹਾਲੇ ਤੱਕ ਕਿਸਾਨਾਂ-ਮਜ਼ਦੂਰਾਂ ਨੂੰ ਨਹੀਂ ਦਿੱਤਾ ਗਿਆ, ਜਿਸ ਕਾਰਨ ਉਨ੍ਹਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਖੇਤ ਮਜ਼ਦੂਰ ਵੀ ਖੇਤੀ ’ਤੇ ਹੀ ਨਿਰਭਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਕਿਸਾਨਾਂ ਲਈ ਸਿਰਫ਼ 17 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਖੇਤ ਮਜ਼ਦੂਰਾਂ ਨੂੰ ਸਿਰਫ਼ 1700 ਰੁਪਏ ਪ੍ਰਤੀ ਮਜ਼ਦੂਰ ਪਰਿਵਾਰ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਇੰਨੇ ਪੈਸੇ ਵੀ ਕਿਸਾਨਾਂ ਅਤੇ ਮਜ਼ਦੂਰਾਂ ਦੇ ਖਾਤਿਆਂ ਵਿੱਚ ਪਾਉਣ ਲਈ ਤਿਆਰ ਨਹੀਂ ਹੈ ਅਤੇ ਦੂਸਰੇ ਪਾਸੇ ਇਹ ਵਿਧਾਇਕ ਅਤੇ ਸੰਸਦ ਮੈਂਬਰ ਲੱਖਾਂ ਰੁਪਏ ਤਨਖਾਹਾਂ ਤੇ ਪੈਨਸ਼ਨਾਂ ਲੈ ਰਹੇ ਹਨ। ਮਹਿੰਦਰ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਇਸੇ ਦੌਰਾਨ ਮਾਨਸਾ ਦੇ ਐਸਡੀਐਮ ਅਤੇ ਤਹਿਸੀਲਦਾਰ ਨਾਲ ਕਿਸਾਨ ਜਥੇਬੰਦੀ ਦੇ ਆਗੂਆਂ ਦੀ ਗੱਲਬਾਤ ਕਰਵਾਈ ਗਈ, ਜਿੰਨਾਂ ਵੱਲੋਂ ਪੰਜ ਮਾਰਚ ਤੱਕ ਉਨ੍ਹਾਂ ਦੇ ਖਾਤਿਆਂ ਵਿੱਚ ਪੈਸੇ ਪਾਉਣ ਦਾ ਭਰੋਸਾ ਦਿੱਤਾ ਗਿਆ, ਜਿਸ ਤੋਂ ਬਾਅਦ ਜਥੇਬੰਦੀ ਵੱਲੋਂ ਧਰਨਾ ਸਮਾਪਤ ਕੀਤਾ ਗਿਆ। ਆਗੂ ਨੇ ਕਿਹਾ ਕਿ ਜੇਕਰ ਪੰਜ ਮਾਰਚ ਤੱਕ ਕਿਸਾਨਾਂ-ਮਜ਼ਦੂਰਾਂ ਦੇ ਖਾਤਿਆਂ ਵਿੱਚ ਪੈਸੇ ਨਾ ਪਾਏ ਗਏ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਬਲਵਿੰਦਰ ਸ਼ਰਮਾ, ਹਰਦੇਵ ਸਿੰਘ ਰਾਠੀ, ਛਿੰਦਰਪਾਲ ਕੌਰ ਮਾਨਸਾ, ਸਿਕੰਦਰ ਸਿੰਘ ਖਿਆਲਾ, ਰਾਜ ਅਕਲੀਆ, ਸੇਵਕ ਖਿਆਲਾ, ਰਾਜ ਅਲੀਸ਼ੇਰ, ਸੁਖਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।