Drug Free Punjab: ਨਸ਼ਿਆਂ ਖ਼ਿਲਾਫ਼ ਸਭ ਦੇ ਸਹਿਯੋਗ ਦੀ ਲੋੜ: ਖੁੱਡੀਆਂ
ਮੰਤਰੀ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਨਜ਼ਰਸਾਨੀ
ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪਸ਼ੂ ਪਾਲਣ ਤੇ ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ, ਜ਼ਿਲ੍ਹਾ, ਹਲਕਾ ਤੇ ਬਲਾਕ ਕੋਆਰਡੀਨੇਟਰਾਂ ਤੇ ਵਾਲੰਟੀਅਰਾਂ ਦੇ ਨਾਲ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਵਿਧਾਇਕ ਰਣਬੀਰ ਭੁੱਲਰ, ਵਿਧਾਇਕ ਰਜਨੀਸ਼ ਕੁਮਾਰ ਦਹੀਆ, ਵਿਧਾਇਕ ਫੌਜਾ ਸਿੰਘ ਸਰਾਰੀ, ਐੱਸ ਐੱਸ ਪੀ ਭੁਪਿੰਦਰ ਸਿੰਘ ਸਿੱਧੂ, ਏ ਡੀ ਸੀ (ਵਿਕਾਸ) ਕ੍ਰਿਸ਼ਨਾ ਪਾਲ ਰਾਜਪੂਤ, ਨਸ਼ਾ ਮੁਕਤੀ ਮੋਰਚਾ ਦੇ ਮਾਲਵਾ ਜ਼ੋਨ ਦੇ ਵਾਈਸ ਕੁਆਰਡੀਨੇਟਰ ਗੁਰਪ੍ਰੀਤ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਹਰਜਿੰਦਰ ਸਿੰਘ (ਕਾਕਾ ਸਰਾਂ) ਮੌਜੂਦ ਰਹੇ।
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, ‘‘ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਜੰਗ ਵਿੱਚ ਅਸੀਂ ਸਾਰਿਆਂ ਨੇ ਮਿਲ ਕੇ ਇਸ ਬੁਰਾਈ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਲੜਾਈ ਲੜਨੀ ਹੈ। ਨਸ਼ਾ ਤਸਕਰੀ ਵਿੱਚ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਹ ਬਖ਼ਸ਼ਿਆ ਨਹੀਂ ਜਾਵੇਗਾ। ਨਸ਼ਿਆਂ ਵਿਰੁੱਧ ਲੜਾਈ ਪੂਰੇ ਸਮਾਜ ਦੀ ਜ਼ਿੰਮੇਵਾਰੀ ਹੈ।’’ ਉਨ੍ਹਾਂ ਇਸ ਮੁਹਿੰਮ ਨਾਲ ਜੁੜੇ ਕੋਆਰਡੀਨੇਟਰਾਂ, ਹਲਕਾ ਇੰਚਾਰਜਾਂ ਸਮੇਤ ਸਿਵਲ ਤੇ ਪੁਲੀਸ ਅਧਿਕਾਰੀਆਂ ਦੇ ਕੰਮ ਦੀ ਸ਼ਲਾਘਾ ਕੀਤੀ ਤੇ ਇਹ ਮੁਹਿੰਮ ਹੋਰ ਤੇਜ਼ ਕਰਨ ਲਈ ਦੀ ਅਪੀਲ ਵੀ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਾ ਵੇਚਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਨੇ ਜ਼ਿਲ੍ਹਾ ਪੁਲੀਸ ਮੁਖੀ ਨੂੰ ਨਸ਼ਾ ਵਰਤੋਂ ਕਰਨ ਵਾਲੇ ਪਿੰਡਾਂ ਦੀ ਸ਼ਨਾਖਤ ਕਰ ਕੇ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

