ਜੋਗਿੰਦਰ ਸਿੰਘ ਮਾਨ
ਮਾਨਸਾ, 19 ਅਕਤੂਬਰ
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ ਵਿਦਿਆਰਥੀ ਜਥੇਬੰਦੀ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ ਵਿੱਚ ਕਾਲਜ ਗੇਟ ਅੱਗੇ ਬੱਸ ਨਾ ਰੁਕਣ ਕਾਰਨ ਰੋਸ ਰੈਲੀ ਕੀਤੀ ਗਈ, ਜਿਸ ਦੌਰਾਨ ਆਇਸਾ ਆਗੂ ਸਮੇਤ ਕਾਲਜ ਵਿਦਿਆਰਥੀਆਂ ਨੇ ਬੱਸ ਰੋਕਕੇ ਕਾਲਜ ਦੇ ਗੇਟ ਅੱਗੇ ਵਿਦਿਆਰਥੀਆਂ ਨੂੰ ਉਤਾਰਨ ਅਤੇ ਲਿਜਾਣ ਲਈ ਕਿਹਾ ਗਿਆ। ਜਥੇਬੰਦੀ ਦੇ ਸੂਬਾ ਪ੍ਰਧਾਨ ਪ੍ਰਦੀਪ ਗੁਰੂ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਸਿੱਖਿਆ ਨੂੰ ਨਿੱਜੀ ਹੱਥਾਂ ਵਿੱਚ ਦੇ ਕੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਤੋਂ ਵਾਂਝਾ ਕਰਨ ਦੀਆਂ ਚਾਲਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਸਰਕਾਰੀ ਕਾਲਜਾਂ ਅੰਦਰ ਪੜ੍ਹਦੇ ਵਿਦਿਆਰਥੀਆਂ ਨੂੰ ਕਾਲਜਾਂ ਤੱਕ ਪਹੁੰਚਣ ਲਈ ਕਿੰਨੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਦੀ ਉਦਾਹਰਨ ਵਿਦਿਆਰਥੀਆਂ ਨੂੰ ਕਾਲਜਾਂ ਦੇ ਗੇਟਾਂ ਅੱਗੇ ਸਰਕਾਰੀ ਅਤੇ ਗੈਰ-ਸਰਕਾਰੀ ਬੱਸਾਂ ਨਾ ਰੁਕਣ ਕਾਰਨ ਬਹੁਤ ਖੱਜਲ-ਖ਼ੁਆਰੀ ਹੋ ਰਹੀ ਹੈ ਅਤੇ ਕਾਫ਼ੀ ਲੰਬੇ ਸਮੇਂ ਤੋਂ ਕਾਲਜ ਅੰਦਰ ਵਿਦਿਆਰਥੀਆਂ ਨੂੰ ਪੀਣ ਵਾਲਾ ਪਾਣੀ ਵੀ ਸਹੀ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਪਾਣੀ ਦੀਆਂ ਟੈਂਕੀਆਂ ਬਿਨਾਂ ਢੱਕਣਾ ਤੋਂ ਹਨ, ਜਿਨ੍ਹਾਂ ਵਿੱਚ ਕਿਰਲੀਆਂ, ਕਬੂਤਰਾਂ ਦੇ ਖੰਭ, ਮਰੇ ਹੋਏ ਕਾਕਰੋਚ ਪਏ ਹਨ ਅਤੇ ਕਾਫ਼ੀ ਲੰਮੇ ਸਮੇਂ ਤੋਂ ਕਾਲਜ ਅੰਦਰ ਲੱਗੇ ਹੋਏ ਪਾਣੀ ਵਾਲੇ ਫਿਲਟਰ ਦੀ ਸਰਵਿਸ ਨਹੀਂ ਕਰਵਾਈ ਗਈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਹਨਾਂ ਪ੍ਰਾਈਵੇਟ ਬੱਸ ਮਾਲਕਾਂ ਅਤੇ ਸਰਕਾਰੀ ਬੱਸਾਂ ਦੇ ਡਿਪੂ ਇੰਚਾਰਜ ਨੂੰ ਹਦਾਇਤਾਂ ਕਰਕੇ ਕਾਲਜ ਅੱਗੇ ਬੱਸ ਰੁਕਣੀਆਂ ਲਾਜ਼ਮੀ ਕੀਤੀਆਂ ਜਾਣ ਅਤੇ ਸਾਫ਼-ਪੀਣ ਵਾਲੇ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਤਾਂ ਜਥੇਬੰਦੀ ਵੱਲੋਂ ਸੰਘਰਸ਼ ਤੇਜ਼ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਨੰਦਗੜ, ਅਰਸ਼ ਬੱਪੀਆਣਾ ਤੇ ਹੋਰ ਹਾਜ਼ਰ ਸਨ।