ਪੱਤਰ ਪ੍ਰੇਰਕ
ਮਾਨਸਾ, 21 ਜੂਨ
ਇਥੇ ਅੰਗਹੀਣ ਭਾਈਚਾਰੇ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਮਾਰੂ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟਾਇਆ ਹੈ।
ਫ਼ਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਵਿਨਾਸ਼ ਸ਼ਰਮਾ, ਅਮ੍ਰਿਤਪਾਲ ਮੁਕਤਸਰੀਆ ਅਤੇ ਪਾਲਾ ਸਿੰਘ ਮੌੜ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਰਾਜ ਸਰਕਾਰਾਂ ਅੰਗਹੀਣ ਵਰਗ ਦੇ ਲੋਕਾਂ ਦੀ ਕੋਈ ਫਰਿਆਦ ਸੁਣਨ ਨੂੰ ਤਿਆਰ ਨਹੀਂ ਹਨ, ਜਿਸ ਕਰ ਕੇ ਪੀਡਬਲਯੂਡੀ ਐਕਟ 2016 ਨੂੰ ਇੰਨਬਿੰਨ ਲਾਗੂ ਕਰਨ, ਪ੍ਰਤੀ ਪਰਿਵਾਰ 10 ਹਜ਼ਾਰ ਰੁਪਏ ਰਿਲੀਫ ਫੰਡ ਮੁਹੱਈਆ ਕਰਨ, ਬਿਜਲੀ ਬਿੱਲ ਮੁਆਫ਼ ਕਰਨ ਤੋਂ ਇਲਾਵਾ ਅੰਗਹੀਣ ਅਤੇ ਉਨ੍ਹਾਂ ਦੇ ਬੱਚਿਆਂ ਦੀ ਨਿੱਜੀ ਸਕੂਲਾਂ ’ਚ 6 ਮਹੀਨਿਆਂ ਦੀ ਮਾਹਵਾਰ ਫੀਸ ਮੁਆਫ਼ ਕੀਤੇ ਜਾਣ ਦੀਆਂ ਮੰਗਾਂ ਸਬੰਧੀ ਅੱਜ ਪੂਰੇ ਦੇਸ਼ ਦੇ ਅੰਗਹੀਣਾਂ ਨੇ ਕੇਂਦਰ ਅਤੇ ਰਾਜ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ ਗਿਆ ਹੈ। ਉਨ੍ਹਾਂ ਕੇਂਦਰ ਅਤੇ ਰਾਜ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਹੁਣ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਹ ਆਉਣ ਵਾਲੇ ਕੁਝ ਦਿਨਾਂ ਅੰਦਰ ਹੀ ਅਰਥੀ ਫੂਕ ਮੁਜ਼ਾਹਰੇ ਕਰਨ ਲਈ ਮਜਬੂਰ ਹੋਣਗੇ।