ਪੱਤਰ ਪ੍ਰੇਰਕ
ਸਮਾਲਸਰ, 13 ਫਰਵਰੀ
ਭਲੂਰ ਅਤੇ ਧੂੜਕੋਟ ਦੇ ਸਿੰਘੂ ਬਾਰਡਰ ’ਤੇ ਡਟੇ ਕਿਸਾਨਾਂ ਨੇ ਮਜ਼ਦੂਰ ਆਗੂ ਨੌਦੀਪ ਕੌਰ ਅਤੇ ਬਾਕੀ ਗ੍ਰਿਫ਼ਤਾਰ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਕਿਸਾਨ ਆਗੂ ਗੁਰਦੀਪ ਸਿੰਘ ਜਟਾਣਾ, ਧੂੜਕੋਟ ਦੇ ਕਿਸਾਨ ਬੂਟਾ ਸਿੰਘ ਬਰਾੜ, ਗੁਰਜੰਟ ਸਿੰਘ ਟਰੈਕਟਰਾਂ ਵਾਲੇ, ਬਲਜੀਤ ਸਿੰਘ ਗਿੱਲ, ਗੁਰਮੀਤ ਸਿੰਘ ਨੰਬਰਦਾਰ, ਨਿਰਮਲ ਸਿੰਘ ਫ਼ੌਜੀ, ਕੁਲਦੀਪ ਸਿੰਘ ਖ਼ਾਲਸਾ, ਜਥੇਦਾਰ ਗੁਰਦੀਪ ਸਿੰਘ ਜਟਾਣਾ, ਰਣਜੀਤ ਸਿੰਘ ਸੰਧੂ ਅਤੇ ਲਵਪ੍ਰੀਤ ਸਿੰਘ ਬਰਾੜ ਨੇ ਦਿੱਲੀ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਕਿਸਾਨੀ ਸੰਘਰਸ਼ ਦਾ ਹਿੱਸਾ ਬਣੀ ਪਿੰਡ ਗੰਧੜ ਦੀ ਨੌਦੀਪ ਕੌਰ ਰਿਹਾਈ ਲਈ ਸਾਬਕਾ ਸੈਨਿਕਾਂ ਨੇ ਵੀ ਹਾਅ ਦਾ ਨਾਅਰਾ ਮਾਰਿਆ ਹੈ।
ਸਾਬਕਾ ਸੈਨਿਕ ਜਥੇਬੰਦੀ ਦੇ ਪ੍ਰਧਾਨ ਜਸਵਿੰਦਰ ਸਿੰਘ, ਸਾਬਕਾ ਸੂਬੇਦਾਰ ਹਰਪਾਲ ਸਿੰਘ, ਮੇਜਰ ਸਿੰਘ, ਜਗਜੀਤ ਸਿੰਘ, ਦਵਿੰਦਰ ਸਿੰਘ, ਗੁਰਤੇਜ ਸਿੰਘ, ਜਗਦੇਵ ਸਿੰਘ ਅਤੇ ਤਰਸੇਮ ਸਿੰਘ ਨੇ ਪਿੰਡ ਗੰਧੜ ਵਿੱਚ ਨੌਦੀਪ ਕੌਰ ਦੀ ਮਾਤਾ ਸਵਰਨਜੀਤ ਕੌਰ ਨੂੰ ਮਿਲ ਕੇ ਨੌਦੀਪ ਦੀ ਰਿਹਾਈ ਲਈ ਮਦਦ ਦਾ ਭਰੋਸਾ ਦਿੱਤਾ।
ਭੁੱਚੋ ਮੰਡੀ (ਪਵਨ ਗੋਇਲ): ਜੀਐੱਚਟੀਪੀ ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਲਹਿਰਾ ਮੁਹੱਬਤ ਨੇ ਬੇਕਸੂਰ ਮਜ਼ਦੂਰ ਆਗੂ ਨੌਦੀਪ ਕੌਰ ਗੰਧੜ ’ਤੇ ਝੂਠੇ ਕੇਸ ਦਰਜ ਕੀਤੇ ਜਾਣ ਦੇ ਵਿਰੋਧ ਵਿੱਚ ਥਰਮਲ ਪਲਾਂਟ ਦੇ ਸਾਹਮਣੇ ਕੌਮੀ ਮਾਰਗ ਦੀ ਸਰਵਿਸ ਰੋਡ ’ਤੇ ਰੈਲੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਉਨ੍ਹਾਂ ਨਾਅਰੇਬਾਜ਼ੀ ਕਰਦਿਆਂ ਕੇਂਦਰ ਸਰਕਾਰ ਤੋਂ ਨੌਦੀਪ ਖ਼ਿਲਾਫ਼ ਦਰਜ ਕੀਤੇ ਕੇਸ ਰੱਦ ਕਰਕੇ ਤੁਰੰਤ ਰਿਹਾਅ ਕਰਨ, ਕਾਲੇ ਕਨੂੰਨ ਰੱਦ ਕਰਨ ਅਤੇ ਬੁੱਧੀਜੀਵੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਇਸ ਮੌਕੇ ਪ੍ਰਧਾਨ ਜਗਰੂਪ ਸਿੰਘ ਅਤੇ ਜਨਰਲ ਸਕੱਤਰ ਜਗਸੀਰ ਸਿੰਘ ਭੰਗੂ ਨੇ ਸੰਬੋਧਨ ਕੀਤਾ।
ਮੋਦੀ ਸਰਕਾਰ ਦੀ ਅਰਥੀ ਸਾੜੀ
ਬੋਹਾ: ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੱਦੇ ’ਤੇ ਕਿਰਤੀ ਲੋਕਾਂ ਲਈ ਸੰਘਰਸ਼ ਕਰਨ ਵਾਲੀ ਮਜ਼ਦੂਰ ਆਗੂ ਨੌਦੀਪ ਕੌਰ ਦੀ ਬਿਨਾਂ ਸ਼ਰਤ ਰਿਹਾਈ ਲਈ ਅੱਜ ਪਿੰਡ ਉੱਡਤ ਸੈਦੇਵਾਲ, ਭੀਮੜਾ, ਮਲਕੋਂ ਅਤੇ ਸੰਦਲੀ ਵਿੱਚ ਕੇਂਦਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਦੀ ਅਰਥੀ ਸਾੜੀ ਗਈ। ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਨਿੱਕਾ ਸਿੰਘ ਬਹਾਦਰਪੁਰ ਨੇ ਕਿਹਾ ਕਿ ਨੌਦੀਪ ਕੌਰ ਨੇ ਕਾਲੇ ਕਾਨੂੰਨਾਂ ਖਿਲਾਫ਼ ਦਿੱਲੀ ਦੇ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਸੰਘਰਸ਼ ’ਚ ਆਪਣੇ ਮਜ਼ਦੂਰ ਸਾਥੀਆਂ ਸਮੇਤ ਸ਼ਾਮਲ ਹੋ ਕੇ ਆਪਣੇ ਵਿਚਾਰ ਪੇਸ਼ ਕੀਤੇ ਜਿਸ ਤੋਂ ਬਾਅਦ ਉਸ ’ਤੇ ਝੂਠਾ ਕੇਸ ਦਰਜ ਕਰ ਕੇ ਜੇਲ੍ਹ ਭੇਜ ਦਿੱਤਾ ਗਿਆ। ਆਗੂਆਂ ਨੇ ਮੰਗ ਕੀਤੀ ਕਿ ਨੌਦੀਪ ਕੌਰ ’ਤੇ ਤਸ਼ੱਦਦ ਕਰਨ ਵਾਲੇ ਪੁਲੀਸ ਅਧਿਕਾਰੀਆਂ ’ਤੇ ਕਾਰਵਾਈ ਕੀਤੀ ਜਾਵੇ ਅਤੇ ਨੌਦੀਪ ਕੌਰ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ। – ਪੱਤਰ ਪ੍ਰੇਰਕ