ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 12 ਜਨਵਰੀ
ਵਿਧਾਨ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲੱਗਣ ਮਗਰੋਂ ਜ਼ਿਲ੍ਹਾ ਪੁਲੀਸ ਨੇ ਪਰਚਿਆਂ ਦੀ ਝੜੀ ਲਗਾ ਦਿੱਤੀ ਹੈ। ਜ਼ਿਲ੍ਹਾ ਪੁਲੀਸ ਨੇ ਵੱਖ-ਵੱਖ ਥਾਵਾਂ ‘ਤੇ ਛਾਪੇ ਮਾਰ ਕੇ 11 ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਸੂਚਨਾ ਅਨੁਸਾਰ ਪੁਲੀਸ ਨੇ ਪਿੰਡ ਘੋਨੀਵਾਲਾ ਦੇ ਵਸਨੀਕ ਗੁਰਜੀਤ ਸਿੰਘ ਕੋਲੋਂ 8 ਬੋਤਲਾਂ, ਜੱਜ ਸਿੰਘ ਵਾਸੀ ਸਾਦਿਕ ਕੋਲੋਂ 7 ਬੋਤਲਾਂ, ਬੌਬੀ ਕੁਮਾਰ ਕੋਲੋਂ 9 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਫ਼ਰੀਦਕੋਟ ਸ਼ਹਿਰ ਵਿੱਚੋਂ ਸੇਮਨਾਲੇ ਕੋਲੋਂ 160 ਲੀਟਰ ਲਾਹਣ ਬਰਾਮਦ ਹੋਈ ਹੈ। ਪੁਲੀਸ ਇਸ ਮਾਮਲੇ ’ਚ ਮੁਲਜ਼ਮਾਂ ਦੀ ਸ਼ਨਾਖਤ ਨਹੀਂ ਕਰ ਸਕੀ। ਸਦਰ ਪੁਲੀਸ ਫਰੀਦਕੋਟ ਨੇ ਕਿਲ੍ਹਾ ਨੌਂ ਦੇ ਵਸਨੀਕ ਬਲਵਿੰਦਰ ਸਿੰਘ ਕੋਲੋਂ 9 ਬੋਤਲਾਂ ਅਤੇ ਪਿੰਡ ਬੁੱਟਰ ਦੇ ਵਸਨੀਕ ਸੁਖਮੰਦਰ ਸਿੰਘ ਕੋਲੋਂ 25 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਪਿੰਡ ਬਰਗਾੜੀ ਵਿੱਚੋਂ ਹਰਪ੍ਰੀਤ ਸਿੰਘ, ਅਮਨਦੀਪ ਸਿੰਘ ਅਤੇ ਗੁਰਤੇਜ ਸਿੰਘ ਨਾਮ ਦੇ ਵਿਅਕਤੀਆਂ ਕੋਲੋਂ 70 ਬੋਤਲਾਂ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਤੋਂ ਇਲਾਵਾ ਪੁਲੀਸ ਨੇ ਜ਼ਿਲ੍ਹੇ ਭਰ ਵਿੱਚੋਂ ਨਸ਼ੀਲੀਆਂ ਗੋਲੀਆਂ ਸਮੇਤ ਵੀ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਲ੍ਹਾ ਪੁਲੀਸ ਮੁਖੀ ਵਰੁਣ ਸ਼ਰਮਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਵਿੱਚ ਮੁਕੰਮਲ ਤੌਰ ’ਤੇ ਚੌਕਸੀ ਵਰਤੀ ਜਾ ਰਹੀ ਹੈੈ।