ਡੀਆਈਜੀ ਵੱਲੋਂ ਤਿੰਨ ਜ਼ਿਲ੍ਹਿਆਂ ਦੇ ਐੱਸਐੱਸਪੀਜ਼ ਨਾਲ ਮੀਟਿੰਗ
ਸੰਜੀਵ ਹਾਂਡਾ
ਫ਼ਿਰੋਜ਼ਪੁਰ, 24 ਜੂਨ
ਫ਼ਿਰੋਜ਼ਪੁਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਵੱਲੋਂ ਅੱਜ ਫ਼ਾਜ਼ਿਲਕਾ, ਫ਼ਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਦੇ ਐੱਸਐੱਸਪੀਜ਼ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਏਜੰਡਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨਾ ਅਤੇ ਅਪਰਾਧਾਂ ’ਤੇ ਕਾਬੂ ਪਾਉਣ ਲਈ ਨਵੀ ਰਣਨੀਤੀ ਉਲੀਕਣਾ ਸੀ।
ਇਸ ਦੌਰਾਨ ਕਰਾਈਮ ਕੰਟਰੋਲ ਦੀਆਂ ਮੁੱਖ ਰਣਨੀਤੀ ਅਤੇ ਵਿਚਾਲੇ ਲਟਕ ਰਹੇ ਕੇਸਾਂ ਦੇ ਨਿਪਟਾਰੇ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਡੀਆਈਜੀ ਨੇ ਪੁਲੀਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਅਣਟਰੇਸ ਅਪਰਾਧਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਹੱਲ ਕਰਨ ਲਈ ਵਿਸ਼ੇਸ਼ ਯਤਨ ਕਰਨ। ਇਸ ਤੋਂ ਇਲਾਵਾ ਐੱਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਦਰਜ ਕੇਸਾਂ ਵਿੱਚ ਸਖ਼ਤ ਕਾਰਵਾਈ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਗਿਆ।
ਡੀਆਈਜੀ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਨੂੰ ਸਫਲ ਬਣਾਉਣ ਲਈ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਐੱਸਐੱਸਪੀਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਅਧੀਨ ਆਉਂਦੇ ਖੇਤਰਾਂ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਨਸ਼ੇ ਦੀ ਸਪਲਾਈ ਚੇਨ ਨੂੰ ਤੋੜਨ ਲਈ ਕੋਈ ਕਸਰ ਬਾਕੀ ਨਾ ਛੱਡਣ। ਇਸ ਦੌਰਾਨ ਕੇਸਾਂ ਦੀ ਪੈਂਡੈਂਸੀ ਨੂੰ ਘਟਾਉਣ ਲਈ ਵੀ ਵਿਸ਼ੇਸ਼ ਤੌਰ ’ਤੇ ਚਰਚਾ ਕੀਤੀ ਗਈ। ਡੀਆਈਜੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜਾਂਚ ਅਧੀਨ ਕੇਸਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਅਤੇ ਅਦਾਲਤਾਂ ਵਿੱਚ ਸਮੇਂ ਸਿਰ ਚਲਾਨ ਪੇਸ਼ ਕਰਨ ਨੂੰ ਯਕੀਨੀ ਬਣਾਉਣ। ਇਸ ਨਾਲ ਨਾ ਸਿਰਫ ਨਿਆਂ ਪ੍ਰਣਾਲੀ ਵਿੱਚ ਤੇਜ਼ੀ ਆਵੇਗੀ ਬਲਕਿ ਲੋਕਾਂ ਦਾ ਪੁਲਿਸ ਪ੍ਰਸ਼ਾਸਨ 'ਤੇ ਭਰੋਸਾ ਵੀ ਵਧੇਗਾ। ਇਸ ਮੀਟਿੰਗ ਵਿੱਚ ਅਣਟਰੇਸ ਅਪਰਾਧਾਂ ਦੇ ਖੁਲਾਸੇ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕਰਨ ਅਤੇ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨ 'ਤੇ ਵੀ ਜ਼ੋਰ ਦਿੱਤਾ ਗਿਆ। ਡੀਆਈਜੀ ਨੇ ਕਿਹਾ ਕਿ ਅਜਿਹੇ ਅਪਰਾਧਾਂ ਦੇ ਹੱਲ ਨਾਲ ਅਪਰਾਧੀਆਂ ਵਿੱਚ ਡਰ ਪੈਦਾ ਹੋਵੇਗਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਵਧੇਗੀ। ਡੀਆਈਜੀ ਨੇ ਸਾਰੇ ਐੱਸਐੱਸਪੀਜ਼ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਉਹ ਆਪਣੇ ਅਧੀਨ ਸਟਾਫ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਲੋਕਾਂ ਨੂੰ ਇੱਕ ਸੁਰੱਖਿਅਤ ਅਤੇ ਸ਼ਾਂਤੀਪੂਰਨ ਮਾਹੌਲ ਪ੍ਰਦਾਨ ਕੀਤਾ ਜਾ ਸਕੇ।