ਨਵਕਿਰਨ ਸਿੰਘ
ਮਹਿਲ ਕਲਾਂ, 30 ਅਗਸਤ
ਪਿੰਡ ਲੋਹਗੜ੍ਹ, ਸਹੌਰ, ਗਾਗੇਵਾਲ, ਕੁਰੜ ਆਦਿ ਦੇ ਮਜ਼ਦੂਰਾਂ ਵੱਲੋਂ ਮਗਨਰੇਗਾ ਤਹਿਤ ਰੁਜ਼ਗਾਰ ਦੀ ਮੰਗ ਖਾਤਰ ਬੀਡੀਪੀਓ ਦਫ਼ਤਰ ਮਹਿਲ ਕਲਾਂ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਮਜ਼ਦੂਰਾਂ ਵੱਲੋਂ ਪੰਜਾਬ ਸਰਕਾਰ ਅਤੇ ਅਫ਼ਸਰਸ਼ਾਹੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਰਾਜ ਸਿੰਘ ਰਾਮਾ, ਜ਼ਿਲ੍ਹਾ ਜਨਰਲ ਸਕੱਤਰ ਖੁਸ਼ੀਆ ਸਿੰਘ ਬਰਨਾਲਾ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ ਤੇ ਸਾਧੂ ਸਿੰਘ ਛੀਨੀਵਾਲ ਨੇ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਸਰਕਾਰ ਮਜ਼ਦੂਰ ਪੱਖੀ ਹੋਣ ਦਾ ਦਾਅਵਾ ਕਰ ਰਹੀ ਹੈ ਜਦੋਂਕਿ ਦੂਜੇ ਪਾਸੇ ਮੰਗ ਕਰਨ ’ਤੇ ਵੀ ਮਗਨਰੇਗਾ ਮਜ਼ਦੂਰ ਨੂੰ ਕੰਮ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਕੁਰੜ ਤੇ ਲੋਹਗੜ੍ਹ ਦੇ ਮਜ਼ਦੂਰਾਂ ਵੱਲੋਂ ਕੰਮ ਲੈਣ ਲਈ ਬੀਡੀਪੀਓ ਦਫ਼ਤਰ ’ਚ ਅਰਜ਼ੀਆਂ ਦਿੱਤੇ ਜਾਣ ਦੇ ਬਾਵਜੂਦ ਕੰਮ ਨਹੀਂ ਦਿੱਤਾ ਗਿਆ ਜਦੋਂਕਿ ਪਿੰਡ ਸਹੌਰ ਤੇ ਗਾਗੇਵਾਲ ਦੇ ਮਜ਼ਦੂਰਾਂ ਨੂੰ ਤਾਂ ਚਾਲੂ ਸਾਲ ਦੌਰਾਨ ਅਜੇ ਤੱਕ ਕੋਈ ਖਾਸ ਕੰਮ ਮਿਲਿਆ ਹੀ ਨਹੀਂ। ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਨੂੰ ਕੰਮ ਦੇਣ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਰਨਾਲਾ ਨੂੰ ਲਿਖਤੀ ਤੌਰ ’ਤੇ ਮੰਗ ਪੱਤਰ ਵੀ ਦਿੱਤੇ ਜਾ ਚੁੱਕੇ ਹਨ ਪਰ ਅਜੇ ਤੱਕ ਕੰੰਮ ਨਹੀਂ ਮਿਲਿਆ। ਬੀਡੀਪੀਓ ਦਫ਼ਤਰ ਦੇ ਮੁਲਾਜ਼ਮਾਂ ਵੱਲੋਂ ਮਜ਼ਦੂਰਾਂ ਤੋਂ ਮੰਗ ਪੱਤਰ ਹਾਸਲ ਕੀਤਾ ਗਿਆ ਜਿਸ ਮਗਰੋਂ ਧਰਨਾ ਸਮਾਪਤ ਕਰ ਦਿੱਤਾ।