ਚੀਫ ਜੁਡੀਸ਼ਲ ਮੈਜਿਸਟਰ੍ਰੇਟ ਨੇ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ
ਫ਼ਿਰੋਜ਼ਪੁਰ ਦੇ ਚੀਫ ਜੁਡੀਸ਼ਲ ਮੈਜਿਸਟਰ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਧਾਰਿਟੀ ਅਨੁਰਾਧਾ ਨੇ ਆਪਣੀ ਟੀਮ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਆਖਿਆ ਕਿ ਅੱਜ ਪਿੰਡ ਗੱਟੀ ਰਾਜੋ ਕੇ ਵਿੱਚ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡਣ ਲਈ ਟਰਾਲੀ ਭਰ ਕੇ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਜ਼ਿੰਦਗੀ ਲੀਹੋ ਲੱਥ ਗਈ ਹੈ। ਇਸ ਲਈ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਵਿੱਤੀ ਹਾਲਤ ਸੁਧਾਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਣੀ ਘਟਨਾ ਸ਼ੁਰੂ ਹੋ ਗਿਆ ਹੈ ਅਤੇ ਹੌਲੀ ਹੌਲੀ ਹੜ੍ਹ ਪੀੜਤਾਂ ਨੂੰ ਸਮੱਸਿਆਵਾਂ ਤੋਂ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੀਆਂ ਹਦਾਇਤਾਂ ਅਨੁਸਾਰ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਾਣੀ ਉਤਰਨ ਤੋਂ ਬਾਅਦ ਵੀ ਲੋਕਾਂ ਦੀ ਮਦਦ ਕਰਨ ਲਈ ਐਕਸ਼ਨ ਪਲੈਨ ਤਿਆਰ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਭਵਿੱਖ ਵਿੱਚ ਹੋਰ ਵੀ ਵੱਡੇ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਪੰਜਾਬ ਅਤੇ ਪੰਜਾਬ ਤੋਂ ਬਾਹਰੋਂ ਆਈਆਂ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਔਖੇ ਸਮੇਂ ਵਿੱਚ ਅਜਿਹੀਆਂ ਸੰਸਥਾਵਾਂ ਦਾ ਬਹੁਤ ਵੱਡਾ ਯੋਗਦਾਨ ਹੈ, ਜਿਨ੍ਹਾਂ ਕਰਕੇ ਸਥਾਨਕ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਤੋਂ ਕੁਝ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਦਾਨੀ ਸੰਸਥਾਵਾਂ ਦੇ ਯਤਨ ਕਰ ਕੇ ਹੀ ਲੋਕਾਂ ਨੂੰ ਪਸ਼ੂਆਂ ਲਈ ਹਰਿਆ ਚਾਰਾ ਫੀਡ ਅਤੇ ਆਮ ਲੋਕਾਂ ਲਈ ਖਾਣ ਪੀਣ ਦਾ ਰਾਸ਼ਨ ਮੁਹੱਈਆ ਹੋ ਸਕਿਆ ਹੈ।