ਸੰਜੀਵ ਹਾਂਡਾ
ਫ਼ਿਰੋਜ਼ਪੁਰ, 5 ਮਈ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਇਕੱਤਰ ਹੋਏ ਸੈਂਕੜੇ ਕਿਸਾਨਾਂ ਤੇ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਇਥੇ ਡੀਸੀ ਦਫ਼ਤਰ ਮੂਹਰੇ ਧਰਨਾ ਦਿੱਤਾ। ਧਰਨੇ ’ਚ ਵੱਡੀ ਗਿਣਤੀ ਵਿਚ ਕਿਸਾਨ ਤੇ ਮਜ਼ਦੂਰ ਬੀਬੀਆਂ ਵੀ ਸ਼ਾਮਲ ਸਨ। ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਸੂਬਾ ਕਮੇਟੀ ਮੈਂਬਰ ਰਣਬੀਰ ਸਿੰਘ ਰਾਣਾ ਤੇ ਪ੍ਰੈੱਸ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਕਿਹਾ ਕਿ ਕੇਂਦਰ ਸਰਕਾਰ ਮੰਨੀਆਂ ਮੰਗਾਂ ਲਾਗੂ ਕਰੇ ਤੇ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕਰਕੇ ਗ੍ਰਿਫ਼ਤਾਰ ਕਰੇ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਕਣਕ ਦੇ ਘਟੇ ਝਾੜ ਨੂੰ ਦੇਖਦੇ ਹੋਏ ਪੰਜ ਸੌ ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦਾ ਐਲਾਨ ਕਰੇ। ਕਿਸਾਨਾਂ ਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਖ਼ਤਮ ਕੀਤੇ ਜਾਣ,ਅਬਾਦਕਾਰ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿੱਤੇ ਜਾਣ ਤੇ ਸਾਲ 2007 ਵਿਚ ਤੋੜੇ ਇੰਤਕਾਲ ਮੁੜ ਬਹਾਲ ਕੀਤੇ ਜਾਣ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਨਸ਼ੇ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਠੋਸ ਕਦਮ ਚੁੱਕੇ, ਸਰਕਾਰੀ ਤੇ ਗੈਰ ਸਰਕਾਰੀ ਦਫ਼ਤਰਾਂ ਵਿਚ ਫ਼ੈਲੇ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਜਾਵੇ, ਬਿਜਲੀ ਦੀ ਸਪਲਾਈ ਨਿਰਵਿਘਨ ਦਿੱਤੀ ਜਾਵੇ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਕੇ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ।ਕਿਸਾਨ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ।