ਜਸਵੰਤ ਸਿੰਘ ਥਿੰਦ
ਮਮਦੋਟ, 16 ਸਤੰਬਰ
ਕਿਸਾਨ ਅੰਦੋਲਨ ਦੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਉਣ ਲਈ ਕਿਸਾਨਾਂ-ਮਜ਼ਦੂਰਾਂ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਮਾਰਗ ’ਤੇ ਲਾਇਆ ਧਰਨਾ ਲੰਘੀ ਦੇਰ ਸ਼ਾਮ ਪ੍ਰਸ਼ਾਸਨ ਵੱਲੋਂ ਮੰਗਾਂ ਮੰਨਣ ਦੇ ਭਰੋਸੇ ਮਗਰੋਂ ਸਮਾਪਤ ਹੋ ਗਿਆ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ, ਜ਼ਿਲ੍ਹਾ ਸਕੱਤਰ ਰਣਬੀਰ ਸਿੰਘ ਰਾਣਾ ਤੇ ਧਰਮ ਸਿੰਘ ਸਿੱਧੂ ਨੇ ਦੱਸਿਆ ਕਿ ਪਿਛਲੇ ਤਿੰਨ ਦਿਨਾਂ ਤੋਂ ਜੀਟੀ ਰੋਡ ਫਿਰੋਜ਼ਪੁਰ- ਫਾਜ਼ਿਲਕਾ ਸੜਕ ’ਤੇ ਪਿਛਲੇ ਤਿੰਨ ਦਿਨ ਲੱਗੇ ਧਰਨੇ ਵਿਚ ਏਡੀਸੀ ਜਨਰਲ ਫਿਰੋਜ਼ਪੁਰ ਸੁਖਪ੍ਰੀਤ ਸਿੰਘ ਸਿੱਧੂ ਨੇ ਧਰਨਾ ਸਥਾਨ ਉੱਤੇ ਪਹੁੰਚ ਕੇ ਕਿਸਾਨ ਆਗੂਆਂ ਨਾਲ ਲੰਮੀ ਗੱਲਬਾਤ ਕੀਤੀ ਤੇ ਮਸਲਿਆਂ ਦੇ ਹੱਲ ਦਾ ਭਰੋਸਾ ਦਿੱਤਾ।
ਏਡੀਸੀ ਜਨਰਲ ਨੇ ਧਰਨਾਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਦਿੱਲੀ ਮੋਰਚੇ ਵਿੱਚ ਗੁਰੂ ਹਰਸਹਾਏ ਤਹਿਸੀਲ ਦੇ ਸ਼ਹੀਦ ਹੋਏ ਸ਼ਹੀਦਾਂ ਦੇ 4 ਪਰਿਵਾਰਾਂ ਨੂੰ ਪੰਜ ਲੱਖ ਰੁਪਏ ਦੇ ਚੈੱਕ ਦਿੱਤੇ ਜਾਣਗੇ ਤੇ ਮਹਿਲ ਸਿੰਘ ਸ਼ਰੀਹ ਵਾਲਾ ਦੇ ਪਰਿਵਾਰ ਨੂੰ ਵੀ 20 ਦਿਨ ਦੇ ਅੰਦਰ ਪੰਜ ਲੱਖ ਦਾ ਚੈੱਕ ਦਿੱਤਾ ਜਾਵੇਗਾ ਅਤੇ ਸ਼ਹੀਦਾਂ ਦੇ ਪਰਿਵਾਰਾਂ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਲਈ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਆਖਿਆ ਕਿ ਸ਼ਹੀਦ ਪਰਿਵਾਰ ਆਪਣੀਆਂ ਦਰਖਾਸਤਾਂ ਦੇਣ ਅਤੇ ਇਸ ਤਰ੍ਹਾਂ ਸਰਕਾਰੀ ਤੇ ਗੈਰ ਸਰਕਾਰੀ ਕਰਜ਼ੇ ਦੀਆਂ ਦਰਖਾਸਤਾਂ ਵੀ ਦਿੱਤੀਆਂ ਜਾਣ।
ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਏਡੀਸੀ ਨੇ ਭਰੋਸਾ ਦਿੱਤਾ ਕਿ ਤਾਰ ਪਾਰਲੀਆਂ ਜ਼ਮੀਨਾਂ ਦਾ 10 ਹਜ਼ਾਰ ਰੁਪਏ ਪ੍ਰਤੀ ਏਕੜ ਪਿਛਲੇ ਚਾਰ ਸਾਲਾਂ ਤੋਂ ਮੁਆਵਜ਼ਾ, 2019 ਵਿਚ ਗੜਿਆਂ ਨਾਲ ਹੋਈ ਤਬਾਹੀ ਦਾ ਮੁਆਵਜ਼ਾ ਵੀ ਤੁਰੰਤ ਦਿੱਤਾ ਜਾਵੇਗਾ ਤੇ ਜ਼ਿਲ੍ਹੇ ਨਾਲ ਸਬੰਧਤ ਬਾਕੀ ਮੰਗਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਹੋਵੇਗੀ। ਕਿਸਾਨ ਆਗੂਆਂ ਨੇ ਏਡੀਸੀ ਜਨਰਲ ਦੇ ਭਰੋਸੇ ਮਗਰੋਂ ਧਰਨਾ ਮੁਲਤਵੀ ਕਰ ਦਿੱਤਾ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਪੱਧਰੀ ਪੱਕਾ ਮੋਰਚਾ 28 ਸਤੰਬਰ ਤੋਂ ਪੰਜਾਬ ਭਰ ਦੇ ਡੀਸੀ ਦਫ਼ਤਰਾਂ ਅੱਗੇ ਲਾਇਆ ਜਾਵੇਗਾ, ਜੋ ਮੰਗਾਂ ਦੇ ਹੱਲ ਤੱਕ ਜਾਰੀ ਰਹੇਗਾ।