ਬਿਜਲੀ ਸੋਧ ਤੇ ਬੀਜ ਬਿੱਲਾਂ ਬਾਰੇ ਚਰਚਾ ਕੀਤੀ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਇੱਥੇ ਤਰਕਸ਼ੀਲ ਭਵਨ ਵਿੱਚ ਹੋਈ। ਮੀਟਿੰਗ ਵਿੱਚ ਸੂਬਾ ਕਮੇਟੀ ਤੋਂ ਇਲਾਵਾ 14 ਜ਼ਿਲ੍ਹਿਆਂ ਦੇ ਆਗੂਆਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਬਿਜਲੀ ਸੋਧ ਬਿੱਲ 2025, ਬੀਜ ਬਿੱਲ 2025 ਅਤੇ ਚਾਰ ਲੇਬਰ ਕੋਡਜ਼ ਸਬੰਧੀ ਵਿਚਾਰ ਚਰਚਾ ਕੀਤੀ ਗਈ। ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ, ਸੰਯੁਕਤ ਕਿਸਾਨ ਮੋਰਚੇ ਨਾਲ ਦਿੱਲੀ ਦੇ ਇਤਿਹਾਸਕ ਕਿਸਾਨ ਘੋਲ ਸਮੇਂ ਕੀਤੇ ਗਏ ਵਾਅਦਿਆਂ ਨੂੰ ਉਲੰਘ ਕੇ, ਬਿਜਲੀ ਸੋਧ ਬਿੱਲ 2025 ਪਾਰਲੀਮੈਂਟ ਦੇ ਸਰਦ ਰੁੱਤ ਸੈਸ਼ਨ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਇਸ ਦੇ ਖ਼ਿਲਾਫ਼ ਅੱਜ ਤੱਕ ਇੱਕ ਬਿਆਨ ਵੀ ਜਾਰੀ ਨਹੀਂ ਕੀਤਾ ਗਿਆ, ਜਦ ਕਿ ਕੇਂਦਰ ਵੱਲੋਂ ਰਾਜਾਂ ਨੂੰ ਆਪਣਾ ਪੱਖ ਰੱਖਣ ਲਈ ਦੂਸਰੀ ਵਾਰ ਦਿੱਤੀ ਗਈ ਸਮਾਂ ਸੀਮਾ 29 ਨਵੰਬਰ ਵੀ ਲੰਘ ਗਈ ਹੈ। ਜਿਸ ਤੋਂ ਪਤਾ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਵੀ ਇਸ ਸੋਧ ਬਿੱਲ ਨੂੰ ਪਾਸ ਕਰਨ ਦੇ ਹੱਕ ਵਿੱਚ ਹੈ। ਉਨ੍ਹਾਂ ਕਿਹਾ ਕਿ ਜੇ ਅਜਿਹਾ ਹੋ ਜਾਂਦਾ ਹੈ ਤਾਂ ਕਰਾਸ ਸਬਸਿਡੀ ਖ਼ਤਮ ਕਰਕੇ ਗਰੀਬਾਂ ਅਤੇ ਕਿਸਾਨਾਂ ਨੂੰ ਸਬਸਿਡੀ ’ਤੇ ਮਿਲਣ ਵਾਲੀ ਬਿਜਲੀ ਦਾ ਭੋਗ ਪਾ ਦਿੱਤਾ ਜਾਵੇਗਾ। ਵੰਡ ਖੇਤਰ ਵਿੱਚ ਕਾਰਪੋਰੇਟ ਘਰਾਣਿਆਂ ਦਾ ਦਾਖਲਾ ਅਤੇ ਗਰੀਬ ਅਮੀਰ ਨੂੰ ਇੱਕੋ ਰੇਟ ’ਤੇ ਮਹਿੰਗੀ ਬਿਜਲੀ ਦੇਣ ਨਾਲ ਆਮ ਲੋਕਾਈ ਨੂੰ ਬਿਜਲੀ ਮਹਿੰਗੀ ਮਿਲੇਗੀ। ਉਨ੍ਹਾਂ ਕਿਹਾ ਕਿ ਸੋਧ ਬਿੱਲ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਪੂਰੇ ਭਾਰਤ ਵਿੱਚ ਡਟਵੀਂ ਲੜਾਈ ਲੜੇਗਾ। ਇਸੇ ਤਹਿਤ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 8 ਦਸੰਬਰ ਨੂੰ ਸਾਰੇ ਪੰਜਾਬ ਵਿੱਚ ਪਾਵਰਕੌਮ ਦੇ ਸਬ ਡਿਵੀਜ਼ਨ ਦਫ਼ਤਰਾਂ ਤੇ ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਦੇ ਸਹਿਯੋਗ ਨਾਲ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਤੇ ਭਾਕਿਯੂ ਏਕਤਾ ਡਕੌਂਦਾ ਇਸ ਵਿਰੋਧ ਪ੍ਰੋਗਰਾਮ ਵਿੱਚ ਪੂਰੇ ਜ਼ੋਰ ਸ਼ੋਰ ਨਾਲ ਸ਼ਮੂਲੀਅਤ ਕਰੇਗੀ।
ਮੀਟਿੰਗ ਨੇ ਮਜ਼ਦੂਰਾਂ ਦੀ ਦਿਹਾੜੀ ਅੱਠ ਘੰਟੇ ਤੋਂ ਵਧਾ ਕੇ ਬਾਰਾਂ ਘੰਟੇ ਕਰਨ ਅਤੇ ਕਿਰਤ ਕਾਨੂੰਨਾਂ ਨੂੰ ਰੱਦ ਕਰ ਕੇ ਚਾਰ ਲੇਬਰ ਕੋਡਜ਼ ਬਣਾਉਣ ਦੀ ਨਿਖੇਧੀ ਕਰਦਿਆਂ ਇਹਨਾਂ ਨੂੰ ਮਜ਼ਦੂਰ ਵਿਰੋਧੀ ਅਤੇ ਕਾਰਪੋਰੇਟ ਪੱਖੀ ਕਰਾਰ ਦਿੱਤਾ। ਜਥੇਬੰਦੀ ਇਹਨਾਂ ਲੇਬਰ ਕੋਡਜ਼ ਦੇ ਖ਼ਿਲਾਫ਼ ਲੜਾਈ ਵਿੱਚ ਮਜ਼ਦੂਰ ਜਥੇਬੰਦੀਆਂ ਦਾ ਡਟ ਕੇ ਸਾਥ ਦੇਵੇਗੀ।
ਮੀਟਿੰਗ ਦੌਰਾਨ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਨੂੰ ਜਾਰੀ ਰੱਖਣ ਦਾ ਫ਼ੈਸਲਾ ਵੀ ਕੀਤਾ ਗਿਆ ਹੈ। ਇਸ ਵਾਸਤੇ ਛੋਟੇ ਅਤੇ ਬੇਜ਼ਮੀਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਪਹਿਲ ਦਿੱਤੀ ਜਾਵੇਗੀ।
ਮੀਟਿੰਗ ਵਿੱਚ ਖਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ, ਸੂਬਾ ਜਥੇਬੰਦਕ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ, ਪ੍ਰੈਸ ਸਕੱਤਰ ਅੰਗਰੇਜ਼ ਸਿੰਘ ਭਦੌੜ, ਗੁਰਦੀਪ ਸਿੰਘ ਖੁੱਡੀਆ ਹਾਜ਼ਰ ਸਨ।
