ਸੰਜੀਵ ਹਾਂਡਾ
ਫ਼ਿਰੋਜ਼ਪੁਰ, 30 ਜੁਲਾਈ
ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਵਿੱਚ ਸਥਿਤ ਸ਼ਰਾਬ ਫੈਕਟਰੀ ਦੇ ਬਾਹਰ ਲੱਗੇ ਧਰਨੇ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਧਰਨਾਕਾਰੀਆਂ ਨੂੰ ਧਰਨਾ ਫੈਕਟਰੀ ਤੋਂ ਤਿੰਨ ਸੌ ਮੀਟਰ ਦੂਰ ਜਾ ਕੇ ਲਾਉਣ ਦੀ ਹਦਾਇਤ ਕੀਤੀ ਹੈ। ਕੋਰਟ ਨੇ ਸਾਫ਼ ਸ਼ਬਦਾਂ ਵਿੱਚ ਹੁਕਮ ਦਿੱਤਾ ਹੈ ਕਿ ਉਹ ਫੈਕਟਰੀ ਦੇ ਅੰਦਰ ਜਾਣ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਨੂੰ ਨਾ ਰੋਕਣ। ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਲਈ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਨੂੰ ਪਾਬੰਦ ਕੀਤਾ ਗਿਆ ਹੈ। ਹਲਕਾ ਜ਼ੀਰਾ ਦੇ ਡੀਐੱਸਪੀ ਪਲਵਿੰਦਰ ਸਿੰਘ ਸੰਧੂ ਨੇ ਅੱਜ ਧਰਨਾਕਾਰੀਆਂ ਨੂੰ ਹਾਈ ਕੋਰਟ ਦੇ ਇਨ੍ਹਾਂ ਹੁਕਮਾਂ ਤੋਂ ਜਾਣੂ ਕਰਵਾ ਦਿੱਤਾ ਹੈ ਪਰ ਅਜੇ ਤੱਕ ਪ੍ਰਦਰਸ਼ਨਕਾਰੀ ਉੱਥੋਂ ਹਟੇ ਨਹੀਂ ਹਨ। ਜ਼ਿਕਰਯੋਗ ਹੈ ਕਿ ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਇਸ ਫੈਕਟਰੀ ਦਾ ਦੂਸ਼ਿਤ ਪਾਣੀ ਧਰਤੀ ਹੇਠਾਂ ਪਾਇਆ ਜਾ ਰਿਹਾ ਹੈ ਜਿਸ ਕਰ ਕੇ ਆਸਪਾਸ ਦੇ ਇਲਾਕੇ ਦਾ ਪਾਣੀ ਵੀ ਦੂਸ਼ਿਤ ਹੋ ਗਿਆ ਹੈ, ਜਿਸ ਕਾਰਨ ਫ਼ਸਲਾਂ ਦਾ ਨੁਕਸਾਨ ਹੋ ਰਿਹਾ ਹੈ ਅਤੇ ਲੋਕ ਗੰਭੀਰ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ। ਇਲਾਕਾ ਵਾਸੀ ਇਸ ਫੈਕਟਰੀ ਨੂੰ ਬੰਦ ਕਰਵਾਉਣ ਦੀ ਮੰਗ ਕਰ ਰਹੇ ਹਨ। ਕਈ ਕਿਸਾਨ ਜਥੇਬੰਦੀਆਂ ਦੇ ਆਗੂ ਪਿੰਡ ਵਾਸੀਆਂ ਦੀ ਹਮਾਇਤ ’ਚ ਉਤਰ ਆਏ ਹਨ ਅਤੇ ਪਿਛਲੇ ਇੱਕ ਹਫ਼ਤੇ ਤੋਂ ਇਸ ਫੈਕਟਰੀ ਦੇ ਬਾਹਰ ਧਰਨਾ ਲਾ ਕੇ ਬੈਠੇ ਹਨ। ਫੈਕਟਰੀ ਦਾ ਕੰਮ ਬਿਲਕੁਲ ਬੰਦ ਪਿਆ ਹੈ ਤੇ ਅੰਦਰ ਰਹਿਣ ਵਾਲੇ ਕਿਸੇ ਵੀ ਮੁਲਾਜ਼ਮ ਨੂੰ ਨਾ ਬਾਹਰ ਆਉਣ ਦਿੱਤਾ ਜਾ ਰਿਹਾ ਹੈ ਤੇ ਨਾ ਹੀ ਬਾਹਰੋਂ ਕਿਸੇ ਨੂੰ ਅੰਦਰ ਜਾਣ ਦਿੱਤਾ ਜਾ ਰਿਹਾ ਹੈ।
ਫੈਕਟਰੀ ਪ੍ਰਬੰਧਕ ਪ੍ਰਦਰਸ਼ਨਕਾਰੀਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਤਸੱਲੀ ਕਰਵਾ ਚੁੱਕੇ ਹਨ ਕਿ ਫੈਕਟਰੀ ਦਾ ਗੰਦਾ ਪਾਣੀ ਧਰਤੀ ਹੇਠਾਂ ਨਹੀਂ ਭੇਜਿਆ ਜਾ ਰਿਹਾ ਹੈ ਸਗੋਂ ਇਸ ਨੂੰ ਸ਼ੁੱਧ ਕਰ ਕੇ ਦੁਬਾਰਾ ਵਰਤੋਂ ਵਿੱਚ ਲਿਆਂਦਾ ਜਾ ਰਿਹਾ ਹੈ ਪਰ ਧਰਨਾਕਾਰੀ ਮੰਨਣ ਨੂੰ ਤਿਆਰ ਨਹੀਂ ਹਨ। ਭੂਮੀ ਸੁਰੱਖਿਆ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਫੈਕਟਰੀ ਅੰਦਰੋਂ ਕੁਝ ਸੈਂਪਲ ਵੀ ਭਰੇ ਗਏ ਹਨ ਜਿਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉੱਧਰ, ਫੈਕਟਰੀ ਦੇ ਜਨਰਲ ਮੈਨੇਜਰ ਪਵਨ ਬਾਂਸਲ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਅਜੇ ਵੀ ਧਰਨੇ ਤੋਂ ਉੱਠਣ ਲਈ ਤਿਆਰ ਨਹੀਂ ਹਨ। ਫ਼ੈਕਟਰੀ ਅੰਦਰ ਖਾਣ-ਪੀਣ ਦੀਆਂ ਵਸਤਾਂ ਖ਼ਤਮ ਹੋ ਗਈਆਂ ਹਨ ਤੇ ਅੰਦਰ ਰਹਿਣ ਵਾਲੇ ਮੁਲਾਜ਼ਮਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਧਰਨਾਕਾਰੀਆਂ ਨੂੰ ਮੁੜ ਗੱਲਬਾਤ ਦਾ ਸੱਦਾ ਦਿੱਤਾ ਹੈ।